ਖੇਤਰੀ ਪ੍ਰਤੀਨਿਧ
ਲੁਧਿਆਣਾ, 24 ਜੂਨ
ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਵੱਲੋਂ ਕੰਪਿਊਟਰ ਅਧਿਆਪਕ ਕਮੇਟੀ, ਪੰਜਾਬ ਦੇ ਬੈਨਰ ਹੇਠ ਆਪਣੀਆਂ ਮੰਗਾਂ ਸਬੰਧੀ ਸਿੱਖਿਆ ਮੰਤਰੀ ਨਾਲ ਮੀਟਿੰਗ ਹੋਈ। ਇਸ ਮੀਟਿੰਗ ਵਿਚ ਕਮੇਟੀ ਦੇ ਸੂਬਾ ਪ੍ਰਧਾਨ ਪਰਮਵੀਰ ਸਿੰਘ ਦੀ ਅਗਵਾਈ ਵਿਚ ਇੱਕ ਵਫ਼ਦ ਨੇ ਸਿੱਖਿਆ ਮੰਤਰੀ ਅੱਗੇ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਵਿਸਥਾਰਪੂਰਵਕ ਰੱਖਿਆ। ਇਸ ਮੀਟਿੰਗ ਵਿਚ ਸਿੱਖਿਆ ਸਕੱਤਰ ਵੀ ਹਾਜ਼ਰ ਸਨ। ਆਗੂਆਂ ਨੇ ਦੱਸਿਆ ਕਿ ਸਿੱਖਿਆ ਮੰਤਰੀ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨਾਲ ਸਹਿਮਤ ਹੁੰਦਿਆਂ ਆਉਣ ਵਾਲੀ ਕੈਬਨਿਟ ਮੀਟਿੰਗ ਵਿਚ ਕੰਪਿਊਟਰ ਅਧਿਆਪਕਾਂ ’ਤੇ ਏ.ਸੀ.ਪੀ ਅਤੇ ਆਈ.ਆਰ. ਲਾਗੂ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਨਾਲ ਹੀ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਸ਼ਿਫ਼ਟ ਕਰਨ ਸਬੰਧੀ ਫਾਈਲ ਸਰਕਾਰ ਵੱਲੋਂ ਗਠਿਤ ਸਬ ਕਮੇਟੀ ਕੋਲ ਭੇਜਣ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਕੰਪਿਊਟਰ ਅਧਿਆਪਕ ਆਗੂਆਂ ਵੱਲੋਂ ਉਨ੍ਹਾਂ ਦੇ ਆਰਡਰਾਂ ਵਿਚ ਦਰਜ ਸੀ.ਐੱਸ.ਆਰ. ਅਨੁਸਾਰ ਮੈਡੀਕਲ ਸਹੂਲਤ, ਸਮੂਹ ਕੰਪਿਊਟਰ ਅਧਿਆਪਕਾਂ ਤੇ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਰੱਖਿਆ ਗਿਆ, ਜਿਸ ’ਤੇ ਸਿੱਖਿਆ ਮੰਤਰੀ ਵੱਲੋਂ ਜਲਦ ਹੀ ਕੋਈ ਫ਼ੈਸਲਾ ਲੈਣ ਦੀ ਗੱਲ ਆਖੀ ਗਈ। ਪ੍ਰਧਾਨ ਪਰਮਵੀਰ ਸਿੰਘ, ਅਵਤਾਰ ਸਿੰਘ, ਨਾਜ਼ਰ, ਸੁਖਜਿੰਦਰ ਸਿੰਘ ਨੇ ਕਿਹਾ ਕਿ ਜੇਕਰ ਆਗਾਮੀ ਕੈਬਨਿਟ ਮੀਟਿੰਗ ਵਿਚ ਉਨ੍ਹਾਂ ਨੂੰ ਏਸੀਪੀ ਅਤੇ ਆਈ.ਆਰ ਦਾ ਲਾਭ ਨਾ ਦਿੱਤਾ ਗਿਆ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ, ਜਿਸ ਦੀ ਨਿਰੋਲ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੀ 27 ਜੂਨ ਨੂੰ ਕੰਪਿਊਟਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਕੀਤੇ ਜਾ ਰਹੇ ਵਹੀਕਲ ਮਾਰਚ ਵਿਚ ਵੱਡੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਸ਼ਾਮਲ ਹੁੰਦੇ ਹੋਏ ਆਪਣੇ ਹੱਕਾਂ ਪ੍ਰਤੀ ਆਵਾਜ਼ ਬੁਲੰਦ ਕਰਨਗੇ। ਇਸ ਮੌਕੇ ਹਰਵੀਰ ਸਿੰਘ, ਨਰਿੰਦਰ ਪਾਸੀ, ਸੰਜੀਵ ਕੁਮਾਰ, ਸੁਖਜਿੰਦਰ ਸਿੰਘ, ਹਰਕਮਲ ਸਿੰਘ ਬਲਜੀਤ ਸਿੰਘ, ਧਰਮਜੀਤ ਸਿੰਘ ਵੀ ਹਾਜ਼ਰ ਸਨ।