ਪੱਤਰ ਪ੍ਰੇਰਕ
ਸਮਰਾਲਾ, 14 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਲੋਕ ਸਭਾ ਦੇ ਪਹਿਲੇ ਦਿਨ ਦੇ ਅਜਲਾਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਗ਼ੈਰ-ਹਾਜ਼ਰੀ ਨੂੰ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਪੱਖ ਪੂਰਨ ਦੀ ਕਾਰਵਾਈ ਦੱਸਦੇ ਹੋਏ ਕਿਹਾ ਕਿ ਅਕਾਲੀ ਦਲ ਇਨ੍ਹਾਂ ਖੇਤੀ ਆਰਡੀਨੈਂਸਾਂ ਬਾਰੇ ਆਪਣੀ ਸਥਿਤੀ ਨੂੰ ਸਪਸ਼ਟ ਕਰੇ।
ਸ੍ਰੀ ਰਾਜੇਵਾਲ ਨੇ ਕਿਹਾ ਕਿ ਸੁਖਬੀਰ ਬਾਦਲ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ ਅਤੇ ਜੇ ਉਹ ਸੱਚਮੁੱਚ ਹੀ ਕਿਸਾਨ ਹਿਤੈਸ਼ੀ ਹਨ ਤਾਂ ਲੋਕ ਸਭਾ ਵਿੱਚ ਹਾਜ਼ਰ ਹੋ ਕੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਆਪਣੀ ਵੋਟ ਪਾਉਣ।
ਸ੍ਰੀ ਰਾਜੇਵਾਲ ਨੇ ਸਪਸ਼ਟ ਤੌਰ ‘ਤੇ ਆਖਿਆ ਕਿ ਜਿਹੜੀ ਵੀ ਪਾਰਟੀ ਕਿਸਾਨ ਵਿਰੋਧੀ ਇਨ੍ਹਾਂ ਆਰਡੀਨੈਂਸਾਂ ਨੂੰ ਪਾਸ ਕਰਨ ਲਈ ਹੱਕ ਵਿੱਚ ਵੋਟ ਪਾਵੇਗੀ, ਉਸ ਨੂੰ ਪਾਰਟੀ ਨੂੰ ਦੇਸ਼ ਭਰ ਦੇ ਕਿਸਾਨਾਂ ਦਾ ਗੁੱਸਾ ਝੱਲਣ ਲਈ ਤਿਆਰ ਰਹਿਣਾ ਚਾਹੀਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੂਰੇ ਦੇਸ਼ ਅੰਦਰ ਇਸ ਵੇਲੇ ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਿਸਾਨ ਅੰਦੋਲਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਤਬਾਹ ਕਰਨ ਵਾਲੇ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕੱਲ੍ਹ ਪੰਜਾਬ ਭਰ ਵਿੱਚ ਕਿਸਾਨ ਸੜਕਾਂ ਜਾਮ ਕਰ ਕੇ ਆਪਣਾ ਵਿਰੋਧ ਦਰਜ ਕਰਵਾਉਣਗੇ।