ਡੀ ਏ ਪੀ ਦੀ ਕਮੀ ਕਾਰਨ ਬਿਜਾਈ ਦਾ ਕੰਮ ਪਛੜਿਆ: ਆਗੂ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਦੀ ਇੱਕ ਮੀਟਿੰਗ ਸੂਬਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕਿਸਾਨੀ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਵਿੰਦਰ ਸਿੰਘ ਭੱਟੀਆਂ ਅਤੇ ਅਵਤਾਰ ਸਿੰਘ ਸ਼ੇਰੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਆਲੂ ਤੇ ਕਣਕ ਦੀ ਬਿਜਾਈ ਲਈ ਡੀ ਏ ਪੀ ਖਾਦ ਦੀ ਬਹੁਤ ਜ਼ਰੂਰਤ ਹੈੈ ਪਰ ਨਾ ਹੀ ਸਹਿਕਾਰੀ ਸਭਾਵਾਂ ਤੇ ਨਾ ਹੀ ਬਾਜ਼ਾਰ ਵਿੱਚ ਦੁਕਾਨਦਾਰਾਂ ਤੋਂ ਲੋੜੀਂਦਾ ਖਾਦ ਮਿਲ ਰਿਹਾ ਹੈ, ਜਿਸ ਕਾਰਨ ਬਿਜਾਈ ਦਾ ਕੰਮ ਪਛੜ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ਵਿੱਚ ਕੀਟਨਾਸ਼ਕ ਦਵਾਈ ਵਿਕਰੇਤਾ ਕਿਸਾਨਾਂ ਦੀ ਇਸ ਮੁਸ਼ਕਿਲ ਦਾ ਲਾਭ ਉਠਾ ਕੇ ਖਾਦ ਦੇ ਨਾਲ ਗੈਰਜ਼ਰੂਰੀ ਵਸਤਾਂ ਧੱਕੇ ਨਾਲ ਵੇਚ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀ ਲੁੱਟ ਹੋ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਡੀ ਏ ਪੀ ਖਾਦ ਦੀ ਕਮੀ ਤੁਰੰਤ ਪੂਰੀ ਕਰੇ ਤਾਂ ਜੋ ਫਸਲ ਦੀ ਬਿਜਾਈ ਦਾ ਕੰਮ ਸਮੇਂ ਸਿਰ ਮੁਕੰਮਲ ਹੋ ਸਕੇ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੇ ਕਾਫ਼ੀ ਜ਼ਿਲ੍ਹਿਆਂ ਵਿੱਚ ਫ਼ਸਲ ਬਿਲਕੁਲ ਤਬਾਹ ਹੋ ਚੁੱਕੀ ਹੈ ਪਰ ਸਰਕਾਰ ਨੇ ਆਪਣੇ ਕੀਤੇ ਵਾਅਦੇ ਅਨੁਸਾਰ ਪੂਰਾ ਮੁਆਵਜ਼ਾ ਨਹੀਂ ਦਿੱਤਾ ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਇਸ ਤੋਂ ਇਲਾਵਾ ਭਾਰੀ ਮੀਂਹਾਂ ਕਾਰਨ ਫਸਲਾਂ ਦਾ ਝਾੜ ਬੇਹੱਦ ਘੱਟ ਨਿਕਲਿਆ ਅਤੇ ਸਰਕਾਰ ਵੱਲੋਂ ਕਿਸਾਨਾਂ ਨੂੰ ਇਕ ਰੁਪਏ ਮੁਆਵਜ਼ਾ ਨਹੀਂ ਦਿੱਤਾ ਗਿਆ, ਜਿਸ ਕਾਰਨ ਅੱਜ ਉਹ ਬੇਹੱਦ ਆਰਥਿਕ ਮੰਦਹਾਲੀ ਦੇ ਦੌਰ ’ਚੋਂ ਗੁਜ਼ਰ ਰਹੇ ਹਨ। ਉਕਤ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਕੇਂਦਰ ਤੇ ਪੰਜਾਬ ਸਰਕਾਰ ਹਰੇਕ ਕਿਸਾਨ ਦਾ ਜੋ ਫਸਲੀ ਘਾਟਾ ਪਿਆ ਹੈ ਉਸ ਨੂੰ ਪੂਰਾ ਕਰਨ ਲਈ ਵੱਧ ਤੋਂ ਵੱਧ ਮੁਆਵਜ਼ਾ ਦੇਵੇ। ਇਸ ਮੌਕੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਅਢਿਆਣਾ, ਹਰਬੰਤ ਸਿੰਘ ਬਾਬਾ, ਕਰਮਜੀਤ ਸਿੰਘ ਮਾਛੀਵਾੜਾ ਵੀ ਮੌਜੂਦ ਸਨ।
