ਸਤਵਿੰਦਰ ਬਸਰਾ
ਲੁਧਿਆਣਾ, 19 ਸਤੰਬਰ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿੱਚ ਕੰਮ ਕਰਦੇ ਨਾਨ-ਟੀਚਿੰਗ ਮੁਲਾਜ਼ਮਾਂ ਨੇ ਛੇਵੇਂ ਪੇਅ ਕਮਿਸ਼ਨ ਅਨੁਸਾਰ ਤਨਖ਼ਾਹ ਦੇਣ ਦੀ ਮੰਗ ਲਈ ਅੱਜ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਨਾਨ-ਟੀਚਿੰਗ ਮੁਲਾਜ਼ਮ ਅਤੇ ਪੈਨਸ਼ਨਰ ਪਹੁੰਚੇ ਹੋਏ ਸਨ।
ਇਕੱਠ ਨੂੰ ਸੰਬੋਧਨ ਕਰਦਿਆਂ ਨਾਨ-ਟੀਚਿੰਗ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਦੀਦਾਰ ਸਿੰਘ, ਜਨਰਲ ਸਕੱਤਰ ਹਰਪ੍ਰੀਤ ਚੁੰਬਰ ਅਤੇ ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਛੇਵੇਂ ਪੇਅ ਕਮਿਸ਼ਨ ਅਨੁਸਾਰ ਤਨਖ਼ਾਹਾਂ ਲਈ ਪਿਛਲੇ ਸੱਤ ਮਹੀਨਿਆਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ ਨਾ ਤਾਂ ’ਵਰਸਿਟੀ ਪ੍ਰਸ਼ਾਸਨ ਅਤੇ ਨਾ ਪੰਜਾਬ ਸਰਕਾਰ ਵੱਲੋਂ ਇਸ ਪਾਸੇ ਕੋਈ ਧਿਆਨ ਦਿੱਤਾ ਗਿਆ ਹੈ। ਇਸ ਲਈ ਮਜਬੂਰ ਹੋ ਕਿ ਅੱਜ ਉਨ੍ਹਾਂ ਨੂੰ ’ਵਰਸਿਟੀ ਦੇ ਮੁੱਖ ਗੇਟ ਅੱਗੇ ਪੱਕੇ ਤੌਰ ’ਤੇ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰਨਾ ਪਿਆ ਹੈ। ਆਗੂਆਂ ਨੇ ਕਿਹਾ ਕਿ ਪੀਏਯੂ ਅਤੇ ਹੋਰ ਸਰਕਾਰੀ ਅਦਾਰਿਆਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਤਨਖ਼ਾਹ ਅਤੇ ਏਰੀਅਰ ਮਿਲ ਚੁੱਕਾ ਹੈ ਪਰ ਗਡਵਾਸੂ ਦੇ ਮੁਲਾਜ਼ਮਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ।
ਦੂਜੇ ਪਾਸੇ, ਇਨ੍ਹਾਂ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਵਿਧਾਇਕ ਗੁਰਪ੍ਰੀਤ ਗੋਗੀ ਨੇ ਭਰੋਸਾ ਦਿੱਤਾ ਹੈ ਕਿ ਉਹ ਖ਼ੁਦ ਧਰਨਾ ਸਥਾਨ ’ਤੇ ਪਹੁੰਚਣਗੇ ਅਤੇ ਯੂਨੀਵਰਸਿਟੀ ਅਥਾਰਟੀ ਅਤੇ ਪੰਜਾਬ ਸਰਕਾਰ ਦੇ ਸਬੰਧਤ ਵਿਭਾਗ ਦੇ ਮੰਤਰੀ ਨਾਲ ਮੁਲਾਕਾਤ ਕਰ ਕੇ ਇਸ ਮਸਲੇ ਦਾ ਹੱਲ ਕਰਵਾਉਣਗੇ। ਮੁਲਾਜ਼ਮਾਂ ਨੇ ਸਰਕਾਰ ਅਤੇ ’ਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।