ਖੇਤਰੀ ਪ੍ਰਤੀਨਿਧ
ਲੁਧਿਆਣਾ, 16 ਜੂਨ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਲੁਧਿਆਣਾ, ਭਰਾਤਰੀ ਸਹਿਯੋਗੀ ਸੰਗਠਨ, ਸੰਯੁਕਤ ਅਧਿਆਪਕ ਫਰੰਟ ਵੱਲੋਂ ਅਧਿਆਪਕਾਂ ਦੇ ਵਿੱਤੀ ਮਸਲਿਆਂ ਸਬੰਧੀ ਜਾਣੂ ਕਰਵਾਉਣ ਲਈ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਰਾਹੀਂ ਵਿੱਤ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੰਗ ਪੱਤਰ ਵਿੱਚ ਜਥੇਬੰਦੀ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਦਵਿੰਦਰ ਸਿੰਘ ਸਿੱਧੂ, ਜ਼ਿਲ੍ਹਾ ਸਕੱਤਰ ਦਲਜੀਤ ਸਿੰਘ ਆਦਿ ਨੇ ਦੱਸਿਆ ਕਿ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ ਹੋਣ ਅਤੇ ਡੀਡੀ ਪਾਵਰਾਂ ਨਾ ਹੋਣ ਕਾਰਨ ਪੰਜਾਬ ਦੇ ਬਹੁਤ ਸਾਰੇ ਸਕੂਲਾਂ ਵਿੱਚ ਅਧਿਆਪਕ ਤਨਖਾਹਾਂ ਤੋਂ ਵਾਂਝੇ ਹਨ। ਉਨ੍ਹਾਂ ਨੇ ਅਜਿਹੇ ਸਕੂਲਾਂ ਨੂੰ ਡੀਡੀ ਪਾਵਰਾਂ ਤੁਰੰਤ ਦੇਣ ਅਤੇ ਪ੍ਰਿੰਸੀਪਲਾਂ ਦੀਆਂ ਪੱਕੀਆਂ ਅਸਾਮੀਆਂ ਰੱਖਣ ਦੀ ਮੰਗ ਕੀਤੀ। ਜ਼ਿਲ੍ਹਾ ਵਿੱਤ ਸਕੱਤਰ ਮਨਜਿੰਦਰ ਸਿੰਘ ਚੀਮਾ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮੰਗ ਪੱਤਰ ਵਿੱਚ ਕੰਪਿਊਟਰ ਫੈਕਲਟੀ ਅਧਿਆਪਕਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ ਆਦਿ ਦੀ ਮੰਗ ਕੀਤੀ ਗਈ।