ਸੰਤੋਖ ਗਿੱਲ
ਗੁਰੂਸਰ ਸੁਧਾਰ, 20 ਜੁਲਾਈ
ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਵਿਵਾਦਿਤ ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਹਕੂਮਤ ਵਿਰੁੱਧ ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਵਰ੍ਹਦੇ ਮੀਂਹ ਦੌਰਾਨ ਵੀ ਧਰਨਾ ਜਾਰੀ ਰਿਹਾ। ਰਜਿੰਦਰ ਕੌਰ, ਮਹਿੰਦਰ ਕੌਰ ਅਤੇ ਸੁਖਦੀਪ ਕੌਰ ਦੀ ਅਗਵਾਈ ਵਿਚ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਵਿਵਾਦਿਤ ਖੇਤੀ ਕਾਨੂੰਨ ਵਾਪਸ ਲੈਣ ਅਤੇ ਸਾਰੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦਾ ਕਾਨੂੰਨ ਬਣਾਉਣ ਦਾ ਐਲਾਨ ਦੇਸ਼ ਦੀ ਸੰਸਦ ਵਿਚ ਕਰਨਾ ਚਾਹੀਦਾ ਹੈ।
ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਕਿਸਾਨ ਵੀ ਆਪਣੀ ਸਮਾਨ-ਅੰਤਰ ਸੰਸਦ ਚਲਾਉਣਗੇ ਅਤੇ ਦੇਸ਼ ਭਰ ਵਿਚ ਚੱਲਦੇ ਪੱਕੇ ਮੋਰਚਿਆਂ ਵਿਚ ਵੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ।
ਇਸ ਮੌਕੇ ਜਨਵਾਦੀ ਇਸਤਰੀ ਸਭਾ ਦੀ ਆਗੂ ਸੁਖਵਿੰਦਰ ਕੌਰ, ਜਸਪ੍ਰੀਤ ਕੌਰ, ਕੁਲਜੀਤ ਕੌਰ ਗਰੇਵਾਲ, ਕਿਸਾਨ ਆਗੂ ਅਮਰੀਕ ਸਿੰਘ ਜੜਤੌਲੀ, ਸੁਰਜੀਤ ਸਿੰਘ ਸੀਲੋਂ ਨੇ ਵੀ ਸੰਬੋਧਨ ਕੀਤਾ।
ਪੈਗਾਸਸ ਜਾਸੂਸੀ ਮਾਮਲਾ ਮੋਦੀ ਹਕੂਮਤ ’ਤੇ ਇਕ ਹੋਰ ਦਾਗ਼ ਕਰਾਰ
ਜਗਰਾਉਂ (ਜਸਬੀਰ ਸਿੰਘ ਸ਼ੇਤਰਾ): ਖੇਤੀ ਕਾਨੂੰਨਾਂ ਖ਼ਿਲਾਫ਼ ਇੱਥੇ ਰੇਲਵੇ ਸਟੇਸ਼ਨ ’ਤੇ ਕਿਸਾਨ ਸੰਘਰਸ਼ 293ਵੇਂ ਵੀ ਜਾਰੀ ਰਿਹਾ। ਭਾਰੀ ਮੀਂਹ ਦੇ ਬਾਵਜੂਦ ਕਿਸਾਨਾਂ ਦਾ ਜੋਸ਼ ਮੱਠ ਨਹੀਂ ਪਿਆ। ਕਿਸਾਨਾਂ ਤੇ ਮਜ਼ਦੂਰਾਂ ਨੇ ਮੋਦੀ ਹਕੂਮਤ ਦੇ ਅੜੀਅਲ ਵਤੀਰੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕੰਵਲਜੀਤ ਖੰਨਾ, ਧਰਮ ਸਿੰਘ ਸੂਜਾਪੁਰ, ਗੁਰਪ੍ਰੀਤ ਸਿੰਘ ਸਿੱਧਵਾਂ, ਇੰਦਰਜੀਤ ਧਾਲੀਵਾਲ ਤੇ ਹੋਰਨਾਂ ਨੇ ਕਿਹਾ ਕਿ ਮੋਦੀ ਹਕੂਮਤ ਵੱਲੋਂ ਦੇਸ਼ ਦੇ ਵੱਖ ਵੱਖ ਸਿਆਸਤਦਾਨਾਂ, ਪੱਤਰਕਾਰਾਂ, ਬੁੱਧੀਜੀਵੀਆਂ ਦੀ ਜਾਸੂਸੀ ਕਰਾਉਣ ਦੇ ਸਕੈਂਡਲ ਨੇ ਭਾਰਤੀ ਰਾਜ ਪ੍ਰਬੰਧ ਦਾ ਗ਼ੈਰ-ਜਮਹੂਰੀ ਕਿਰਦਾਰ ਬੁਰੀ ਤਰ੍ਹਾਂ ਉਜਾਗਰ ਕਰ ਦਿੱਤਾ ਹੈ। ਮੋਦੀ ਹਕੂਮਤ ’ਤੇ ਸੱਤ ਸਾਲਾਂ ਦੇ ਕਾਰਜਕਾਲ ਦੌਰਾਨ ਕਈ ਦਾਗ਼ ਲੱਗੇ ਹਨ ਜਿਨ੍ਹਾਂ ’ਚੋਂ ਬਹੁਤੇ ਤਾਂ ਧੋਤੇ ਵੀ ਨਹੀਂ ਜਾਣੇ। ਉਨ੍ਹਾਂ ਕਿਹਾ ਕਿ ਦੇਸ਼ ਭਰ ’ਚ ਜਮਹੂਰੀਅਤ ਦਾ ਗਲਾ ਘੁੱਟਣ ਵਾਲੀ ਮੋਦੀ ਹਕੂਮਤ ਨੂੰ ਦਿੱਲੀ ਬਾਰਡਰ ’ਤੇ ਮੂਸਲਾਧਾਰ ਬਾਰਿਸ਼ ’ਚ ਉਨੀਂਦਰੇ ਕੱਟਦੇ ਅੱਠ ਮਹੀਨੇ ਤੋਂ ਡਟੇ ਕਿਸਾਨਾਂ ਨਾਲ ਕੋਈ ਸਰੋਕਾਰ ਨਹੀਂ ਹੈ। ਹੁਣ ਕਿਸਾਨਾਂ ਨੂੰ ਪਾਰਲੀਮੈਂਟ ਸੈਸ਼ਨ ਦੌਰਾਨ 22 ਤੋਂ ਰੋਸ ਪ੍ਰਗਟਾਉਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ ਜਿਸ ਕਰ ਕੇ ਸੰਯੁਕਤ ਕਿਸਾਨ ਮੋਰਚਾ ਸੰਸਦ ਦੇ ਘਿਰਾਓ ਦਾ ਐਲਾਨ ਕਰਨ ਲਈ ਮਜਬੂਰ ਹੋਇਆ ਹੈ। ਜ਼ਿਲ੍ਹਾ ਸਕੱਤਰ ਗੁਰਪ੍ਰੀਤ ਸਿੰਘ ਸਿੱਧਵਾਂ ਨੇ ਕਿਹਾ ਕਿ 22 ਜੁਲਾਈ ਤੋਂ ਸੰਸਦ ਮੂਹਰੇ ਜਥੇ ਭੇਜਣ ਲਈ ਲੁਧਿਆਣਾ ਜ਼ਿਲ੍ਹੇ ਦੀ ਤਿਆਰੀ ਜ਼ੋਰਾਂ ਨਾਲ ਜਾਰੀ ਹੈ।