ਖੁੱਲ੍ਹੇ ਵਿੱਚ ਕੂੜਾ ਸੁੱਟਣ ਖ਼ਿਲਾਫ਼ ਸਖ਼ਤੀ
50 ਤੋਂ ਵੱਧ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ; ਮੇਅਰ ਤੇ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਵਾਸੀਆਂ ਨੂੰ ਖੁੱਲ੍ਹੇ ਵਿੱਚ ਕੂੜਾ ਸੁੱਟਣਾ ਨਾ ਸੁੱਟਣ ਦੀ ਅਪੀਲ
ਸਨਅਤੀ ਸ਼ਹਿਰ ਵਿੱਚ ਸਫ਼ਾਈ ਯਕੀਨੀ ਬਣਾਉਣ ਲਈ ਅੱਜ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡੇਚਲਵਾਲ ਨੇ ਸਖ਼ਤ ਆਦੇਸ਼ ਜਾਰੀ ਕਰ ਕੇ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰਨ ਦੇ ਹੁਕਮ ਦਿੱਤੇ ਹਨ। ਨਗਰ ਨਿਗਮ ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲੇ 50 ਤੋਂ ਵੱਧ ਵਾਸੀਆਂ ਤੇ ਦੁਕਾਨਦਾਰਾਂ ਦੇ ਚਲਾਨ ਕੱਟੇ। ਟੀਮਾਂ ਦਿਨ-ਰਾਤ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਨਜ਼ਰ ਰੱਖ ਰਹੀਆਂ ਹਨ। ਚਲਾਨ ਜਾਰੀ ਕਰਨ ਤੋਂ ਇਲਾਵਾ, ਉਲੰਘਣਾ ਕਰਨ ਵਾਲਿਆਂ ਨੂੰ ਖੁੱਲ੍ਹੀਆਂ ਥਾਂਵਾਂ ਤੇ ਸੜਕਾਂ ਦੇ ਕਿਨਾਰੇ ਸੁੱਟਿਆ ਕੂੜਾ ਚੁੱਕਣ ਲਈ ਵੀ ਕਿਹਾ ਜਾ ਰਿਹਾ ਹੈ। ਇਸ ਦੌਰਾਨ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਗਰ ਨਿਗਮ ਦਾ ਸਾਥ ਦੇਣ ਅਤੇ ਕਾਰਵਾਈ ਤੋਂ ਬਚਣ ਲਈ ਖੁੱਲ੍ਹੇ ਵਿੱਚ ਕੂੜਾ ਸੁੱਟਣਾ ਬੰਦ ਕਰਨ। ਉਨ੍ਹਾਂ ਕੂੜਾ ਨਾ ਸਾੜਨ ਦੀ ਵੀ ਅਪੀਲ ਕੀਤੀ ਹੈ। ਪੱਖੋਵਾਲ ਰੋਡ, ਤਾਜਪੁਰ ਰੋਡ, ਚੰਡੀਗੜ੍ਹ ਰੋਡ (ਵਰਧਮਾਨ ਮਿੱਲ ਦੇ ਪਿੱਛੇ) ਫਿਰੋਜ਼ਪੁਰ ਰੋਡ, ਫਿਰੋਜ਼ ਗਾਂਧੀ ਮਾਰਕੀਟ, ਘੁਮਾਰ ਮੰਡੀ, ਪਵੇਲੀਅਨ ਮਾਲ ਦੇ ਨੇੜੇ, ਕਾਲਜ ਰੋਡ, ਗਿੱਲ ਰੋਡ ਸਣੇ ਵੱਖ-ਵੱਖ ਇਲਾਕਿਆਂ ਵਿੱਚ 50 ਤੋਂ ਵੱਧ ਚਲਾਨ ਜਾਰੀ ਕੀਤੇ ਗਏ ਹਨ।
ਪਿਛਲੇ ਹਫ਼ਤੇ ਦੀ ਸ਼ੁਰੂਆਤ ਵਿੱਚ, ਨਗਰ ਨਿਗਮ ਨੇ ਘੁਮਾਰ ਮੰਡੀ ਇਲਾਕੇ ਵਿੱਚ ਖੁੱਲ੍ਹੇ ਵਿੱਚ ਕੂੜਾ ਸੁੱਟਣ ’ਤੇ ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਨੂੰ 112 ਚਲਾਨ ਵੀ ਜਾਰੀ ਕੀਤੇ ਸਨ। ਸ਼ਹਿਰ ਵਾਸੀਆਂ ਨੂੰ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦੀ ਅਪੀਲ ਕਰਦੇ ਹੋਏ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਨਗਰ ਨਿਗਮ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਹੈ ਕਿਉਂਕਿ ਵਸਨੀਕ ਤੇ ਦੁਕਾਨਦਾਰ ਚਿਤਾਵਨੀਆਂ ਦੇ ਬਾਵਜੂਦ ਖੁੱਲ੍ਹੇ ਵਿੱਚ ਕੂੜਾ ਸੁੱਟ ਰਹੇ ਹਨ।
ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਚਲਾਨ ਜਾਰੀ ਕਰਨ ਦੀ ਮੁਹਿੰਮ ਜਾਰੀ ਰਹੇਗੀ ਅਤੇ ਕੂੜਾ ਸਾੜਦੇ ਫੜੇ ਗਏ ਲੋਕਾਂ ਵਿਰੁੱਧ ਭਾਰੀ ਚਲਾਨ ਵੀ ਜਾਰੀ ਕੀਤੇ ਜਾਣਗੇ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਸ਼ਾਖਾ ਦੇ ਸਬੰਧਤ ਅਧਿਕਾਰੀਆਂ ਨੂੰ ਆਪਣੇ-ਆਪਣੇ ਇਲਾਕਿਆਂ ਵਿੱਚ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਜੇ ਉਹ ਜ਼ਮੀਨੀ ਪੱਧਰ ’ਤੇ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹਿੰਦੇ ਹਨ ਤਾਂ ਉਨ੍ਹਾਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਵੀ ਕੀਤੀ ਜਾਵੇਗੀ।
ਮੇਅਰ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ ’ਤੇ ਵੀ ਨਿਰੀਖਣ ਕਰ ਰਹੇ ਹਨ ਅਤੇ ਸ਼ਹਿਰ ਭਰ ਵਿੱਚ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਸੀਨੀਅਰ ਨਗਰ ਨਿਗਮ ਅਧਿਕਾਰੀਆਂ ਦੁਆਰਾ ਨਿਯਮਤ ਨਿਗਰਾਨੀ ਕੀਤੀ ਜਾ ਰਹੀ ਹੈ।
ਕੂੜਾ ਸਾੜਨ ’ਤੇ 25 ਹਜ਼ਾਰ ਰੁਪਏ ਜੁਰਮਾਨਾ ਹੋਵੇਗਾ
ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸ਼ਹਿਰ ਵਿੱਚ ਕੂੜਾ ਸਾੜਨ ਵਾਲਿਆਂ ਖ਼ਿਲਾਫ਼ ਹੋਰ ਸਖ਼ਤੀ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਲੋਕ ਆਪਣੇ ਘਰਾਂ ਤੇ ਦੁਕਾਨਾਂ ਬਾਹਰ ਕੂੜਾ ਸਾੜ ਦਿੰਦੇ ਹਨ, ਹੁਣ ਜਿਹੜਾ ਵੀ ਵਿਅਕਤੀ ਕੂੜਾ ਸਾੜਦਾ ਫੜ੍ਹਿਆ ਗਿਆ, ਉਸ ਨੂੰ 25 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਜਾਵੇਗਾ।

