ਗੁਰੂਸਰ ਸੁਧਾਰ (ਸੰਤੋਖ ਗਿੱਲ): ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਅੱਜ ਵਰ੍ਹਦੇ ਮੀਂਹ ਵਿਚ ਵੀ ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਪੱਕੇ ਮੋਰਚੇ ਉੱਪਰ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਜਮਹੂਰੀ ਕਿਸਾਨ ਸਭਾ ਦੇ ਆਗੂਆਂ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋਂ, ਅਮਰੀਕ ਸਿੰਘ ਜੜਤੌਲੀ ਅਤੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਸ਼ੱਕ ਜ਼ਾਹਿਰ ਕੀਤਾ ਹੈ ਕਿ ਅਡਾਨੀਆਂ ਦੀ ਕਿਲ੍ਹਾ ਰਾਏਪੁਰ ਵਾਲੀ ਖ਼ੁਸ਼ਕ ਬੰਦਰਗਾਹ ਵਿਚ ਵੀ ਕੁੱਝ ਅਜਿਹੇ ਕੰਟੇਨਰ ਪਏ ਹਨ, ਜਿਨ੍ਹਾਂ ਨੂੰ ਕਸਟਮ ਵਿਭਾਗ ਨੇ ਹਾਲੇ ਤੱਕ ਹਰੀ ਝੰਡੀ ਨਹੀਂ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਦੀ ਮਾਮਲੇ ਦੀ ਵੀ ਉੱਚ ਪੱਧਰੀ ਜਾਂਚ ਕੀਤੀ ਜਾਵੇ। ਆਗੂਆਂ ਨੇ ਜਾਂਚ ਰਿਪੋਰਟ ਨੂੰ ਜਨਤਕ ਕਰਨ ਦੀ ਵੀ ਮੰਗ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਗੁਜਰਾਤ ਵਿਚ ਅਡਾਨੀਆਂ ਦੀ ‘ਮੁੰਦਰਾ’ ਬੰਦਰਗਾਹ ਤੋਂ 20 ਹਜ਼ਾਰ ਕਰੋੜ ਰੁਪਏ ਮੁੱਲ ਦੀ ਹੈਰੋਇਨ ਦੀ ਵੱਡੀ ਖੇਪ ਫੜੇ ਜਾਣ ਤੋਂ ਬਾਅਦ ਯਕੀਨ ਹੋ ਗਿਆ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣੇ ਮਿਲ ਕੇ ਦੇਸ਼ ਦੇ ਲੋਕਾਂ ਨੂੰ ਆਪਣੇ ਗ਼ੁਲਾਮ ਬਣਾਉਣਾ ਚਾਹੁੰਦੇ ਹਨ। ਇਸ ਮੌਕੇ ਗੁਲਜ਼ਾਰ ਸਿੰਘ, ਨਛੱਤਰ ਸਿੰਘ, ਦਵਿੰਦਰ ਸਿੰਘ, ਮੋਹਣਜੀਤ ਸਿੰਘ, ਭੁਪਿੰਦਰ ਸਿੰਘ ਹਾਜ਼ਰ ਸਨ।