ਤਰੁਣ ਚੁੱਘ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਹਲਕਾ ਸਾਹਨੇਵਾਲ ਦੇ ਸਸਰਾਲੀ ਬੰਨ੍ਹ ਦਾ ਦੌਰਾ ਕਰਕੇ ਹਾਲਤ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਤਕਲੀਫ਼ਾਂ ਸੁਣੀਆਂ। ਉਨ੍ਹਾਂ ਇਲਾਕਾ ਵਾਸੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਬੰਨ੍ਹ ਦੀ ਰੱਖਿਆ ਲਈ ਕੀਤੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡ ਵਾਸੀਆਂ ਨੇ ਸਿਰਫ਼ ਆਪਣੇ ਪਿੰਡ ਹੀ ਨਹੀਂ ਸਗੋਂ ਪੂਰੇ ਲੁਧਿਆਣਾ ਸ਼ਹਿਰ ਨੂੰ ਬਚਾਇਆ ਹੈ। ਉਨ੍ਹਾਂ ਕਿਹਾ ਕਿ ਅੱਜ ਜਿਹੜੀ ਆਫ਼ਤ ਦਾ ਸਾਹਮਣਾ ਪੰਜਾਬ ਕਰ ਰਿਹਾ ਹੈ, ਉਹ ਕੁਦਰਤੀ ਨਹੀਂ ਸਗੋਂ ਪੰਜਾਬ ਸਰਕਾਰ ਦੀਆਂ ਗਲਤੀਆਂ ਦਾ ਨਤੀਜਾ ਹੈ।
ਉਨ੍ਹਾਂ ਕਿਹਾ ਕਿ ਅਪਰੈਲ ਮਹੀਨੇ ਵਿੱਚ ਪਿੰਡ ਵਾਸੀਆਂ ਨੇ ਸਰਕਾਰ ਨੂੰ ਨਜਾਇਜ਼ ਮਾਇਨਿੰਗ ਦੀਆਂ ਕਈ ਲਿਖਤੀ ਸ਼ਿਕਾਇਤਾਂ ਕੀਤੀਆ ਸੀ, ਪਰ ਅਫ਼ਸਰਸ਼ਾਹੀ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਜੇ ਉਸ ਸਮੇਂ ਕਾਰਵਾਈ ਕੀਤੀ ਜਾਂਦੀ ਤਾਂ ਅੱਜ ਇਹ ਹਾਲਾਤ ਨਾ ਬਣਦੇ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਨਜਾਇਜ਼ ਮਾਇਨਿੰਗ ਕਰਨ ਤੇ ਕਰਵਾਉਣ ਵਾਲਿਆਂ ਖ਼ਿਲਾਫ਼ ਸੀਬੀਆਈ ਜਾਂਚ ਕਰਵਾਈ ਜਾਵੇ।
ਚੁੱਘ ਨੇ ਕਿਹਾ ਕਿ ਪਿੰਡ ਵਾਸੀਆਂ ਅਤੇ ਕਿਸਾਨਾਂ ਦਾ ਪੰਜਾਬ ਸਰਕਾਰ ਉੱਤੇ ਪੂਰਾ ਭਰੋਸਾ ਟੁੱਟ ਚੁੱਕਾ ਹੈ ਅਤੇ ਉਹ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਆਰਥਿਕ ਮਦਦ ਦੀ ਰਕਮ ਸਿੱਧੀ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਈ ਜਾਵੇ।
ਇਸ ਮੌਕੇ ਭਾਜਪਾ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਤਰੁਣ ਚੁੱਘ ਨੂੰ ਜਾਣਕਾਰੀ ਦਿੱਤੀ ਕਿ ਸਤਲੁਜ ਦਰਿਆ ਦੇ ਵਹਾਅ ਕਾਰਨ ਹਲਕਾ ਸਾਹਨੇਵਾਲ ਦੇ ਪਿੰਡਾਂ ਵਿੱਚ ਫ਼ਸਲਾਂ ਦੇ ਨਾਲ-ਨਾਲ 450 ਏਕੜ ਜ਼ਮੀਨ ਹੀ ਦਰਿਆ ਵਿੱਚ ਰੁੜ੍ਹ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਵੱਲੋਂ ਜਿੱਥੇ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਣਾ ਹੈ, ਉੱਥੇ ਜ਼ਮੀਨ ਰੁੜੇ ਕਿਸਾਨਾਂ ਨੂੰ ਵੀ ਢੁੱਕਵਾਂ ਮੁਆਵਜ਼ਾ ਮਿਲਣਾ ਚਾਹੀਦਾ ਹੈ।
ਇਸ ਮੌਕੇ ਜ਼ਿਲ੍ਹਾ ਭਾਜਪਾ ਦਿਹਾਤੀ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਨੇ ਸ੍ਰੀ ਚੁੱਘ ਨਾਲ ਪ੍ਰਭਾਵਿਤ ਕਿਸਾਨਾਂ ਦੀ ਮੁਲਾਕਾਤ ਕਰਾਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਸ਼ਹਿਰੀ ਪ੍ਰਧਾਨ ਰਜਨੀਸ਼ ਧੀਮਾਨ, ਪ੍ਰਵੀਨ ਬਾਂਸਲ, ਡਾ ਸਤੀਸ਼ ਜਿਲ੍ਹਾ ਮੀਡੀਆ ਸਕੱਤਰ, ਹਰੀਸ਼ ਟੰਡਨ, ਬਲਕਾਰ ਸਿੰਘ ਮੰਗਲੀ, ਜਗਪਾਲ ਸਿੰਘ ਨੰਬਰਦਾਰ, ਮੇਵਾ ਸਿੰਘ ਢੋਲਣਵਾਲ, ਮੇਜਰ ਸਿੰਘ ਬੂਥਗੜ੍ਹ ਵੀ ਹਾਜ਼ਰ ਸਨ।