ਨਸ਼ਿਆਂ ਦੀ ਵਰਤੋਂ ਰੋਕਣ ਲਈ ਬਰਾਂਡ ਐਬੰਸਡਰ ਬਣੇ ਵਿਦਿਆਰਥੀ
ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ
ਵਿਦਿਆਰਥੀਆਂ ਤੇ ਨੌਜਵਾਨਾਂ ਵਿੱਚ ਤਿਉਹਾਰਾਂ ਦੇ ਦਿਨਾਂ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪ੍ਰਸ਼ਾਸਨ ਵੱਲੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਤੇ ਡੀ ਜੀ ਪੀ ਗੌਰਵ ਯਾਦਵ ਦੀ ਰਹਿਨੁਮਾਈ ਹੇਠ ਪਹਿਲਾਂ ਹੀ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵੱਜੋਂ ਹੁਣ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਕੇ ਆਪਣੇ ਆਪਣੇ ਇਲਾਕੇ ਵਿੱਚ ਮੁਹਿੰਮ ਦੇ ਬਰਾਂਡ ਐਬੰਸਡਰ ਵੱਜੋਂ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਐੱਸ ਐੱਸ ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਦਾਅਵਾ ਕੀਤਾ ਕਿ ਐੱਸ ਪੀ ਅਹਿਮਦਗੜ੍ਹ ਰਾਜਨ ਸ਼ਰਮਾ ਦੀ ਨਿਗਰਾਨੀ ਹੇਠ ਥਾਣਾ ਸਿਟੀ ਐੱਸ ਐੱਚ ਓ ਗੁਰਸਿਮਰਨ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਵੱਲੋਂ ਆਪਣੇ ਆਪਣੇ ਖੇਤਰ ਦੇ ਵਿਦਿਅਕ ਅਦਾਰਿਆਂ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਲਾਮਵੰਦ ਕੀਤਾ ਗਿਆ ਹੈ। ਭਾਵੇਂ ਇਸ ਮੁਹਿੰਮ ਨੂੰ ਹਾਲ ਦੀ ਘੜੀ ਤਿਉਹਾਰਾਂ ਦੌਰਾਨ ਨਸ਼ਿਆਂ ਦੀ ਵਰਤੋਂ ਨੂੰ ਠੱਲ੍ਹਣ ਲਈ ਸ਼ੁਰੂ ਕੀਤਾ ਗਿਆ ਹੈ ਪਰ ਜਿਹੜੇ ਵਾਲੰਟੀਅਰ ਹੁਣ ਮੁਹਿੰਮ ਦੇ ਬਰਾਂਡ ਐਬੰਸਡਰ ਬਣਨਗੇ ਉਹ ਭਵਿੱਖ ਵਿੱਚ ਵੀ ਪੁਲੀਸ ਤੇ ਪ੍ਰਸ਼ਾਸਣ ਵੱਲੋਂ ਚਲਾਈਆਂ ਜਾ ਰਹੀਆਂ ਮੁਹਿੰਮਾਂ ਨਾਲ ਜੁੜੇ ਰਹਿਣਗੇ।
ਇਥੋਂ ਦੇ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੋਏ ਸੈਮੀਨਾਰ ’ਤੇ ਤਸੱਲੀ ਪ੍ਰਗਟ ਕਰਦਿਆਂ ਐੱਸ ਐੱਸ ਪੀ ਗਗਨ ਅਜੀਤ ਸਿੰਘ ਨੇ ਕਿਹਾ ਕਿ ਬੁਲਾਰਿਆਂ ਦੀਆਂ ਦਲੀਲਾਂ ਸੁਨਣ ਤੋਂ ਬਾਅਦ ਵਿਦਿਆਰਥੀਆਂ ਨੇ ਖੁਦ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਖਾਣ ਤੋਂ ਇਲਾਵਾ ਆਪਣੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਵੀ ਪ੍ਰੇਰਿਤ ਕਰਨ ਦਾ ਵਾਅਦਾ ਕੀਤਾ ਹੈ।