ਪਰਾਲੀ ਦੀ ਸੰਭਾਲ ਲਈ ਵਿਸ਼ੇਸ਼ ਸਿਖਲਾਈ ਕੋਰਸ
ਪੀ.ਏ.ਯੂ. ਦੇ ਖੇਤ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ ਨੇ ਬਿਨਾਂ ਸਾੜੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਇਕ ਵਿਸ਼ੇਸ਼ ਸਿਖਲਾਈ ਕੈਂਪ ਲਾਇਆ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਿਖਲਾਈ ਦੇਣ ਲਈ ਲਾਏ ਇਸ ਕੋਰਸ ਵਿਚ ਪੰਜਾਬ ਦੇ 11 ਜ਼ਿਲ੍ਹਿਆਂ...
ਪੀ.ਏ.ਯੂ. ਦੇ ਖੇਤ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ ਨੇ ਬਿਨਾਂ ਸਾੜੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਇਕ ਵਿਸ਼ੇਸ਼ ਸਿਖਲਾਈ ਕੈਂਪ ਲਾਇਆ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਿਖਲਾਈ ਦੇਣ ਲਈ ਲਾਏ ਇਸ ਕੋਰਸ ਵਿਚ ਪੰਜਾਬ ਦੇ 11 ਜ਼ਿਲ੍ਹਿਆਂ ਦੇ 50 ਦੇ ਕਰੀਬ ਸਿਖਿਆਰਥੀ ਸ਼ਾਮਿਲ ਹੋਏ। ਨਵੇਂ ਨਿਯੁਕਤ ਹੋਏ ਖੇਤੀ ਵਿਕਾਸ ਅਧਿਕਾਰੀਆਂ ਨੂੰ ਸਿੱਖਿਅਤ ਕਰਨ ਲਈ ਇਸ ਕੋਰਸ ਦੀ ਵਿਉਂਤਬੰਦੀ ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਅਤੇ ਖੇਤੀਬਾੜੀ ਵਿਭਾਗ ਦੇ ਨਿਰਦੇਸ਼ਕ ਡਾ. ਜਸਵੰਤ ਸਿੰਘ ਨੇ ਕੀਤੀ ਸੀ। ਖੇਤੀ ਇੰਜਨੀਅਰਿੰਗ ਕਾਲਜ ਦੇ ਡੀਨ ਡਾ. ਮਨਜੀਤ ਸਿੰਘ ਨੇ ਪੀ.ਏ.ਯੂ. ਵੱਲੋਂ ਬੀਤੇ 25 ਸਾਲਾਂ ਵਿਚ ਪਰਾਲੀ ਦੀ ਸੰਭਾਲ ਲਈ ਕੀਤੀਆਂ ਵਿਸ਼ੇਸ਼ ਕੋਸ਼ਿਸ਼ਾਂ ਦਾ ਜ਼ਿਕਰ ਕੀਤਾ। ਇਸ ਕੈਂਪ ਦੀ ਸਫਲਤਾ ਬਾਰੇ ਆਸ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦਾ ਰੁਝਾਨ ਜਲਦ ਹੀ ਖਤਮ ਹੋ ਜਾਵੇਗਾ।
ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀ ਪੀ ਐੱਸ ਸੋਢੀ ਨੇ ਪਰਾਲੀ ਦੀ ਸੰਭਾਲ ਦੇ ਨੁਕਤੇ ਦੱਸਦਿਆਂ ਜ਼ਮੀਨ ਦੇ ਉਪਜਾਊਪਣ ਉੱਪਰ ਇਸਦੇ ਪ੍ਰਭਾਵਾਂ ਦੀ ਵਿਆਖਿਆ ਕੀਤੀ। ਕੋਰਸ ਦੇ ਕੁਆਰਡੀਨੇਟਰ ਡਾ. ਮਹੇਸ਼ ਨਾਰੰਗ ਨੇ ਕਿਹਾ ਕਿ ਕਿਸਾਨਾਂ ਤੱਕ ਜਾਗਰੂਕਤਾ ਦੇ ਪਸਾਰ ਲਈ ਵਿਕਸਤ ਤਕਨਾਲੋਜੀਆਂ ਕਿਸਾਨਾਂ ਤੱਕ ਪਹੁੰਚਾਉਣ ਦਾ ਹੁਣ ਸਹੀ ਸਮਾਂ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬੇ ਦੇ ਹੋਰ ਜ਼ਿਲਿ੍ਹਆਂ ਦੇ ਮਾਹਿਰਾਂ ਲਈ 8 ਅਕਤੂਬਰ ਤੋਂ ਇਸੇ ਤਰ੍ਹਾਂ ਦੀ ਇਕ ਹੋਰ ਸਿਖਲਾਈ ਆਯੋਜਿਤ ਕੀਤੀ ਜਾ ਰਹੀ ਹੈ।
ਪ੍ਰਮੁੱਖ ਵਿਗਿਆਨੀ ਡਾ. ਮਨਪ੍ਰੀਤ ਸਿੰਘ ਨੇ ਪੀ.ਏ.ਯੂ. ਵੱਲੋਂ ਵਿਕਸਿਤ ਤਕਨਾਲੋਜੀਆਂ ਵਿਚ ਹੈਪੀਸੀਡਰ, ਸੁਪਰ ਐੱਸ ਐੱਮ ਐੱਸ ਅਤੇ ਪੀ.ਏ.ਯੂ. ਸਮਾਰਟ ਸੀਡਰ ਬਾਰੇ ਜਾਣਕਾਰੀ ਦਿੱਤੀ। ਡਾ. ਅਪੂਰਵ ਪ੍ਰਕਾਸ਼ ਨੇ ਪਰਾਲੀ ਨੂੰ ਖੇਤ ਵਿਚ ਮਿਲਾਉਣ ਲਈ ਵਰਤੇ ਜਾਂਦੇ ਤਰੀਕਿਆਂ ਤੋਂ ਮਾਹਿਰਾਂ ਨੂੰ ਜਾਣੂੰ ਕਰਵਾਇਆ। ਡਾ. ਨਾਰੰਗ ਨੇ ਸਰਫੇਸ ਸੀਡਿੰਗ ਤਕਨਾਲੋਜੀ ਬਾਰੇ ਵਿਸ਼ੇਸ਼ ਭਾਸ਼ਣ ਦੇਣ ਦੇ ਨਾਲ-ਨਾਲ ਸਿਖਿਆਰਥੀਆਂ ਨੂੰ ਇਸ ਮਸ਼ੀਨ ਦਾ ਮੁਆਇਨਾ ਵੀ ਕਰਵਾਇਆ। ਡਾ. ਬੇਅੰਤ ਸਿੰਘ ਨੇ ਪਰਾਲੀ ਵਾਹ ਕੇ ਬੀਜੀ ਕਣਕ ਵਿਚ ਕੀੜੇ ਮਕੌੜਿਆਂ ਦੀ ਰੋਕਥਾਮ ਸੰਬੰਧੀ, ਡਾ. ਇਕਬਾਲ ਸਿੰਘ ਨੇ ਪਰਾਲੀ ਨੂੰ ਊਰਜਾ ਦੇ ਸਰੋਤ ਵਜੋਂ ਵਰਤਣ ਸੰਬੰਧੀ ਅਤੇ ਡਾ. ਪ੍ਰੀਆ ਕਟਿਆਲ ਨੇ ਪਰਾਲੀ ਗਲਾਉਣ ਲਈ ਬਾਇਓ ਡੀਕੰਪੋਜ਼ਰ ਦੇ ਤਜਰਬਿਆਂ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਡਾ. ਮਨਮੀਤ ਕੌਰ ਨੇ ਕਿਸਾਨਾਂ ਤੱਕ ਸਹੀ ਅਤੇ ਸਟੀਕ ਜਾਣਕਾਰੀ ਪਹੁੰਚਾਉਣ ਲਈ ਸੁਚਾਰੂ ਪਸਾਰ ਅਤੇ ਸੰਚਾਰ ਵਿਧੀਆਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਅੰਤ ਵਿਚ ਡਾ. ਮਹੇਸ਼ ਨਾਰੰਗ ਨੇ ਸਭ ਦਾ ਧੰਨਵਾਦ ਕੀਤਾ।