ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਪੰਜਾਬ ਵੱਲੋਂ ਖੇਤੀਬਾੜੀ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਭਰਵਾਉਣ ਲਈ ਅੱਜ 26ਵੇਂ ਅਤੇ ਵੈਟਰਨਰੀ ਸਟੂਡੈਂਟਸ ਯੂਨੀਅਨ ਵੱਲੋਂ ਇੰਟਰਨਸ਼ਿਪ ਭੱਤਾ ਵਧਾਉਣ ਦੀ ਮੰਗ ਨੂੰ ਲੈ ਕੇ 25ਵੇਂ ਦਿਨ ਵੀ ਧਰਨਾ ਜਾਰੀ ਰਿਹਾ।
ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਵੱਲੋਂ ਪੀਏਯੂ ਵਿੱਚ 26 ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਇਨ੍ਹਾਂ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਖੇਤੀਬਾੜੀ ਨਾਲ ਸਬੰਧਤ ਵਿਭਾਗਾਂ ਵਿੱਚ ਬਹੁਤੀਆਂ ਅਸਾਮੀਆਂ ਖਾਲੀ ਪਈਆਂ ਹੋਈਆਂ ਹਨ ਪਰ ਦੂਜੇ ਪਾਸੇ ਖੇਤੀਬਾੜੀ ਦੀ ਪੜ੍ਹਾਈ ਕਰ ਚੁੱਕੇ ਵਿਦਿਆਰਥੀ ਬੇਰੁਜ਼ਗਾਰ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖਾਲੀ ਅਸਾਮੀਆਂ ਭਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਇਸ ਸਬੰਧੀ ਸਰਕਾਰੀ ਨੁਮਾਇੰਦਿਆਂ, ਸਬੰਧਤ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਹੋਈਆਂ ਪਰ ਹਾਲਾਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਬੂਰ ਨਹੀਂ ਪਿਆ। ਰੋਸ ਵਜੋਂ ਉਹ ਪੀਏਯੂ ਵਿੱਚ ਧਰਨੇ ’ਤੇ ਬੈਠੇ ਹੋਏ ਹਨ। ਇਸ ਦੌਰਾਨ ਸਰਕਾਰ ਦਾ ਕੋਈ ਵੀ ਨੁਮਾਇੰਦਾ ਉਨ੍ਹਾਂ ਦੀ ਸਾਰ ਲੈਣ ਨਹੀਂ ਬਹੁੜਿਆ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਹੁਣ ਐਸੋਸੀਏਸ਼ਨ ਨੇ ਕਾਲੀ ਦੀਵਾਲੀ ਮਨਾਉਣ ਦਾ ਫੈਸਲਾ ਕਰ ਲਿਆ ਹੈ।
ਇਸੇ ਤਰ੍ਹਾਂ ਵੈਟਰਨਰੀ ਸਟੂਡੈਂਟਸ ਯੂਨੀਅਨ ਵੱਲੋਂ ਵੀ ਅੱਜ 25ਵੇਂ ਦਿਨ ਰੋਸ ਧਰਨਾ ਲਾਇਆ। ਵੈਟਰਨਰੀ ’ਵਰਸਿਟੀ ਦੇ ਹਸਪਤਾਲ ਨੇੜੇ ਧਰਨਾ ਦੇ ਰਹੇ ਇਨ੍ਹਾਂ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇੰਟਰਨਸ਼ਿਪ ਭੱਤਾ ਸਿਰਫ 15 ਹਜ਼ਾਰ ਰੁਪਏ ਦਿੱਤਾ ਜਾ ਰਿਹਾ ਹੈ ਜਦਕਿ ਗੁਆਂਢੀ ਰਾਜਾਂ ਵਿੱਚ ਇਸ ਤੋਂ ਕਿਤੇ ਵੱਧ ਭੱਤਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਹੋਰ ਤਾਂ ਹੋਰ ਪੰਜਾਬ ਵਿੱਚ ਐਮਬੀਬੀਐਸ, ਬੀਡੀਐਸ ਵਾਲਿਆਂ ਨੂੰ ਵੀ ਉਨਾਂ ਤੋਂ ਵੱਧ ਭੱਤਾ ਮਿਲਦਾ ਹੈ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਵੈਟਰਨਰੀ ਦੇ ਵਿਦਿਆਰਥੀਆਂ ਨੂੰ ਵੀ ਹੋਰਨਾਂ ਦੀ ਤਰ੍ਹਾਂ ਇੰਟਰਨਸ਼ਿਪ ਭੱਤਾ ਮਿਲਣਾ ਚਾਹੀਦਾ ਹੈ। ਇਸ ਸਬੰਧੀ ਉਨਾਂ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਨਾਲ ਮੀਟਿੰਗ ਕਰਵਾਉਣ ਲਈ ਕਈ ਵਾਰ ਅਪੀਲ ਕੀਤੀ ਹੈ ਪਰ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ। ਇਨ੍ਹਾਂ ਵਿਦਿਆਰਥੀਆਂ ਨੇ ਕਿਹਾ ਕਿ ਉਹ ਭੱਤਾ 15 ਹਜ਼ਾਰ ਤੋਂ ਵਧਾ ਕੇ 24,310 ਕਰਨ ਦੀ ਮੰਗ ਕਰ ਰਹੇ ਹਨ। ਕਈ ਵਾਰ ਭਰੋਸੇ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਜਿਸ ਕਰਕੇ ਉਹ ਇਸ ਵਾਰ ਕਾਲੀ ਦੀਵਾਲੀ ਮਨਾ ਰਹੇ ਹਨ ਤਾਂ ਜੋ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪੁੱਜਦੀ ਕੀਤੀ ਜਾ ਸਕੇ।