ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 28 ਸਤੰਬਰ
ਦੋਗੁਣੇ ਭਾਅ ’ਤੇ ਸਟਰੀਟ ਲਾਈਟਾਂ ਖ਼ਰੀਦ ਕੇ ਸਰਕਾਰ ਨੂੰ 65 ਲੱਖ ਰੁਪਏ ਦਾ ਕਥਿਤ ਘੁਟਾਲਾ ਕਰਨ ਦੇ ਮਾਮਲੇ ’ਚ ਮੁਅੱਤਲ ਬੀਡੀਪੀਓ ਸਤਵਿੰਦਰ ਸਿੰਘ ਕੰਗ ਤੇ ਬਲਾਕ ਸਮਿਤੀ ਦੇ ਚੇਅਰਮੈਨ ਲਖਵਿੰਦਰ ਸਿੰਘ ਨੂੰ ਵਿਜੀਲੈਂਸ ਦੀ ਟੀਮ ਨੇ ਅੱਜ ਗ੍ਰਿਫ਼ਤਾਰ ਕੀਤਾ। ਪੁਲੀਸ ਨੇ ਦੋਹਾਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਇੱਕ ਹਫ਼ਤੇ ਦਾ ਪੁਲੀਸ ਰਿਮਾਂਡ ਮੰਗਿਆ, ਪਰ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਦੋਨੋਂ ਮੁਲਜ਼ਮਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਵਿਜੀਲੈਂਸ ਦੇ ਐੱਸਐੱਸਪੀ ਰਵਿੰਦਰਪਾਲ ਸਿੰਘ ਸੰਧੂ ਅਨੁਸਾਰ ਇਸ ਮਾਮਲੇ ਦੀ ਜਾਂਚ ਪਿਛਲੇ ਕਰੀਬ ਦੋ-ਢਾਈ ਮਹੀਨਿਆਂ ਤੋਂ ਲਗਾਤਾਰ ਚੱਲ ਰਹੀ ਸੀ। ਸ਼ਿਕਾਇਤਕਰਤਾ ਅਨੁਸਾਰ ਇਸ ਮਾਮਲੇ ’ਚ ਦੋਸ਼ ਲਾਏ ਗਏ ਸਨ ਕਿ ਸਰਕਾਰ ਨੂੰ ਜੋ ਸਟਰੀਟ ਲਾਈਟਾਂ 3,325 ਰੁਪਏ ’ਚ ਖਰੀਦ ਕਰਨ ਸਬੰਧੀ ਪਾਸ ਹੋਈ ਸੀ, ਉਨ੍ਹਾਂ ਸਟਰੀਟ ਲਾਈਟਾਂ ਨੂੰ ਸਿੱਧਵਾ ਬੇਟ ਦੇ ਬੀਡੀਪੀਓ ਸੁਖਵਿੰਦਰ ਸਿੰਘ ਕੰਗ ਤੇ ਬਲਾਕ ਸਮਿਤੀ ਚੇਅਰਮੈਨ ਲਖਵਿੰਦਰ ਸਿੰਘ ਵੱਲੋਂ 7,288 ਰੁਪਏ ’ਚ ਖਰੀਦ ਕੇ ਸਰਕਾਰ ਨੂੰ 65 ਲੱਖ ਰੁਪਏ ਦਾ ਚੂਨਾ ਲਗਾ ਦਿੱਤਾ। ਐੱਸਐੱਸਪੀ ਨੇ ਦੱਸਿਆ ਕਿ ਬੀਡੀਪੀਓ ਸਤਵਿੰਦਰ ਸਿੰਘ ਕੰਗ ਤੇ ਬਲਾਕ ਸਮਿਤੀ ਚੇਅਰਮੈਨ ਲਖਵਿੰਦਰ ਸਿੰਘ ਵੱਲੋਂ ਇਹ ਸਟਰੀਟ ਲਾਈਟਾਂ ਅਮਰ ਇਲੈਕਟ੍ਰੀਕਲ ਐਂਟਰਪ੍ਰਾਈਜਜ਼ ਤੋਂ ਖਰੀਦੀਆਂ ਗਈਆਂ ਸਨ ਤੇ ਵਿਜੀਲੈਂਸ ਵਿਭਾਗ ਵੱਲੋਂ ਦੁਕਾਨ ਦੇ ਮਾਲਕ ਗੌਰਵ ਸ਼ਰਮਾ ਨੂੰ ਵੀ ਇਸ ਮਾਮਲੇ ’ਚ ਮੁਲਜ਼ਮ ਬਣਾ ਕੇ ਨਾਮਜ਼ਦ ਕੀਤਾ ਗਿਆ ਹੈ। ਇਸ ਮਾਮਲੇ ’ਚ ਤੀਸਰੇ ਮੁਲਜ਼ਮ ਗੌਰਵ ਸ਼ਰਮਾ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ।