ਸਤਵਿੰਦਰ ਬਸਰਾ
ਲੁਧਿਆਣਾ, 1 ਜਨਵਰੀ
ਸਰਕਾਰੀ ਸਕੂਲ ਸਿੱਖਿਆ ਵਿਭਾਗ ਦੇ ਗਜ਼ਟਿਡ ਅਧਿਕਾਰੀਆਂ ਦੀ ਐਸੋਸੀਏਸ਼ਨ ਗੈਸਾ ਸਮੇਤ ਵੱਖ-ਵੱਖ ਅਧਿਆਪਕ ਸੰਗਠਨਾਂ ਅਤੇ ਸਮੁੱਚੇ ਅਧਿਆਪਕ ਭਾਈਚਾਰੇ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਗਏ ਅਪਮਾਨ ਦਾ ਸਖ਼ਤ ਨੋਟਿਸ ਲੈਂਦਿਆਂ ਅੱਜ ਡੀਸੀ ਦਫ਼ਤਰ ਲੁਧਿਆਣਾ ਵਿੱਚ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਸੰਗਠਨਾਂ ਆਗੂਆਂ ਨੇ ਪੁਲੀਸ ਪ੍ਰਸ਼ਾਸਨ ਨਾਲ ਮੁਲਾਕਾਤ ਕੀਤੀ ਅਤੇ ਡੀਈਓ ਸਮਰਾ ਨਾਲ ਗੈਰਸਮਾਜੀ ਅਨਸਰਾਂ ਵੱਲੋਂ ਕੀਤੀ ਗਈ ਅਪਰਾਧਿਕ ਬਦਸਲੂਕੀ, ਸਰਕਾਰੀ ਕੰਮ ਵਿੱਚ ਵਿਘਨ ਪਾਉਣ ਅਤੇ ਗੈਰ ਸਮਾਜਿਕ ਗਤੀਵਿਧੀ ਨੂੰ ਅੰਜਾਮ ਦੇਣ ਦੇ ਦੋਸ਼ ਅਧੀਨ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਆਗੂਆਂ ਨੇ ਦੱਸਿਆ ਕਿ ਭਾਵੇਂ ਕਥਿਤ ਮੁਲਜ਼ਮ ਰਾਜਿੰਦਰ ਕੁਮਾਰ ਘਈ ਅਤੇ ਹੋਰਾਂ ਉੱਪਰ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਪਰ ਸੰਗਠਨਾਂ ਦੇ ਆਗੂਆਂ ਵੱਲੋਂ ਇਸ ਗੱਲ ਦਾ ਸਖ਼ਤ ਨੋਟਿਸ ਲਿਆ ਗਿਆ ਹੈ ਕਿ ਪੁਲੀਸ ਵੱਲੋਂ ਅਜੇ ਤੱਕ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੇ ਮਾਮਲੇ ਵਿੱਚ ਢਿੱਲਮੱਠ ਵਰਤੀ ਜਾ ਰਹੀ ਹੈ। ਇਸ ਦੌਰਾਨ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਿੰ. ਸੰਤੋਖ ਸਿੰਘ, ਪ੍ਰਿੰ. ਡਾ. ਦਵਿੰਦਰ ਸਿੰਘ ਛੀਨਾ, ਮਲਕੀਤ ਸਿੰਘ, ਅਸ਼ੋਕ ਭੰਡਾਰੀ, ਹਰਦੇਵ ਸਿੰਘ ਮੁੱਲਾਂਪੁਰ, ਦਲਜੀਤ ਸਮਰਾਲਾ, ਗੁਰਪ੍ਰੀਤ ਸਿੰਘ, ਚਰਨ ਸਰਾਭਾ, ਪਰਵੀਨ ਕੁਮਾਰ, ਜਸਵੀਰ ਸਿੰਘ ਅਕਾਲਗੜ੍ਹ, ਕੁਲਦੀਪ ਸਿੰਘ, ਰਮਨਦੀਪ ਸਿੰਘ, ਗੁਰਮੀਤ ਸਿੰਘ ਮਦਨੀਪੁਰ ਆਦਿ ਨੇ ਕਿਹਾ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸਮਰਾ ਦਾ ਉਕਤ ਗੈਰਸਮਾਜੀ ਅਨਸਰਾਂ ਵੱਲੋਂ ਕੀਤਾ ਗਿਆ ਅਪਮਾਨ, ਕੇਵਲ ਸ਼ਖ਼ਸੀ ਕਿਰਦਾਰਕੁਸ਼ੀ ਅਤੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਹੀ ਨਹੀਂ ਹੈ, ਸਗੋਂ ਇਹ ‘ਭੀੜ ਰਾਹੀਂ ਹਿੰਸਾ’ (ਮੌਬਲਿੰਚਿੰਗ) ਦੇ ਵਧਦੇ ਅਸਮਾਜਿਕ ਰੁਝਾਨ ਤਹਿਤ ਜਨਤਕ ਵਿਦਿਅਕ ਸੰਸਥਾਵਾਂ ਦੇ ਅਕਸ ਨੂੰ ਢਾਹ ਲਾ ਕੇ ਨਿੱਜੀ ਮੁਨਾਫੇਖੋਰ ‘ਸਿੱਖਿਆ ਮਾਫੀਆ’ ਨੂੰ ਹਵਾ ਦੇਣ ਦੀ ਇਕ ਕਾਰਵਾਈ ਹੈ।
ਇਸੇ ਤਰ੍ਹਾਂ ਸ਼ਹਿਰ ਅਤੇ ਆਸਪਾਸ ਦੇ ਸਕੂਲਾਂ, 2ਬੀ ਇਕਬਾਲ ਗੰਜ, ਸ਼ਾਹਪੁਰ ਰੋਡ, ਚੰਨਣ ਦੇਵੀ, ਮਾਧੋਪੁਰੀ, ਅੰਬੇਡਕਰ ਨਗਰ, ਹਾਊਸਿੰਗ ਬੋਰਡ ਕਾਲੋਨੀ, ਜਗਰਾਉਂ ਬਰਿੱਜ ਅਤੇ ਲੋਕੋ ਸ਼ੈੱਡ, ਛੌਹਲੇ, ਦੁੱਗਰੀ ਆਦਿ ਦੇ ਅਧਿਆਪਕਾਂ ਨੇ ਹੱਥਾਂ ਵਿੱਚ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਬਾਰੇ ਸਲੋਗਨ ਫੜੇ ਹੋਏ ਸਨ। ਜਾਣਕਾਰੀ ਦਿੰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਆਗੂ ਰਮਨਜੀਤ ਸੰਧੂ ਨੇ ਦੱਸਿਆ ਕਿ ਪੂਰੇ ਜ਼ਿਲ੍ਹੇ ਦੇ ਸੈਂਕੜੇ ਸਕੂਲਾਂ ਵਿੱਚ ਅਧਿਆਪਕਾਂ ਵੱਲੋਂ ਅਜਿਹੇ ਰੋਸ ਪ੍ਰਦਰਸ਼ਨ ਕੀਤੇ ਗਏ ਹਨ।
ਜੁੱਤੀਆਂ ਦਾ ਹਾਰ ਪਾਉਣ ਵਾਲੇ ਖ਼ਿਲਾਫ਼ ਕੇਸ ਦਰਜ
ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਸਿੱਖਿਆ ਅਫ਼ਸਰ ਦੇ ਜੁੱਤੀਆਂ ਦਾ ਹਾਰ ਪਾਉਣ ਵਾਲੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਨੇ ਡੀਈਓ ਲਖਵੀਰ ਸਿੰਘ ਦੀ ਸ਼ਿਕਾਇਤ ’ਤੇ ਪੇਰੈਂਟਸ ਐਸੋਸੀਏਸ਼ਨ ਦੇ ਰਾਜਿੰਦਰ ਘਈ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਧਰ, ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ 2 ਦਿਨ ’ਚ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਸੋਮਵਾਰ ਨੂੰ ਜਥੇਬੰਦੀ ਫਿਰ ਤੋਂ ਰੋਸ ਮਾਰਚ ਕਰੇਗੀ।