ਸਤਵਿੰਦਰ ਬਸਰਾ
ਲੁਧਿਆਣਾ, 4 ਅਗਸਤ
ਪੀਏਯੂ ਦੇ ਵਿਦਿਆਰਥੀਆਂ ਵੱਲੋਂ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਵਾਉਣ ਦੀ ਮੰਗ ਸਬੰਧੀ ਵਿੱਢਿਆ ਸੰਘਰਸ਼ ਭਖ਼ਦਾ ਜਾ ਰਿਹਾ ਹੈ। ਬੀਤੇ ਦਿਨ ਕਿਸਾਨ ਆਗੂਆਂ ਵੱਲੋਂ ਧਰਨੇ ਨੂੰ ਦਿੱਤੇ ਗਏ ਸਮਰਥਨ ਮਗਰੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਦਿਆਰਥੀਆਂ ਦੇ ਧਰਨੇ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਸੂਬੇ ਦੀ ‘ਆਪ’ ਸਰਕਾਰ ਤੋਂ ਦੋਵਾਂ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਤੁਰੰਤ ਭਰਨ ਦੀ ਮੰਗ ਕੀਤੀ।
ਪਿਛਲੇ ਕਈ ਦਿਨਾਂ ਤੋਂ ਪੀਏਯੂ ਦੇ ਗੇਟ ਨੰਬਰ ਇੱਕ ਦੇ ਬਾਹਰ ਧਰਨੇ ’ਤੇ ਬੈਠੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਮਗਰੋਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿੱਚ ਨਰਮੇ ਦੀ ਫ਼ਸਲ ਕਈ ਸਾਲਾਂ ਤੋਂ ਖਰਾਬ ਹੋ ਰਹੀ ਹੈ, ਬਾਗਬਾਨੀ ਕਰਨ ਵਾਲੇ ਕਿੰਨੂਆਂ ਦੇ ਬਾਗ ਪੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨੌਜਵਾਨ ਖੇਤੀਬਾੜੀ ਅਫ਼ਸਰ ਅਤੇ ਹੋਰ ਅਧਿਕਾਰੀਆਂ ਦੀ ਲੋੜ ਹੈ ਤਾਂ ਜੋ ਸੂਬੇ ਵਿੱਚ ਖੇਤੀ ਦੇ ਧੰਦੇ ਨੂੰ ਉਪਰ ਲਿਜਾਇਆ ਜਾ ਸਕੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਖੇਤੀਬਾੜੀ ਅਤੇ ਬਾਗਬਾਨੀ ਵਿਭਾਗਾਂ ਵਿੱਚ 1000 ਤੋਂ ਵੱਧ ਅਸਾਮੀਆਂ ਖਾਲੀ ਪਈਆਂ ਹਨ ਪਰ ਸਰਕਾਰ ਇਸ ਪਾਸਿਓਂ ਅਵੇਸਲੀ ਹੋਈ ਪਈ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੇ ਕਈ ਦਿਨਾਂ ਤੋਂ ਧਰਨੇ ’ਤੇ ਬੈਠੇ ਇਨ੍ਹਾਂ ਵਿਦਿਆਰਥੀਆਂ ਦੀ ਕਿਸੇ ਵੀ ਅਧਿਕਾਰੀ ਨੇ ਸਾਰ ਨਹੀਂ ਲਈ।
ਸੁਖਬੀਰ ਨੇ ਕਿਹਾ ਕਿ ਉਹ ਵਿਦਿਆਰਥੀਆਂ ਦੇ ਪੂਰੀ ਤਰ੍ਹਾਂ ਨਾਲ ਹਨ ਅਤੇ ਉਨ੍ਹਾਂ ਦੀ ਮੰਗ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ।
ਇਸੇ ਦੌਰਾਨ ਵਿਦਿਆਰਥੀ ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਏਡੀਓ ਦੀਆਂ 410, ਏਐੱਸਆਈ ਦੀਆਂ 350, ਐੱਚਡੀਓ ਦੀਆਂ 125, ਐੱਸਸੀਓ ਦੀਆਂ 129 ਅਸਾਮੀਆਂ ਸਮੇਤ 56 ਅਸਾਮੀਆਂ ਮਾਰਕੀਟ ਸੈਕਟਰੀ ਦੀਆਂ ਖਾਲੀ ਪਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਮੰਗ ਲਈ ਕਈ ਅਧਿਕਾਰੀਆਂ ਅਤੇ ਸਰਕਾਰ ਦੇ ਨੁਮਾਇੰਦਿਆਂ ਨੂੰ ਪੱਤਰ ਦਿੱਤੇ, ਮੀਟਿੰਗਾਂ ਕੀਤੀਆਂ ਪਰ ਅਜੇ ਤੱਕ ਇਸ ਪਾਸੇ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਆਸ ਪ੍ਰਗਟਾਈ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਨਾਲ ਸੱਤਾ ਵਿੱਚ ਆਈ ‘ਆਪ’ ਸਰਕਾਰ ਇਸ ਪਾਸੇ ਧਿਆਨ ਦੇਵੇਗੀ। ਰੋਸ ਧਰਨੇ ’ਤੇ ਬੈਠੇ ਵਿਦਿਆਰਥੀ ਪਿਛਲੇ ਦਿਨਾਂ ਦੌਰਾਨ ਬ੍ਰੈੱਡ-ਪਕੌੜੇ, ਚਾਹ ਵੇਚ ਕੇ, ਗੱਡੀਆਂ ਦੇ ਸ਼ੀਸ਼ੇ ਸਾਫ਼ ਅਤੇ ਖਾਲੀ ਅਸਾਮੀਆਂ ਦੇ ਪਰਚੇ ਵੰਡ ਕੇ ਰੋਸ ਪ੍ਰਗਟਾ ਚੁੱਕੇ ਹਨ।
ਸਰਕਾਰ ਨੇ ਖੇਤੀਬਾੜੀ ਯੂਨੀਵਰਸਿਟੀ ਨੂੰ ਲਾਵਾਰਸ ਛੱਡਿਆ: ਬਰਾੜ
ਦੋਰਾਹਾ (ਪੱਤਰ ਪ੍ਰੇਰਕ): ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੀਆਂ ਸਰਕਾਰਾਂ ਨੇ ਕੇਂਦਰ ਦੀ ਕਾਰਪੋਰੇਟ ਪੱਖੀ ਨੀਤੀ ’ਤੇ ਚੱਲਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਪੰਜਾਬ ਨੂੰ ਲਾਵਾਰਸ ਛੱਡ ਦਿੱਤਾ ਗਿਆ ਹੈ, ਜਿਸ ਕਾਰਨ ਖੇਤੀ ਖੋਜ, ਵਿਕਾਸ ਅਤੇ ਪੰਜਾਬ ਅੰਦਰ ਖੇਤੀਬਾੜੀ ਵਿਭਾਗ ਦੀ ਕਿਸਾਨਾਂ ਨੂੰ ਦਿੱਤੀ ਜਾਂਦੀ ਯੋਗ ਅਗਵਾਈ ਨੂੰ ਬਹੁਤ ਵੱਡਾ ਧੱਕਾ ਲੱਗਾ ਹੈ। ਇਹ ਪ੍ਰਗਟਾਵਾ ਆਲ ਇੰਡੀਆ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਖੇਤੀਬਾੜੀ ਯੂਨੀਵਰਸਿਟੀ ਵਿੱਚ ਚੱਲ ਰਹੇ ਬੇਰੁਜ਼ਗਾਰ ਵਿਦਿਆਰਥੀਆਂ ਦੇ ਘੋਲ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਨੇ ਪੰਜਾਬ ਅੰਦਰ ਖੇਤੀ ਵਿਕਾਸ ਵਿਚ ਬਹੁਤ ਵੱਡਾ ਇਤਿਹਾਸਕ ਰੋਲ ਨਿਭਾਇਆ ਹੈ, ਜਿਸ ਕਰਕੇ ਵੱਖ ਵੱਖ ਖੇਤਰਾਂ ਵਿਚ ਹਰਾ, ਚਿੱਟਾ ਅਤੇ ਨੀਲਾ ਇਨਕਲਾਬ ਆਇਆ, ਪ੍ਰੰਤੂ ਹੁਣ ਪਿਛਲੇ ਲੰਬੇ ਸਮੇਂ ਤੋਂ ਆਈਆਂ ਵੱਖ ਵੱਖ ਸਰਕਾਰਾਂ ਨੇ ਕੇਂਦਰ ਸਰਕਾਰ ਦੀ ਕਾਰਪੋਰੇਟ ਪੱਖੀ ਨੀਤੀ ਤੇ ਚੱਲਦਿਆਂ ਯੂਨੀਵਰਸਿਟੀ ਵੱਲ ਧਿਆਨ ਦੇਣਾ ਛੱਡ ਦਿੱਤਾ ਹੈ। ਬਰਾੜ ਨੇ ਵਿਦਿਆਰਥੀਆਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਾਰੀਆਂ ਪੋਸਟਾਂ ’ਤੇ ਨਿਯੁਕਤੀਆਂ ਕਰੇ, ਖਾਲੀ ਅਸਾਮੀਆਂ ਨੂੰ ਜਲਦੀ ਭਰਨ ਲਈ ਇਸ਼ਤਿਹਾਰ ਜਾਰੀ ਕੀਤਾ ਜਾਵੇ।