ਸੜਕ ਹਾਦਸੇ ’ਚ ਵਿਦਿਆਰਥੀ ਦੀ ਮੌਤ
ਪੱਤਰ ਪ੍ਰੇਰਕ
ਮਾਛੀਵਾੜਾ, 18 ਜੂਨ
ਇਤਿਹਾਸਕ ਗੁਰਦੁਆਰਾ ਕ੍ਰਿਪਾਨ ਭੇਟ ਸਾਹਿਬ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਵਿੱਚ ਦਿਲਖੁਸ਼ (19) ਵਾਸੀ ਰੇਤਾ ਕਾਲੋਨੀ ਮਾਛੀਵਾੜਾ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦਿਲਖੁਸ਼ ਮਾਛੀਵਾੜਾ ਦੇ ਸਰਕਾਰੀ ਸਕੂਲ ਵਿੱਚ ਗਿਆਰ੍ਹਵੀਂ ਦਾ ਵਿਦਿਆਰਥੀ ਸੀ, ਜੋ ਆਪਣੇ ਦੋਸਤ ਨਾਲ ਮੋਟਰਸਾਈਕਲ ਰਾਹੀਂ ਗੁਰਦੁਆਰਾ ਕ੍ਰਿਪਾਨ ਭੇਟ ਸਾਹਿਬ ਰੋਡ ਤੋਂ ਆਪਣੀ ਕਲੋਨੀ ਵੱਲ ਜਾ ਰਿਹਾ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਉਨ੍ਹਾਂ ਦੀ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦਿਲਖੁਸ਼ ਗੰਭੀਰ ਜ਼ਖ਼ਮੀ ਹੋ ਗਿਆ ਜਦਕਿ ਉਸ ਦੇ ਪਿੱਛੇ ਬੈਠੇ ਸਾਥੀ ਦੇ ਮਾਮੂਲੀ ਸੱਟਾਂ ਵੱਜੀਆਂ। ਦਿਲਖੁਸ਼ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਦਿਲਖੁਸ਼ ਦਾ ਪਿਤਾ ਅਪਾਹਜ ਹੈ ਅਤੇ ਉਸ ਦੀ ਮਾਤਾ ਮਜ਼ਦੂਰੀ ਕਰਕੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਹੀ ਹੈ। ਦਿਲਖੁਸ਼ ਆਪਣੇ ਗਰੀਬ ਮਾਪਿਆਂ ਦਾ ਇਕਲੌਤਾ ਪੁੱਤ ਸੀ ਜਿਸ ਦੇ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਪੁਲੀਸ ਨੇ ਦਿਲਖੁਸ਼ ਦੀ ਲਾਸ਼ ਪੋਸਟ ਮਾਰਟਮ ਲਈ ਭਿਜਵਾ ਦਿੱਤੀ ਹੈ। ਇਸ ਮਾਮਲੇ ਦੀ ਕਾਨੂੰਨੀ ਕਾਰਵਾਈ ਕਰ ਰਹੇ ਸਹਾਇਕ ਥਾਣੇਦਾਰ ਹਾਕਮ ਸਿੰਘ ਨੇ ਦੱਸਿਆ ਕਿ ਸਾਹਮਣੇ ਤੋਂ ਆ ਕੇ ਟੱਕਰ ਮਾਰਨ ਵਾਲੇ ਮੋਟਰਸਾਈਕਲ ਚਾਲਕ ਘਣਸ਼ਿਆਮ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।