ਜੋਗਿੰਦਰ ਸਿੰਘ ਓਬਰਾਏ
ਦੋਰਾਹਾ, 7 ਜੁਲਾਈ
ਇੱਥੇ ਅੱਜ ਗੌਰਮਿੰਟ ਪੈਨਸ਼ਨਰਜ਼ ਐਸੋਸ਼ੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਪਵਨ ਕੁਮਾਰ ਕੌਸ਼ਲ ਦੀ ਪ੍ਰਧਾਨਗੀ ਹੇਠਾਂ ਹੋਈ ਜਿਸ ਵਿਚ ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੁਣ ਤੱਕ ਲਾਰਾ ਲਾਊ ਨੀਤੀ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ਨੇ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਸਰਕਾਰ ਬਣਨ ਦੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਰਣਜੀਤ ਸਿੰਘ ਟਿਵਾਣਾ ਨੇ ਸਰਕਾਰ ਤੋਂ ਮੰਗ ਕੀਤੀ ਕਿ 2.59 ਗੁਣਾਂਕ ਨਾਲ ਪੈਨਸ਼ਨ ਦੁਹਰਾਈ ਕੀਤੀ ਜਾਵੇ, ਜਨਵਰੀ 2016 ਤੋਂ 2021 ਤੱਕ ਬਣਦੇ ਬਕਾਏ ਦਿੱਤੇ ਜਾਣ, ਡਾਕਟਰੀ ਇਲਾਜ ਲਈ ਕੈਸਲੈਸ ਸਕੀਮ ਮੁੜ ਲਾਗੂ ਕੀਤੀ ਜਾਵੇ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਡਾਕਟਰੀ ਭੱਤਾ 2 ਹਜ਼ਾਰ ਰੁਪਏ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਆਦਿ। ਐਸੋਸੀਏਸ਼ਨ ਨੇ ਪੰਜਾਬ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਪੰਜਾਬ ਦੀ 40 ਹਜ਼ਾਰ ਏਕੜ ਜ਼ਰਖੇਜ ਖੇਤੀਯੋਗ ਜ਼ਮੀਨ ਸ਼ਹਿਰੀਕਰਨ ਲਈ ਐਕਵਾਇਰ ਕਰਨ ਦੇ ਫੈਸਲੇ ਦੀ ਨਿੰਦਾ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਮੀਟਿੰਗ ਵਿੱਚ ਕੇਂਦਰੀ ਟ੍ਰੇਡ ਯੂਨੀਅਨ ਵੱਲੋਂ ਮਜ਼ਦੂਰਾਂ ਅਤੇ ਹੋਰ ਵਰਗ ਦੀਆਂ ਮੰਗਾਂ ਪ੍ਰਤੀ ਕੇਂਦਰ ਸਰਕਾਰ ਦੀ ਅਣਦੇਖੀ ਕਰਨ ਵਿਰੁੱਧ 9 ਜੁਲਾਈ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦੇ ਸਮਰਥਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਰੁਪਿੰਦਰ ਸਿੰਘ, ਕਮਲਜੀਤ ਸਿੰਘ, ਅਵਤਾਰ ਸਿੰਘ ਸੈਣੀ, ਸਤਿੰਦਰਪਾਲ ਸਿੰਘ ਅਤੇ ਮਨੋਹਰ ਲਾਲ ਹਾਜ਼ਰ ਸਨ।