ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 28 ਮਾਰਚ
ਕਣਕ ਦੀ ਸੁਚਾਰੂ, ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਆੜ੍ਹਤੀਆ ਐਸੋਸੀਏਸ਼ਨਾਂ, ਫੂਡ ਕਾਰਪੋਰੇਸ਼ਨ ਆਫ ਇੰਡੀਆ (ਐੱਫਸੀਆਈ) ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। ਮੀਟਿੰਗਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੀਜ਼ਨ ਦੌਰਾਨ ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸਥਾਨਕ ਬੱਚਤ ਭਵਨ ਵਿੱਚ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਖਰੀਦ 1 ਅਪਰੈਲ ਤੋਂ ਸ਼ੁਰੂ ਹੋ ਜਾਵੇਗੀ ਅਤੇ ਇਸ ਸਬੰਧੀ ਸਾਰੇ ਲੋੜੀਂਦੇ ਅਗੇਤੇ ਪ੍ਰਬੰਧ ਕਰ ਲਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਜ਼ਮੀਨੀ ਪੱਧਰ ’ਤੇ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਮੀਟਿੰਗ ਵਿੱਚ ਖੰਨਾ (ਏਸ਼ੀਆ ਦੀ ਸਭ ਤੋਂ ਵੱਡੀ ਮੰਡੀ), ਜਗਰਾਉਂ, ਸਾਹਨੇਵਾਲ, ਮਾਛੀਵਾੜਾ, ਰਾਏਕੋਟ, ਮੁੱਲਾਂਪੁਰ, ਦੋਰਾਹਾ ਸਣੇ ਹੋਰ ਇਲਾਕਿਆਂ ਦੇ ਆੜ੍ਹਤੀਆਂ ਨੇ ਸ਼ਮੂਲੀਅਤ ਕੀਤੀ। ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਆੜ੍ਹਤੀਆ ਐਸੋਸੀਏਸ਼ਨ ਦੇ ਮੈਂਬਰਾਂ ਤੋਂ ਸੁਝਾਅ ਵੀ ਮੰਗੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸੀਜ਼ਨ ਵਿੱਚ ਜ਼ਿਲ੍ਹੇ ਦੀਆਂ 109 ਅਨਾਜ ਮੰਡੀਆਂ ਵਿੱਚ ਕਰੀਬ 8.13 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ। ਸਾਹਨੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਖਰੀਦ ਜ਼ਮੀਨੀ ਪੱਧਰ ’ਤੇ ਬਿਨਾਂ ਕਿਸੇ ਦੇਰੀ ਤੋਂ ਯਕੀਨੀ ਬਣਾਈ ਜਾਵੇ।
ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਕੰਬਾਈਨਾਂ ਦੀ ਵਰਤੋਂ ’ਤੇ ਰੋਕ
ਡਿਪਟੀ ਕਮਿਸ਼ਨਰ ਸਾਹਨੀ ਨੇ ਹੁਕਮ ਜਾਰੀ ਕੀਤੇ ਹਨ ਕਿ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਖੇਤਾਂ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਈਨ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੰਬਾਈਨਾਂ ਦੀ ਵਰਤੋਂ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਕੀਤੀ ਜਾ ਸਕਦੀ ਹੈ। ਇਹ ਹੁਕਮ 1973 ਦੇ ਕ੍ਰਿਮੀਨਲ ਪ੍ਰੋਸੀਜਰ ਕੋਡ (ਸੀ.ਆਰ.ਪੀ.ਸੀ.) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਗਏ ਹਨ।
ਫਾਇਰ ਕੰਟਰੋਲ ਰੂਮ ਸਥਾਪਤ
ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਅਤੇ ਖੇਤਾਂ ਵਿੱਚ ਅੱਗ ਲੱਗਣ ਦੀ ਘਟਨਾ ਤੋਂ ਨੁਕਸਾਨ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਜ਼ਿਲ੍ਹੇ ਵਿੱਚ ਫਾਇਰ ਕੰਟਰੋਲ ਰੂਮ ਸਥਾਪਤ ਕੀਤੇ ਹਨ। ਇਸ ਵਿੱਚ ਦਫ਼ਤਰ ਡਿਪਟੀ ਕਮਿਸ਼ਨਰ ਲੁਧਿਆਣਾ 0161-2433100, ਐੱਸਡੀਐੱਮ ਪੱਛਮੀ 96460-08771, ਐੱਸਡੀਐੱਮ ਪੂਰਬੀ 0161-2400150, ਐੱਸਡੀਐੱਮ ਸਮਰਾਲਾ 01628-262100, ਐੱਸਡੀਐੱਮ ਖੰਨਾ 01628-221343, ਐੱਸਡੀਐੱਮ ਰਾਏਕੋਟ 99149-48223, ਐੱਸਡੀਐੱਮ ਪਾਇਲ 01628-271045, ਐੱਸਡੀਐੱਮ ਜਗਰਾਉਂ 01624-223230 ਆਦਿ ਨੰਬਰ ਸ਼ਾਮਲ ਹਨ।