ਪੱਤਰ ਪ੍ਰੇਰਕ
ਮੰਡੀ ਅਹਿਮਦਗੜ੍ਹ, 21 ਸਤੰਬਰ
ਜ਼ਿਲ੍ਹਾ ਪ੍ਰਸ਼ਾਸਨ ਨੇ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਡੀਸੀ ਮਾਲੇਰਕੋਟਲਾ ਸੰਯਮ ਅੱਗਰਵਾਲ ਦੀ ਅਗਵਾਈ ਹੇਠ ਐੱਸਡੀਐੱਮ ਹਰਬੰਸ ਸਿੰਘ ਨੇ ਜਿੱਥੇ ਸਮਾਜ ਸੇਵੀ ਸੰਗਠਨਾਂ ਅਤੇ ਵਿਦਿਅਕ ਸੰਸਥਾਵਾਂ ਦੇ ਅਹੁਦੇਦਾਰਾਂ ਨੂੰ ਇਸ ਮੁੱਦੇ ਬਾਰੇ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸੈਮੀਨਾਰ ਅਤੇ ਵਰਕਸ਼ਾਪਾਂ ਕਰਵਾਉਣ ਲਈ ਕਿਹਾ। ਇੱਥੋਂ ਦੇ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਲਾਈ ਵਰਕਸ਼ਾਪ ਦੌਰਾਨ ਹਰਬੰਸ ਸਿੰਘ ਨੇ ਕਿਹਾ ਕਿ ਪਿੰਡਾਂ ’ਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਨਾਲ ਵਾਢੀ ਸੀਜ਼ਨ ਦੌਰਾਨ ਕੰਬਾਈਨਾਂ ’ਤੇ ਸੁਪਰ ਐੱਸਐੱਮਐੱਸ ਦੀ ਜਾਂਚ ਵੀ ਕੀਤੀ ਜਾਵੇ। ਇਸ ਦਰਮਿਆਨ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਇ ਇਸ ਨੂੰ ਖੇਤ ਵਿੱਚ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ। ਹਰਬੰਸ ਸਿੰਘ ਨੇ ਦਾਅਵਾ ਕੀਤਾ ਕਿ ਖੇਤੀਬਾੜੀ ਵਿਭਾਗ ਇਸ ਸੀਜ਼ਨ ਵਿੱਚ ਪਰਾਲੀ ਦੇ ਢੁਕਵੇਂ ਪ੍ਰਬੰਧਨ ਲਈ 266 ਮਸ਼ੀਨਾਂ ਹੋਰ ਵੰਡੀਆਂ ਜਾਣਗੀਆਂ ਜਿਸ ਨਾਲ ਮਸ਼ੀਨਾਂ ਦੀ ਕੁੱਲ ਗਿਣਤੀ 703 ਹੋ ਜਾਵੇਗੀ। ਸੁਸਾਇਟੀਆਂ ਹੁਣ ਛੋਟੇ ਕਿਸਾਨਾਂ ਨੂੰ ਵੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਸਬਸਿਡੀ ’ਤੇ ਮੁਹੱਈਆ ਕਰਵਾਉਣਗੀਆਂ।