ਵੈਟਰਨਰੀ ਤੇ ਖੇਤੀਬਾੜੀ ਵਿਦਿਆਰਥੀਆਂ ਦੇ ਧਰਨਿਆਂ ਵਿੱਚ ਪਹੁੰਚੇ ਸੁਖਬੀਰ ਬਾਦਲ
ਸਰਕਾਰ ਅਾਉਣ ’ਤੇ ਖੇਤੀਬਾੜੀ ਡਿਗਰੀ ਨਾਲ ਸਬੰਧਤ ਨੌਕਰੀਆਂ ਕੱਢਣ ਦਾ ਅੈਲਾਨ; ਵੈਟਰਨਰੀ ਵਿਦਿਆਰਥੀਆਂ ਵੱਲੋਂ ਗਵਰਨਰ ਨਾਲ ਮੁਲਾਕਾਤ
ਇਥੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਹਸਪਤਾਲ ਨੇੜੇ ਵੈਟਰਨਰੀ ਇੰਟਰਨਰਾਂ ਅਤੇ ਪੀਏਯੂ ਦੇ ਖੇਤੀਬਾੜੀ ਦੀ ਪੜ੍ਹਾਈ ਕਰਦੇ ਤੇ ਸਾਬਕਾ ਵਿਦਿਆਰਥੀਆਂ ਵੱਲੋਂ ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਦੀ ਅਗਵਾਈ ਹੇਠ ਪੀਏਯੂ ਵਿੱਚ ਦਿੱਤੇ ਜਾ ਰਹੇ ਧਰਨਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਖੇਤੀਬਾੜੀ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਉਨ੍ਹਾਂ ਦੀ ਸਰਕਾਰ ਆਉਣ ’ਤੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਖੇਤੀਬਾੜੀ ਡਿਗਰੀ ਨਾਲ ਸਬੰਧਤ ਨੌਕਰੀਆਂ ਕੱਢੀਆਂ ਜਾਣਗੀਆਂ। ਸ੍ਰੀ ਬਾਦਲ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਪੜ੍ਹੇ ਲਿਖੇ ਨੌਜਵਾਨ ਖਾਲੀ ਅਸਾਮੀਆਂ ਭਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਪੱਲੇ ਕੁੱਝ ਨਹੀਂ ਹੈ। ਸ੍ਰੀ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ। ਇਸ ਦੌਰਾਨ ਯੂਨੀਵਰਸਿਟੀ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਡੀਪੀ ਮੌੜ ਨੇ ਵੀ ਸਾਥੀਆਂ ਸਣੇ ਧਰਨੇ ਵਿੱਚ ਸ਼ਿਰਕਤ ਕਰਕੇ ਵਿਦਿਆਰਥੀਆਂ ਦਾ ਸਮਰਥਨ ਕੀਤਾ। ਇਨ੍ਹਾਂ ਵਿਦਿਆਰਥੀਆਂ ਵੱਲੋਂ ਖੇਤੀਬਾੜੀ ਸਣੇ ਹੋਰ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਭਰਨ, ਸਕੂਲਾਂ ਵਿੱਚ ਖੇਤੀਬਾੜੀ ਦੀ ਪੜ੍ਹਾਈ ਲਾਜ਼ਮੀ ਕਰਕੇ ਖੇਤੀਬਾੜੀ ਦੇ ਮਾਸਟਰ ਰੱਖਣ ਅਤੇ ਪਿੰਡਾਂ ਵਿੱਚ ਖੇਤੀਬਾੜੀ ਡਾਕਟਰ ਰੱਖਣ ਦੀ ਮੰਗ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਸ੍ਰੀ ਬਾਦਲ ਨੇ ਵੈਟਰਨਰੀ ਇੰਟਰਨਾਂ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ। ਸ੍ਰੀ ਬਾਦਲ ਨੇ ’ਵਰਸਿਟੀ ਦੇ ਉਪ ਕੁਲਪਤੀ ਅਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ। ਇਸ ਦੌਰਾਨ ਵੈਟਰਨਰੀ ਵਿਦਿਆਰਥੀਆਂ ਦਾ ਇੱਕ ਵਫਦ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਸ੍ਰੀ ਕਟਾਰੀਆ ਨੇ ਵਫਦ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਮੁਸ਼ਕਲਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇਗਾ। ਇਨ੍ਹਾਂ ਵਿਦਿਆਰਥੀਆਂ ਵੱਲੋਂ ਵੈਟਰਨਰੀ ਇੰਟਰਨਜ਼ ਦਾ ਭੱਤਾ 15 ਹਜ਼ਾਰ ਰੁਪਏ ਤੋਂ ਵਧਾ ਕੇ 24310 ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਧਰਨਾ ਦੇ ਰਹੇ ਵਿਦਿਆਰਥੀਆਂ ਨੇ ਚੇਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗ ਜਲਦੀ ਨਾ ਮੰਨੀ ਗਈ ਤਾਂ ਉਹ ਅੰਦੋਲਨ ਨੂੰ ਹੋਰ ਤੇਜ਼ ਕਰਨਗੇ।