ਨਿੱਜੀ ਪੱਤਰ ਪ੍ਰੇਰਕ
ਖੰਨਾ, 5 ਅਕਤੂਬਰ
ਇਥੋਂ ਦੀਆਂ ਦੋ ਮਜ਼ਦੂਰ ਜਥੇਬੰਦੀਆਂ ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ ਅਤੇ ਮਜ਼ਦੂਰ ਯੂਨੀਅਨ ਦੇ ਆਗੂਆਂ ਹਰਜਿੰਦਰ ਸਿੰਘ, ਜੀਐੱਸ ਜੌਹਰੀ, ਮਲਕੀਤ ਸਿੰਘ ਤੇ ਚਰਨਜੀਤ ਸਿੰਘ ਨੇ ਪਿਛਲੇ ਕੁਝ ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ (ਏਕਤਾਂ-ਉਗਰਾਹਾਂ) ਖ਼ਿਲਾਫ਼ ਕੁਝ ਫਿਰਕੂ ਅਨਸਰਾਂ ਵੱਲੋਂ ਵਿੱਢੇ ਪ੍ਰਚਾਰ ਦੀ ਜ਼ੋਰਦਾਰ ਵਿਰੋਧਤਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 20 ਸਾਲਾਂ ਤੋਂ ਭਾਰਤੀ ਕਿਸਾਨ ਯੂਨੀਅਨ ਦਾ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਉਦਾਰੀਕਰਨ, ਵਪਾਰੀਕਰਨ, ਨਿੱਜੀਕਰਨ, ਹਕੂਮਤੀ ਜਬਰ ਤੇ ਕਾਲੇ ਕਾਨੂੰਨਾਂ ਖ਼ਿਲਾਫ਼ ਲੜਨ, ਕਿਸਾਨ, ਮਜ਼ਦੂਰ, ਮੁਲਾਜ਼ਮਾਂ, ਦਲਿਤਾਂ, ਵਿਦਿਆਰਥੀਆਂ ਦੇ ਹੱਕਾਂ ਲਈ ਲੜਨ ਲਈ ਅਹਿਮ ਰੋਲ ਰਿਹਾ ਹੈ। ਜਥੇਬੰਦੀ ਨੇ ਧਨਾਢ ਮਾਲਕਾਂ ਤੇ ਹਕੂਮਤੀ ਹਮਲਿਆਂ ਨੂੰ ਰੋਕਣ ਅਤੇ ਮਜ਼ਦੂਰ-ਕਿਸਾਨ ਗੱਠਜੋੜ ਕਾਇਮ ਕਰਕੇ ਪੰਜਾਬੀ ਮਜ਼ਦੂਰਾਂ ਵਿਚ ਪਾਟਕ ਪਾਉਣ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ। ਉਪਰੋਕਤ ਆਗੂਆਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਇਕੱਲੇ ਕਿਸਾਨ ਤਬਕੇ ਦੀ ਹੀ ਜਥੇਬੰਦੀ ਨਹੀਂ, ਸਗੋਂ ਹਰ ਵਰਗ ਲਈ ਅਹਿਮ ਰੋਲ ਅਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਜਥੇਬੰਦੀਆਂ ਕਿਸਾਨ ਯੂਨੀਅਨ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਆਂ ਹਨ।