ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 24 ਜੂਨ
ਸਨਅਤੀ ਸ਼ਹਿਰ ਵਿੱਚ ਅੱਜ ਸਫ਼ਾਈ ਸੇਵਕ ਸੰਘਰਸ਼ ਕਮੇਟੀ ਨੇ ਇੱਕ ਵਾਰ ਫਿਰ ਨਗਰ ਨਿਗਮ ਦਾ ਦਫ਼ਤਰ ਘੇਰਿਆ ਹੈ। ਨਗਰ ਨਿਗਮ ਦੇ ਮੁਲਾਜ਼ਮਾਂ ਨੇ ਨਗਰ ਨਿਗਮ ਏ ਜ਼ੋਨ ਦੇ ਬਾਹਰ ਧਰਨਾ ਦਿੰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਨੇ ਦੋਸ਼ ਲਗਾਏ ਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਦੀ ਸੁਣਵਾਈ ਨਹੀਂ ਕੀਤੀ ਜਾ ਰਹੀ। ਚੌਧਰੀ ਯਸ਼ਪਾਲ ਨੇ ਦੱਸਿਆ ਕਿ ਸਮੂਹ ਸੀਵਰਮੈਨ ਸਫ਼ਾਈ ਮੁਲਾਜ਼ਮ ਧਰਨੇ ’ਚ ਸ਼ਾਮਲ ਹੋਏ ਹਨ। ਧਰਨੇ ’ਚ ਸੀਵਰਮੈਨ ਤੇ ਹੋਰ ਸਫ਼ਾਈ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਲਈ ਨਿਗਮ ਪ੍ਰਸ਼ਾਸਨ ’ਚ ਕੁੰਭਕਰਨੀ ਨੀਂਦ ਸੁੱਤੇ ਪਏ ਅਧਿਕਾਰੀਆਂ ਨੂੰ ਜਗਾਇਆ ਜਾ ਰਿਹਾ ਹੈ। ਯਸ਼ਪਾਲ ਨੇ ਕਿਹਾ ਕਿ ਹਾਲੇ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ। ਉਧਰ ਜੋ ਪੁਰਾਣੀ ਪੈਨਸ਼ਨ ਯੋਜਨਾ ਹੈ, ਉਸ ਨੂੰ ਲਾਗੂ ਨਹੀਂ ਕੀਤਾ ਗਿਆ। ਡੀਸੀ ਰੇਟ ’ਤੇ ਜੋ ਮੁਲਾਜ਼ਮ ਭਰਤੀ ਹੁੰਦੇ ਹਨ, ਉਸ ਦੀ ਮੌਤ ਤੋਂ ਬਾਅਦ ਪੀੜਤ ਪਰਿਵਾਰ ਨੂੰ ਨੌਕਰੀ ਨਹੀਂ ਮਿਲ ਰਹੀ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸ਼ਹਿਰ ਨੂੰ ਸਿਹਤਮੰਦ ਰੱਖਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਦੇ ਹਨ ਪਰ ਅਧਿਕਾਰੀ ਉਨ੍ਹਾਂ ਨੂੰ ਪੱਕਾ ਨਹੀਂ ਕਰ ਰਹੇ।
ਧਰਨੇ ਦੌਰਾਨ ਸਫ਼ਾਈ ਸੇਵਕਾਂ ਨੂੰ ਕੰਮ ਕਰਦੇ ਸਮੇਂ ਪੇਸ਼ ਆ ਰਹੀਆਂ ਮੁਸ਼ਕਲਾਂ ’ਤੇ ਵੀ ਅਧਿਕਾਰੀਆਂ ਨੂੰ ਧਿਆਨ ਦੇਣਾ ਚਾਹੀਦਾ। ਅਧਿਕਾਰੀਆਂ ਨੇ ਜੇਕਰ ਧਰਨਾਕਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ’ਚ ਵੱਡਾ ਸੰਘਰਸ਼ ਉਲੀਕਿਆ ਜਾਵੇਗਾ। ਧਰਨਾ ਸਥਾਨ ’ਤੇ ਹਾਲਾਤ ਕਾਬੂ ’ਚ ਰੱਖਣ ਲਈ ਪੁਲੀਸ ਪ੍ਰਸ਼ਾਸਨ ਵੱਲੋਂ ਵੀ ਫੋਰਸ ਤਾਇਨਾਤ ਕੀਤੀ ਗਈ ਹੈ।