ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 20 ਜੁਲਾਈ
ਬੁੱਢੇ ਨਾਲੇ ਨੂੰ ਬੁੱਢਾ ਦਰਿਆ ਬਣਾਉਣ ਲਈ ਪ੍ਰਾਜੈਕਟ ਦਾ ਜਾਇਜ਼ਾ ਲੈਣ ਲਈ ਅੱਜ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਲੁਧਿਆਣਾ ਪੁੱਜੇ। ਇਸ ਮੌਕੇ ’ਤੇ ਉਨ੍ਹਾਂ ਨੇ ਐਲਾਨ ਕੀਤਾ ਕਿ ਬੁੱਢੇ ਨਾਲੇ ਨੂੰ ਬੁੱਢੇ ਦਰਿਆ ਵਿਚ ਤਬਦੀਲ ਕਰਨ ਲਈ ਵਿਧਾਨ ਸਭਾ ਦੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਨਾਲ ਹੀ ਪਾਣੀ ਵਿੱਚ ਪ੍ਰਦੂਸ਼ਣ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।
ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਹੇਠ ਬਣੀ ਸੱਤ ਮੈਂਬਰੀ ਕਮੇਟੀ ਘੱਗਰ ਦਰਿਆ ਦੀ ਸਫ਼ਾਈ ਨੂੰ ਵੀ ਯਕੀਨੀ ਬਣਾਏਗੀ। ਵਿਧਾਇਕ ਮਦਨ ਲਾਲ ਬੱਗਾ, ਗੁਰਪ੍ਰੀਤ ਸਿੰਘ ਬਣਾਂਵਾਲੀ, ਬੀਰਇੰਦਰ ਗੋਇਲ, ਕੁਲਵੰਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਇਆਲੀ ਅਤੇ ਸੰਦੀਪ ਜਾਖੜ ਕਮੇਟੀ ਦੇ ਮੈਂਬਰ ਹੋਣਗੇ।
ਵਲੀਪੁਰ, ਗੌਂਸਪੁਰ ਅਤੇ ਹੋਰ ਪਿੰਡਾਂ ਵਿੱਚ ਬੁੱਢੇ ਨਾਲੇ ਦੇ ਨਾਲ-ਨਾਲ ਵੱਖ-ਵੱਖ ਪੁਆਇੰਟਾਂ ਦਾ ਨਿਰੀਖਣ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਪ੍ਰਦੂਸ਼ਣ ਕਿਸੇ ਵੀ ਰੂਪ ਵਿੱਚ ਮਨੁੱਖਤਾ ਵਿਰੁੱਧ ਅਪਰਾਧ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਜਲ ਸਰੋਤਾਂ ਨੂੰ ਸਾਫ਼ ਕਰਨ ਦੇ ਨਾਲ-ਨਾਲ ਕੀਮਤੀ ਕੁਦਰਤੀ ਸਰੋਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।
ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮਦਨ ਲਾਲ ਬੱਗਾ, ਜੀਵਨ ਸਿੰਘ ਸੰਗੋਵਾਲ, ਹਰਦੀਪ ਸਿੰਘ ਮੁੰਡੀਆ ਦੇ ਨਾਲ ਸਪੀਕਰ ਨੇ ਕਿਹਾ ਕਿ ਵਿਧਾਨ ਸਭਾ ਦੀ ਕਮੇਟੀ ਜਿੱਥੇ ਬੁੱਢੇ ਨਾਲੇ ਅਤੇ ਘੱਗਰ ਦਰਿਆ ਦੀ ਸਥਿਤੀ ਦਾ ਬਾਰੀਕੀ ਨਾਲ ਮੁਆਇਨਾ ਕਰੇਗੀ। ਇਸ ਦੇ ਕੰਮਕਾਜ ਅਤੇ ਐਸਟੀਪੀਜ਼ ਦੀ ਸਥਾਪਨਾ ਅਤੇ ਹੋਰ ਪ੍ਰਾਜੈਕਟਾਂ ਦੀ ਸਮੀਖਿਆ ਕਰੇਗੀ ਅਤੇ ਦੋਵਾਂ ਜਲ ਸਰੋਤਾਂ ਨੂੰ ਸੁਰਜੀਤ ਕਰਨ ਲਈ ਸਿਫ਼ਾਰਸ਼ਾਂ ਸਣੇ ਵਿਸਤ੍ਰਿਤ ਰਿਪੋਰਟ ਸਰਕਾਰ ਨੂੰ ਸੌਂਪੇਗੀ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਗੰਧਲਾ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਮਿਸਾਲੀ ਸਜ਼ਾ ਵੀ ਯਕੀਨੀ ਬਣਾਈ ਜਾਵੇਗੀ।
ਸਪੀਕਰ ਸੰਧਵਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੂੰ ਬੁੱਢਾ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲੇ ਉਦਯੋਗਾਂ ਦੀ ਸ਼ਨਾਖ਼ਤ ਕਰਨ ਅਤੇ ਇੱਕ ਮਹੀਨੇ ਵਿੱਚ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਗੌਂਸਪੁਰ ਪਿੰਡ ਵਿੱਚ ਪੀਜੀਆਈ ਦੁਆਰਾ ਲੋਕਾਂ, ਖੇਤੀਬਾੜੀ, ਪਸ਼ੂਆਂ ਅਤੇ ਹੋਰਾਂ ਦੀ ਸਿਹਤ ’ਤੇ ਦੂਸ਼ਿਤ ਪਾਣੀ ਦੇ ਪ੍ਰਭਾਵਾਂ ਬਾਰੇ ਵਾਤਾਵਰਨ ਅਧਿਐਨ ਕਰਨ ਦਾ ਵੀ ਐਲਾਨ ਕੀਤਾ।
ਸਪੀਕਰ ਨੇ ਬੁੱਢਾ ਦਰਿਆ ਅਤੇ ਘੱਗਰ ਦਰਿਆ ਦੇ ਕਾਇਆਕਲਪ ਨੂੰ ਇੱਕ ਲੋਕ ਲਹਿਰ ਬਣਾਉਣ ਦਾ ਵੀ ਸੱਦਾ ਦਿੱਤਾ ਅਤੇ ਕਿਹਾ ਕਿ ਦੋਵੇਂ ਜਲ ਸਰੋਤਾਂ ਦੀ ਸਫ਼ਾਈ ਲਈ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਮਿਲ ਰਹੇ ਸੁਝਾਵਾਂ ਦਾ ਧਿਆਨ ਨਾਲ ਅਧਿਐਨ ਕੀਤਾ ਜਾਵੇਗਾ। ਬਾਅਦ ਵਿੱਚ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ 650 ਕਰੋੜ ਰੁਪਏ ਦੇ ਬੁੱਢੇ ਨਾਲੇ ਦੇ ਕਾਇਆਕਲਪ ਪ੍ਰਾਜੈਕਟ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।