Ownership Policy: 12 ਸਾਲਾਂ ਤੋਂ ਕਾਬਜ਼ ਕਿਰਾਏਦਾਰ ਬਣਨਗੇ ਮਾਲਕ
ਮਾਛੀਵਾਡ਼ਾ ਵਿੱਚ 53 ਦੁਕਾਨਦਾਰਾਂ ਨੂੰ ਦੁਕਾਨਾਂ ਦੇ ਮਾਲਕੀ ਹੱਕ ਦੇਣ ਦੀ ਕਾਰਵਾੲੀ ਸ਼ੁਰੂ
ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਕੌਂਸਲ ਦੀਆਂ ਦੁਕਾਨਾਂ ’ਤੇ 12 ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਕਿਰਾਏਦਾਰ ਵਜੋਂ ਕਾਰੋਬਾਰ ਕਰ ਰਹੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਇਸ ਨੀਤੀ ਤਹਿਤ ਮਾਛੀਵਾੜਾ ਸ਼ਹਿਰ ਦੇ ਲਗਪਗ 53 ਦੁਕਾਨਦਾਰਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਉਹ ਇਨ੍ਹਾਂ ਦੁਕਾਨਾਂ ਦੇ ਮਾਲਕ ਬਣ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਮਾਛੀਵਾੜਾ ਦੇ ਪ੍ਰਧਾਨ ਮੋਹਿਤ ਕੁੰਦਰਾ ਨੇ ਦੱਸਿਆ ਕਿ ਸ਼ਹਿਰ ਦੀ ਬੱਸ ਸਟੈਂਡ ਮਾਰਕੀਟ, ਮੀਟ ਮਾਰਕੀਟ, ਖਾਲਸਾ ਚੌਕ ਨੇੜੇ ਦੁਕਾਨਾਂ ਅਤੇ ਚਰਨ ਕੰਵਲ ਚੌਕ ਦੇ ਆਸ-ਪਾਸ ਦੀਆਂ ਦੁਕਾਨਾਂ ਇਸ ਯੋਜਨਾ ਦੇ ਦਾਇਰੇ ਵਿੱਚ ਆਉਂਦੀਆਂ ਹਨ।
ਪ੍ਰਧਾਨ ਕੁੰਦਰਾ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਯੋਗ ਕਿਰਾਏਦਾਰਾਂ ਦੀ ਸੂਚੀ ਮੁਕੰਮਲ ਤਿਆਰ ਕਰ ਲਈ ਗਈ ਹੈ। ਉਨ੍ਹਾਂ ਸਬੰਧਤ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਜ਼ਰੂਰੀ ਦਸਤਾਵੇਜ਼ ਲੈ ਕੇ ਤੁਰੰਤ ਦਫ਼ਤਰ ਵਿੱਚ ਪਹੁੰਚਣ ਅਤੇ ਫਾਰਮ ਭਰਨ, ਤਾਂ ਜੋ ਉਨ੍ਹਾਂ ਦੀਆਂ ਰਜਿਸਟਰੀਆਂ ਕਰਵਾ ਕੇ ਉਨ੍ਹਾਂ ਨੂੰ ਪੱਕੇ ਮਾਲਕੀ ਹੱਕ ਸੌਂਪੇ ਜਾ ਸਕਣ। ਉਨ੍ਹਾਂ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਸ਼ਾਨਦਾਰ ਯੋਜਨਾ ਨਾਲ ਮਾਛੀਵਾੜਾ ਵਿੱਚ ਪਿਛਲੇ 30-30 ਸਾਲਾਂ ਤੋਂ ਕਿਰਾਏਦਾਰ ਵਜੋਂ ਕੰਮ ਕਰ ਰਹੇ ਦੁਕਾਨਦਾਰਾਂ ਦਾ ਆਪਣੀ ਦੁਕਾਨ ਦਾ ਮਾਲਕ ਬਣਨ ਦਾ ਸੁਪਨਾ ਸਾਕਾਰ ਹੋਣ ਜਾ ਰਿਹਾ ਹੈ।
ਬਕਾਇਆ ਟੈਕਸ ਜਮ੍ਹਾਂ ਕਰਵਾਉਣ ਦੀ ਅਪੀਲ
ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਕਿਹਾ ਕਿ ਮਾਲਕੀ ਹੱਕ ਪ੍ਰਾਪਤ ਕਰਨ ਲਈ ਦੁਕਾਨਦਾਰਾਂ ਨੂੰ ਆਪਣੀ ਦੁਕਾਨ ਦਾ ਬਕਾਇਆ ਪ੍ਰਾਪਰਟੀ ਟੈਕਸ, ਸੀਵਰੇਜ ਟੈਕਸ ਅਤੇ ਹੋਰ ਬਣਦੀਆਂ ਅਦਾਇਗੀਆਂ ਜਲਦੀ ਤੋਂ ਜਲਦੀ ਕੌਂਸਲ ਕੋਲ ਜਮ੍ਹਾਂ ਕਰਵਾਉਣੀਆਂ ਪੈਣਗੀਆਂ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਬਹੁਤ ਹੀ ਵਾਜਬ ਅਤੇ ਘੱਟ ਰੇਟਾਂ ’ਤੇ ਇਹ ਮਾਲਕੀ ਹੱਕ ਦਿੱਤੇ ਜਾ ਰਹੇ ਹਨ। ਇਸ ਪ੍ਰਕਿਰਿਆ ਤੋਂ ਨਗਰ ਕੌਂਸਲ ਨੂੰ ਕਰੋੜਾਂ ਰੁਪਏ ਦੀ ਆਮਦਨ ਪ੍ਰਾਪਤ ਹੋਵੇਗੀ, ਜਿਸ ਨੂੰ ਪੂਰੀ ਪਾਰਦਰਸ਼ਤਾ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਸੁੰਦਰੀਕਰਨ ’ਤੇ ਖ਼ਰਚ ਕੀਤਾ ਜਾਵੇਗਾ।
ਮ੍ਰਿਤਕ ਕਿਰਾਏਦਾਰਾਂ ਦੇ ਵਾਰਿਸਾਂ ਲਈ ਵਿਸ਼ੇਸ਼ ਰਾਹਤ
ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਦੱਸਿਆ ਕਿ ਨਗਰ ਕੌਂਸਲ ਦੇ ਪੁਰਾਣੇ ਰਿਕਾਰਡ ਮੁਤਾਬਕ, ਜਿਨ੍ਹਾਂ ਮੂਲ ਕਿਰਾਏਦਾਰਾਂ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਦੇ ਵਾਰਿਸ ਆਪਣੇ ਜ਼ਰੂਰੀ ਦਸਤਾਵੇਜ਼ ਜਮ੍ਹਾਂ ਕਰਵਾ ਕੇ ਕਾਨੂੰਨੀ ਤੌਰ ’ਤੇ ਆਪਣੇ ਨਾਂ ਉੱਤੇ ਰਜਿਸਟਰੀ ਕਰਵਾ ਸਕਦੇ ਹਨ। ਪ੍ਰਧਾਨ ਕੁੰਦਰਾ ਨੇ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਨਗਰ ਕੌਂਸਲ ਦਾ ਕੋਈ ਵੀ ਕਰਮਚਾਰੀ ਜਾਂ ਕੋਈ ਬਾਹਰਲਾ ਪ੍ਰਾਪਰਟੀ ਡੀਲਰ ਰਜਿਸਟਰੀ ਕਰਵਾਉਣ ਬਦਲੇ ਕਿਸੇ ਕਿਸਮ ਦੀ ਰਿਸ਼ਵਤ ਦੀ ਮੰਗ ਕਰਦਾ ਹੈ, ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦਾ ਮੁੱਖ ਟੀਚਾ ਮਾਛੀਵਾੜਾ ਨਗਰ ਕੌਂਸਲ ਨੂੰ ਪੂਰੀ ਤਰ੍ਹਾਂ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਅਤੇ ਲੋਕਾਂ ਨੂੰ ਪਾਰਦਰਸ਼ੀ ਸੇਵਾਵਾਂ ਦੇਣਾ ਹੈ।

