ਸੰਤੋਖ ਗਿੱਲ
ਗੁਰੂਸਰ ਸੁਧਾਰ, 20 ਅਪਰੈਲ
ਢੋਆ-ਢੁਆਈ ਵਿੱਚ ਆਈ ਖੜੋਤ ਕਾਰਨ ਦਾਣਾ ਮੰਡੀਆਂ ਵਿਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਮਹੂਰੀ ਕਿਸਾਨ ਸਭਾ ਦੇ ਆਗੂਆਂ ਨੇ ਅੱਜ ਦਾਣਾ ਮੰਡੀ ਕਿਲ੍ਹਾ ਰਾਏਪੁਰ ਦਾ ਦੌਰਾ ਕੀਤਾ ਅਤੇ ਕਣਕ ਵੇਚਣ ਵਿੱਚ ਆਉਂਦੀਆਂ ਮੁਸ਼ਕਲਾਂ ਵਾਰੇ ਕਿਸਾਨਾਂ ਨਾਲ ਗੱਲਬਾਤ ਕੀਤੀ। ਕਿਸਾਨ ਆਗੂਆਂ ਜਗਤਾਰ ਸਿੰਘ ਚਕੋਹੀ, ਹਰਨੇਕ ਸਿੰਘ ਗੁੱਜਰਵਾਲ, ਸੁਰਜੀਤ ਸਿੰਘ ਸੀਲੋਂ ਅਤੇ ਅਮਰੀਕ ਸਿੰਘ ਜੜਤੌਲੀ ਨੇ ਕਿਹਾ ਕਿ ਅਧਿਕਾਰੀਆਂ ਵੱਲੋਂ ਆਨੇ-ਬਹਾਨੇ ਕਣਕ ਦੀ ਖ਼ਰੀਦ ਤੋਂ ਹੱਥ ਪਿੱਛੇ ਖਿੱਚਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਮੌਸਮ ਦੀ ਮਾਰ ਕਾਰਨ ਕਣਕ ਦਾ ਝਾੜ ਤਾਂ ਪਹਿਲਾਂ ਹੀ ਘੱਟ ਨਿਕਲਿਆ ਹੈ, ਉੱਥੇ ਲਾਗਤ ਖ਼ਰਚੇ ਵਧਣ ਕਾਰਨ ਕਿਸਾਨਾਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਉਨ੍ਹਾਂ ਕਣਕ ਦੀ ਖ਼ਰੀਦ ਵਿਚ ਤੇਜ਼ੀ ਲਿਆਉਣ ਅਤੇ ਘੱਟੋ-ਘੱਟ ਪੰਜ ਸੌ ਰੁਪਏ ਬੋਨਸ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਨੇ ਖੇਤੀ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਦੇਣ ਦੀ ਮੰਗ ਵੀ ਕੀਤੀ ਹੈ। ਮੰਡੀਆਂ ਵਿੱਚੋਂ ਕਣਕ ਦੀ ਢੋਆ-ਢੁਆਈ ਤੇਜ਼ ਕਰਨ ਅਤੇ ਖ਼ਰੀਦੀ ਫ਼ਸਲ ਦੀ ਅਦਾਇਗੀ ਤੁਰੰਤ ਕਰਨ ਦੀ ਵੀ ਮੰਗ ਕੀਤੀ ਗਈ। ਇਸ ਮੌਕੇ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਮਲਕੀਤ ਸਿੰਘ ਗਰੇਵਾਲ, ਮੋਹਣਜੀਤ ਸਿੰਘ, ਰਘਵੀਰ ਸਿੰਘ ਆਸੀ ਕਲਾਂ, ਕਰਮ ਸਿੰਘ ਗਰੇਵਾਲ, ਨੰਬਰਦਾਰ ਨਿਰਭੈ ਸਿੰਘ ਸਮੇਤ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ।
ਲਿਫਟਿੰਗ ਨਾ ਹੋਣ ਕਾਰਨ ਕਿਸਾਨ ਤੇ ਆੜ੍ਹਤੀ ਪ੍ਰੇਸ਼ਾਨ
ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਇੱਥੋਂ ਦੀ ਦਾਣਾ ਮੰਡੀ ’ਚ ਹੁਣ ਤੱਕ 4 ਲੱਖ 84 ਹਜ਼ਾਰ ਕੁਇੰਟਲ ਕਣਕ ਦੀ ਖਰੀਦ ਹੋ ਚੁੱਕੀ ਹੈ ਪਰ ਇਸ ਦੇ ਨਾਲ ਲੱਗਦੇ ਉਪ ਖਰੀਦ ਕੇਂਦਰ ਲੱਖੋਵਾਲ ਕਲਾਂ ਵਿੱਚ ਫਸਲ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨ ਤੇ ਆੜ੍ਹਤੀ ਪ੍ਰੇਸ਼ਾਨ ਹਨ। ਮਾਛੀਵਾੜਾ ਅਨਾਜ ਮੰਡੀ ਦੇ ਆੜ੍ਹਤੀ ਪਰਮਿੰਦਰ ਸਿੰਘ ਗੁਲਿਆਣੀ ਨੇ ਕਿਹਾ ਕਿ ਭਾਵੇਂ ਇਸ ਸੀਜ਼ਨ ਦੌਰਾਨ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਿਆ ਪਰ ਉਪ ਅਨਾਜ ਮੰਡੀ ਲੱਖੋਵਾਲ ਵਿਖੇ ਖਰੀਦ ਏਜੰਸੀ ਮਾਰਕਫੈੱਡ ਵਲੋਂ ਖਰੀਦੀ ਗਈ ਕਣਕ ਦੀ ਲਿਫਟਿੰਗ ਨਹੀਂ ਕੀਤੀ ਜਾ ਰਹੀ ਜਿਸ ਨਾਲ ਫੜ੍ਹ ਖਾਲੀ ਨਹੀਂ ਹੋ ਰਹੇ। ਆੜ੍ਹਤੀ ਹਰਕੇਸ਼ ਨਹਿਰਾ, ਤੇਜਿੰਦਰਪਾਲ ਸਿੰਘ ਡੀ.ਸੀ., ਨਿਤਿਨ ਜੈਨ ਨੇ ਦੱਸਿਆ ਕਿ ਉਨ੍ਹਾਂ ਦੀਆਂ ਦੁਕਾਨਾਂ ਤੋਂ ਲਿਫਟਿੰਗ ਨਾ ਹੋਣ ਕਾਰਨ ਬੋਰੀਆਂ ਦੇ ਅੰਬਾਰ ਲੱਗ ਗਏ ਹਨ। ਆੜ੍ਹਤੀਆਂ ਨੇ ਮੰਗ ਕੀਤੀ ਕਿ ਲਿਫਟਿੰਗ ਦਾ ਕੰਮ ਛੇਤੀ ਕਰਵਾਇਆ ਜਾਵੇ।
ਜ਼ਿਲ੍ਹਾ ਪ੍ਰਸ਼ਾਸਨ ਜਿਣਸ ਦਾ ਖਰੀਦਣ ਲਈ ਵਚਨਬੱਧ: ਡੀਸੀ
ਮਾਛੀਵਾੜਾ: ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਜਿਣਸ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਦਾਣਾ ਮੰਡੀ ਵਿਚ ਕਿਸੇ ਵੀ ਤਰ੍ਹਾਂ ਦੀ ਔਕੜ ਆਉਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਜਾਵੇ। ਉਨ੍ਹਾਂ ਹਰ ਸੰਭਵ ਸਹਿਯੋਗ ਦਾ ਭਰੋਸਾ ਵੀ ਦਿੱਤਾ। ਜ਼ਿਕਰਯੋਗ ਹੈ ਕਿ ਦਾਣਾ ਮੰਡੀ ਕੂੰਮ ਕਲਾਂ ਕਣਕ ਦੀ ਖਰੀਦ ਲਈ ਐੱਫ.ਸੀ.ਆਈ. ਖਰੀਦ ਏਜੰਸੀ ਨੂੰ ਅਲਾਟਡ ਹੈ। ਪਿਛਲੇ ਕੁਝ ਦਿਨਾਂ ਤੋਂ ਇਸ ਮੰਡੀ ’ਚ ਕਣਕ ਦੀ ਖਰੀਦ ਨਾ ਹੋਣ ਬਾਰੇ ਜਦੋਂ ਸ਼ਿਕਾਇਤ ਮਿਲੀ ਤਾਂ ਫੌਰੀ ਤੌਰ ’ਤੇ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੇ ਆਦੇਸ਼ਾਂ ’ਤੇ ਜ਼ਿਲ੍ਹਾ ਕੰਟਰੋਲਰ ਖ਼ੁਰਾਕ ਸਿਵਲ ਸਪਲਾਈਜ਼ ਪੂਰਬੀ ਸ਼ਿਫਾਲੀ ਚੋਪੜਾ ਵੱਲੋਂ ਦਾਣਾ ਮੰਡੀ ਕੂੰਮ ਕਲਾਂ ਪਹੁੰਚ ਕੇ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ।