ਖੇਤਰੀ ਪ੍ਰਤੀਨਿਧ
ਲੁਧਿਆਣ, 20 ਦਸੰਬਰ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਪਸ਼ੂਧਨ ਉਤਪਾਦਨ ਤੇ ਪ੍ਰਬੰਧਨ ਵਿਭਾਗ ਦੇ ਮੁੱਖੀ ਡਾ. ਯਸ਼ਪਾਲ ਸਿੰਘ ਨੇ ਕਿਹਾ ਕਿ ਸਰਦੀਆਂ ਦੇ ਮੌਸਮ ਵਿਚ ਪਸ਼ੂਆਂ ਦੀ ਸੁਚੱਜੀ ਸੰਭਾਲ ਬਹੁਤ ਜ਼ਰੂਰੀ ਹੈ ਤਾਂ ਕਿ ਪਸ਼ੂਆਂ ਦੀ ਸਿਹਤ ਅਤੇ ਉਤਪਾਦਨ ਨੂੰ ਬਿਹਤਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਸ਼ੂ ਨੂੰ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਦੇਣੀ ਚਾਹੀਦੀ ਹੈ। ਸ਼ੈੱਡਾਂ ਨੂੰ ਪਰਦੇ ਲਾ ਕੇ ਬੰਦ ਕਰ ਦੇਣਾ ਚਾਹੀਦਾ ਹੈ ਤਾਂ ਜੋ ਠੰਢੀ ਹਵਾ ਰੋਕੀ ਜਾ ਸਕੇ। ਪਰਦੇ ਬਣਾਉਣ ਲਈ ਤਰਪਾਲ, ਸੁੱਕਾ ਘਾਹ, ਪਰਾਲੀ ਜਾਂ ਬਾਂਸ ਆਦਿ ਵਰਤੇ ਜਾ ਸਕਦੇ ਹਨ। ਸ਼ੈੱਡਾਂ ਦੇ ਆਲੇ ਦੁਆਲੇ ਖੜ੍ਹੇ ਰੁੱਖਾਂ ਨੂੰ ਛਾਂਗ ਦੇਣਾ ਚਾਹੀਦਾ ਹੈ ਤਾਂ ਕਿ ਧੁੱਪ ਸ਼ੈੱਡਾਂ ਜਾਂ ਢਾਰਿਆਂ ਦੇ ਅੰਦਰ ਤੱਕ ਪਹੁੰਚ ਸਕੇ। ਠੰਢ ਨਾਲ ਪਸ਼ੂਆਂ ਨੂੰ ਬੁਖਾਰ, ਨਮੋਨੀਆ ਅਤੇ ਮੋਕ ਆਦਿ ਹੋ ਸਕਦੀ ਹੈ। ਫਰਸ਼ ਨੂੰ ਠੰਡਿਆਂ ਹੋਣ ਤੋਂ ਬਚਾਉਣ ਲਈ ਸੁੱਕਾ ਘਾਹ, ਪਰਾਲੀ, ਤੂੜੀ ਜਾਂ ਚੌਲਾਂ ਦੀ ਫੱਕ ਆਦਿ ਵਿਛਾਉਣੀ ਚਾਹੀਦੀ ਹੈ। ਸ਼ੈੱਡਾਂ ਨੂੰ ਦਿਨ ਵਿਚ ਦੋ ਵਾਰ ਸਾਫ ਕਰਨਾ ਚਾਹੀਦਾ ਹੈ ਤੇ ਪਾਣੀ, ਗੋਹੇ ਦੇ ਨਿਕਾਸੀ ਪ੍ਰਬੰਧ ਦਰੁਸਤ ਰੱਖਣੇ ਚਾਹੀਦੇ ਹਨ। ਪਸ਼ੂ ਨੂੰ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਦੇਣੀ ਚਾਹੀਦੀ ਹੈ।