ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬੁੱਢੇ ਦਰਿਆ ਵਿੱਚ ਸਫ਼ਾਈ ਲਈ ਕੀਤੀ ਜਾ ਰਹੀ ਕਾਰ ਸੇਵਾ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੀ ਆਖ਼ਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਦੌਰੇ ਤੋਂ ਪਹਿਲਾਂ ਹਰਕਤ ਵਿੱਚ ਆ ਗਿਆ ਹੈ। ਬੀਤੇ ਦਿਨੀਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਗਰਾਊਂਡ ਜ਼ੀਰੋ ’ਤੇ ਜਾ ਕੇ ਦੌਰਾ ਕੀਤਾ ਅਤੇ ਡੇਅਰੀ ਮਾਲਕਾਂ ਨਾਲ ਮੀਟਿੰਗ ਕੀਤੀ।
ਬੁੱਢੇ ਦਰਿਆ ਵਿੱਚ ਗੋਹਾ ਸੁੱਟਣ ’ਤੇ ਸਖ਼ਤ ਰੁਖ਼ ਅਪਣਾਉਂਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਡੇਅਰੀ ਮਾਲਕਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਜੇ ਕੋਈ ਬੁੱਢੇ ਦਰਿਆ ਵਿੱਚ ਗੋਹਾ ਸੁੱਟਦਾ ਫੜਿਆ ਗਿਆ ਤਾਂ ਉਸ ਵਿਰੁੱਧ ਐੱਫ ਆਈ ਆਰ ਤੋਂ ਇਲਾਵਾ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਹੈਬੋਵਾਲ ਡੇਅਰੀ ਕੰਪਲੈਕਸ ਅਤੇ ਤਾਜਪੁਰ ਰੋਡ ਡੇਅਰੀ ਕੰਪਲੈਕਸ ਵਿੱਚ ਡੇਅਰੀ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ। ਇਸ ਤੋਂ ਇਲਾਵਾ ਡੇਅਰੀ ਕੰਪਲੈਕਸਾਂ ਤੋਂ ਗੋਹਾ ਚੁੱਕਣ ਲਈ ਰੱਖੇ ਗਏ ਠੇਕੇਦਾਰ ਨੂੰ ਡੇਅਰੀ ਮਾਲਕਾਂ ਨੂੰ ਗੱਡੀਆਂ ਦੇਣ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ ਕਿ ਡੇਅਰੀ ਕੰਪਲੈਕਸਾਂ ਤੋਂ ਗੋਹਾ ਲਗਾਤਾਰ ਚੁੱਕਿਆ ਜਾਵੇ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਸੂਬਾ ਸਰਕਾਰ ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇ ਹਾਲੇ ਵੀ ਬੁੱਢੇ ਦਰਿਆ ਵਿੱਚ ਗੋਹਾ ਸੁੱਟਿਆ ਜਾਂਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਅਤੇ ਪੁਲੀਸ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨਗੇ। ਉਲੰਘਣਾ ਕਰਨ ਵਾਲਿਆਂ ਵਿਰੁੱਧ ਐੱਫ ਆਈ ਆਰ ਵੀ ਦਰਜ ਕੀਤੀਆਂ ਜਾਣਗੀਆਂ।

