ਗਗਨਦੀਪ ਅਰੋੜਾ
ਲੁਧਿਆਣਾ, 2 ਜੂਨ
ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਸ਼ਹਿਰ ’ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਪੰਜਾਬ ਪੁਲੀਸ ਤੋਂ ਇਲਾਵਾ ਪੈਰਾ-ਮਿਲਟਰੀ ਫੋਰਸ ਦੀਆਂ ਕੰਪਨੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸ਼ਹਿਰ ਦੇ ਧਾਰਮਿਕ ਸਥਾਨਾਂ ਦੇ ਬਾਹਰ ਵੀ ਪੁਲੀਸ ਤਾਇਨਾਤ ਕੀਤੀ ਗਈ ਹੈ ਤੇ ਮੁੱਖ ਚੌਕਾਂ ’ਚ ਵੀ ਪੁਲੀਸ ਮੁਲਾਜ਼ਮ ਪੈਰਾ-ਮਿਲਟਰੀ ਫੋਰਸ ਨਾਲ ਤਾਇਨਾਤ ਕੀਤੇ ਗਏ ਹਨ। ਸ਼ਹਿਰ ’ਚ ਸੁਰੱਖਿਆ ਪ੍ਰਬੰਧਾਂ ਦੀ ਕਮਾਂਡ ਪੁਲੀਸ ਕਮਿਸ਼ਨਰ ਡਾ. ਕੌਸਤੁਬ ਸ਼ਰਮਾ ਨੇ ਖ਼ੁਦ ਸੰਭਾਲ ਲਈ ਹੈ। ਉਹ ਕੁਝ ਦਿਨਾਂ ਤੋਂ ਸ਼ਹਿਰ ਦੇ ਮੁੱਖ ਧਾਰਮਿਕ ਸਥਾਨਾਂ ’ਤੇ ਜਾ ਕੇ ਕਮੇਟੀਆਂ ਤੇ ਪ੍ਰਬੰਧਕਾਂ ਨਾਲ ਗੱਲਬਾਤ ਵੀ ਕਰ ਰਹੇ ਹਨ। ਮੁੱਖ ਧਾਰਮਿਕ ਸਥਾਨਾਂ ਦੇ ਅੰਦਰ ਤੇ ਬਾਹਰ ਵੀ ਸੁਰੱਖਿਆ ਦੀ ਜਾਂਚ ਕੀਤੀ ਗਈ ਹੈ ਤੇ ਉੱਥੇ ਸੀਸੀਟੀਵੀ ਕੈਮਰੇ ਲਾਉਣ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਪੁਲੀਸ ਕਮਿਸ਼ਨਰ ਨੇ ਸ਼ਹਿਰ ਦੇ ਪੁਰਾਣੇ ਬਾਜ਼ਾਰ ਨੂੰ ਵੀ ਚੈੱਕ ਕੀਤਾ ਤੇ ਕਈ ਅਜਿਹੇ ਪੁਆਇੰਟਾਂ ’ਤੇ ਪੁਲੀਸ ਅਧਿਕਾਰੀਆਂ ਨੂੰ ਕੰਮ ਕਰਨ ਦੇ ਹੁਕਮ ਦਿੱਤੇ, ਜਿੱਥੇ ਘੱਲੂਘਾਰਾ ਹਫ਼ਤੇ ਦੌਰਾਨ ਕਿਸੇ ਤਰ੍ਹਾਂ ਦੀ ਅਣਹੋਣੀ ਹੋਣ ਦਾ ਖਦਸ਼ਾ ਹੈ। ਘੱਲੂਘਾਰਾ ਹਫ਼ਤੇ ਦੌਰਾਨ ਪੁਲੀਸ ਲਈ ਪੰਜਾਬ ’ਚ ਕਾਨੂੰਨ ਤੇ ਵਿਵਸਥਾ ਨੂੰ ਸਹੀ ਰੱਖਣਾ ਕਾਫ਼ੀ ਵੱਡੀ ਚੁਣੌਤੀ ਹੁੰਦੀ ਹੈ। ਸ਼ਹਿਰ ਦੀ ਗੱਲ ਕੀਤੀ ਜਾਵੇ ਤਾਂ ਹਰ ਵਾਰ ਕੋਈ ਨਾ ਕੋਈ ਵਿਵਾਦ ਹੋ ਜਾਂਦਾ ਹੈ। ਪੁਲੀਸ ਕਮਿਸ਼ਨਰ ਡਾ. ਕੌਸਤੁਬ ਸ਼ਰਮਾ ਦੀ ਅਗਵਾਈ ’ਚ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਨਾਲ ਰੇਲਵੇ ਸਟੇਸ਼ਨ ਤੇ ਬੱਸ ਅੱਡਿਆਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲੀਸ ਅਧਿਕਾਰੀਆਂ ਨੂੰ ਵੀ ਪੂਰੀ ਤਰ੍ਹਾਂ ਅਲਰਟ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ ਤੇ ਕਿਸੇ ਅਣਹੋਣੀ ਨਾਲ ਨਜਿੱਠਣ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।
ਲੁਧਿਆਣਾ ਪੁਲੀਸ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ
ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਪੁਲੀਸ ਕਮਿਸ਼ਨਰੇਟ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਪੂਰੇ ਸ਼ਹਿਰ ਦੇ ਹਰ ਚੌਕ ਤੇ ਹਰ ਗਲੀ ਵਿੱਚ ਪੁਲੀਸ ਦਾ ਸਖਤ ਪਹਿਰਾ ਹੈ। ਪੈਰਾ-ਮਿਲਟਰੀ ਫੋਰਸ ਵੀ ਆਪਣੇ ਤੌਰ ’ਤੇ ਸ਼ਹਿਰ ’ਚ ਗਸ਼ਤ ਕਰ ਰਹੀ ਹੈ ਤੇ ਹਰ ਵਿਅਕਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਪੁਲੀਸ ਲੋਕਾਂ ਨੂੰ ਵੀ ਅਪੀਲ ਕਰ ਰਹੀ ਹੈ ਕਿ ਕੋਈ ਵੀ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਨਜ਼ਰ ਆਏ ਤਾਂ ਪੁਲੀਸ ਨੂੰ ਤੁਰੰਤ ਸੂਚਨਾ ਸੂਚਿਤ ਕੀਤਾ ਜਾਵੇ। ਇਸ ਤੋਂ ਇਲਾਵਾ ਰੋਜ਼ਾਨਾ ਸਨਅਤੀ ਸ਼ਹਿਰ ’ਚ ਫਲੈਗ ਮਾਰਚ ਕੱਢੇ ਜਾ ਰਹੇ ਹਨ। ਵੀਰਵਾਰ ਨੂੰ ਵੀ ਸ਼ਹਿਰ ਦੇ ਸ਼ਿਮਲਾਪੁਰੀ ਇਲਾਕੇ ’ਚ ਫਲੈਗ ਮਾਰਚ ਕੱਢਿਆ ਗਿਆ ਜਿਸਦੀ ਅਗਵਾਈ ਏਸੀਪੀ ਰਾਜੇਸ਼ ਕੁਮਾਰ ਵੱਲੋਂ ਕੀਤੀ ਗਈ। ਪੁਲੀਸ ਵੱਲੋਂ ਘੱਲੂਘਾਰਾ ਦਿਵਸ ਨੂੰ ਲੈ ਕੇ ਕੱਢੇ ਜਾ ਰਹੇ ਫਲੈਗ ਮਾਰਚ ਵੀਰਵਾਰ ਸ਼ਾਮ 5 ਵਜੇ ਸ਼ੁਰੂ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲੀਸ ਦੇ ਨਾਲ ਪੈਰਾ-ਮਿਲਟਰੀ ਫੋਰਸ ਵੀ ਮੌਜੂਦ ਸੀ। ਇਹ ਫਲੈਗ ਮਾਰਚ ਮਿਲਰਗੰਜ ਤੋਂ ਸ਼ੁਰੂ ਹੋ ਕੇ ਪ੍ਰਤਾਪ ਚੌਕ ਤੋਂ ਜਨਤਾ ਨਗਰ ਤੇ ਗਿੱਲ ਨਹਿਰ ਤੋਂ ਹੁੰਦਾ ਹੋਇਆ ਕੁਆਲਟੀ ਚੌਕ ਪੁੱਜਿਆ ਤੇ ਉੱਥੋਂ ਚਿਮਨੀ ਰੋਡ ਤੋਂ ਪਿੰਡ ਡਾਬਾ ਹੁੰਦਾ ਹੋਇਆ ਨਿਰਮਲ ਪੈਲੇਸ ਤੇ ਫਿਰ ਸ਼ੇਰਪੁਰ ਚੌਕ ਜਾ ਕੇ ਖਤਮ ਹੋਇਆ। ਇਸ ਦੌਰਾਨ ਏਸੀਪੀ ਇੰਡਸਟਰੀ ਏਰੀਆ ਬੀ ਦੇ ਨਾਲ ਥਾਣਾ ਡਿਵੀਜ਼ਨ ਨੰਬਰ 6, ਸ਼ਿਮਲਾਪੁਰੀ ਤੇ ਥਾਣਾ ਡਾਬਾ ਦੀ ਪੁਲੀਸ ਵੀ ਮੌਜੂਦ ਸੀ। ਇਸ ਦੌਰਾਨ ਪੁਲੀਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਬਣਾ ਕੇ ਰੱਖਣ ਅਤੇ ਆਪਸੀ ਭਾਈਚਾਰਾ ਕਾਇਮ ਰੱਖਣ।
ਸ਼ਿਵ ਸੈਨਾ ਵੱਲੋਂ ਕੋਈ ਵੀ ਪ੍ਰੋਗਰਾਮ ਨਾ ਕਰਨ ਦਾ ਫ਼ੈਸਲਾ
ਲੁਧਿਆਣਾ: ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਵੱਲੋਂ ਸ੍ਰੀ ਦਰਬਾਰ ਸਾਹਿਬ ਉਪਰ ਹੋਏ ਫ਼ੌਜੀ ਹਮਲੇ ਦੀ ਵਰ੍ਹੇਗੰਢ ਘੱਲੂਘਾਰਾ ਦਿਵਸ ਮੌਕੇ 6 ਜੂਨ ਨੂੰ ਪੰਜਾਬ ਵਿੱਚ ਕੋਈ ਵੀ ਸਮਾਗਮ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇੱਥੇ ਜਥੇਬੰਦੀ ਦੇ ਮੁੱਖ ਬੁਲਾਰੇ ਚੰਦਰ ਕਾਂਤ ਚੱਢਾ, ਟਰਾਂਸਪੋਰਟ ਸੈੱਲ ਪੰਜਾਬ ਦੇ ਪ੍ਰਧਾਨ ਮਨੋਜ ਟਿੰਕੂ ਅਤੇ ਯੂਥ ਵਿੰਗ ਦੇ ਸੂਬਾ ਜਨਰਲ ਸਕੱਤਰ ਗੌਤਮ ਸੂਦ ਨੇ ਕਿਹਾ ਕਿ ਸ਼ਿਵ ਸੈਨਾ ਵੱਲੋਂ ਪੰਜਾਬ ਵਿੱਚ ਅਮਨ-ਸ਼ਾਂਤੀ ਬਹਾਲ ਰੱਖਣ ਅਤੇ ਹਿੰਦੂ-ਸਿੱਖ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 6 ਜੂਨ ਨੂੰ ਅਪਰੇਸ਼ਨ ਬਲਿਊ ਸਟਾਰ ਦੀ ਬਰਸੀ ਮੌਕੇ ਕਿਸੇ ਵੀ ਤਰ੍ਹਾਂ ਦਾ ਕੋਈ ਪ੍ਰੋਗਰਾਮ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਜਿਸ ਸ਼ਾਂਤਮਈ ਮਾਹੌਲ ਨੂੰ ਕੁੱਝ ਸੰਗਠਨਾਂ ਵੱਲੋਂ ਵਿਗਾੜ ਕੇ ਹਿੰਦੂ-ਸਿੱਖ ਭਾਈਚਾਰੇ ਵਿੱਚ ਦਰਾਰ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਨ੍ਹਾਂ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। -ਨਿੱਜੀ ਪੱਤਰ ਪ੍ਰੇਰਕ