ਵਿਦਿਆਰਥੀਆਂ ਨੇ ’ਵਰਸਿਟੀ ’ਚੋਂ ਪੁਜ਼ੀਸ਼ਨਾਂ ਲਈਆਂ
ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐੱਮਐੱਸਸੀ ਫਿਜ਼ਿਕਸ ਅਤੇ ਪੀਜੀਡੀਸੀਏ ਦੇ ਐਲਾਨੇ ਨਤੀਜੇ ਵਿੱਚ ਸ਼ਹਿਰ ਦੇ ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ’ਵਰਸਿਟੀ ਵਿੱਚੋਂ ਪੁਜ਼ੀਸ਼ਨਾਂ ਹਾਸਲ ਕੀਤੀਆਂ। ਗੁਰੂ ਨਾਨਕ ਗਰਲਜ਼ ਕਾਲਜ ਦੀ ਸਰਪ੍ਰੀਤ ਕੌਰ ਨੇ ਐੱਮਐੱਸਸੀ ਫਿਜ਼ਿਕਸ ਦੇ ਦੂਜੇ ਸਮੈਸਟਰ ਵਿੱਚੋਂ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ। ਇਸ ਵਿਦਿਆਰਥਣ ਨੇ ਪਹਿਲਾਂ ਵੀ ਬਾਰ੍ਹਵੀਂ ਜਮਾਤ ਵਿੱਚ ਪੰਜਾਬ ਭਰ ਵਿੱਚੋਂ 19ਵਾਂ ਸਥਾਨ ਹਾਸਲ ਕੀਤਾ ਸੀ ਅਤੇ ਮਿਹਨਤ ਸਦਕਾ ਗ੍ਰੈਜੂਏਸ਼ਨ ਵਿੱਚ ਵੀ ਵਜ਼ੀਫਾ ਪ੍ਰਾਪਤ ਕੀਤਾ। ਕਾਲਜ ਦੇ ਡਾਇਰੈਕਟਰ ਚਰਨਜੀਤ ਕੌਰ ਮਾਹਲ ਨੇ ਸਰਪ੍ਰੀਤ ਦੀ ਇਸ ਪ੍ਰਾਪਤੀ ’ਤੇ ਮੁਬਾਰਕਬਾਦ ਦਿੱਤੀ ਅਤੇ ਉਸ ਨੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸੇ ਤਰ੍ਹਾਂ ਸਰਕਾਰੀ ਕਾਲਜ ਲੜਕੀਆਂ ਦੀ ਮੁਸਕਾਨ ਕੱਕੜ ਨੇ 89.3 ਫੀਸਦੀ ਅੰਕਾਂ ਨਾਲ ’ਵਰਸਿਟੀ ਵਿੱਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਸੁਮਨ ਲਤਾ ਨੇ ਫੈਕਲਟੀ ਮੈਂਬਰਾਂ ਦੇ ਨਾਲ, ਮੁਸਕਾਨ ਨੂੰ ਉਸਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਅਤੇ ਭਵਿੱਖ ’ਚ ਨਿਰੰਤਰ ਸਫਲਤਾ ਦੀ ਕਾਮਨਾ ਕੀਤੀ।