ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਅਗਸਤ
ਸਿੱਖਿਆ ਵਿਭਾਗ ਦੇ ਕੱਚੇ ਦਫ਼ਤਰੀ ਮੁਲਾਜ਼ਮਾਂ ਨੇ ਆਪਣੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਸਬੰਧੀ ਸੰਘਰਸ਼ ਕਰਨ ਦਾ ਐਲਾਨ ਕਰਦਿਆਂ 18 ਅਗਸਤ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ।
ਅੱਜ ਇੱਥੇ ਈਸੜੂ ਭਵਨ ਵਿੱਚ ਸੂਬਾ ਪੱਧਰੀ ਮੀਟਿੰਗ ਹੋਈ, ਜਿਸ ਵਿੱਚ ਵੱਖ ਵੱਖ ਜ਼ਿਲ੍ਹਿਆ ਦੇ ਪ੍ਰਧਾਨ ਅਤੇ ਸਕੱਤਰ ਤੋਂ ਇਲਾਵਾ ਐਕਟਿਵ ਮੈਂਬਰ ਹਾਜ਼ਰ ਸਨ। ਇਸ ਮੌਕੇ ਸਰਵ ਸਿੱਖਿਆ ਅਭਿਆਨ, ਮਿੱਡ-ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਦੀਪ ਸਿੰਘ ਤੇ ਜਰਨਲ ਸਕੱਤਰ ਰਜਿੰਦਰ ਸਿੰਘ ਸੰਧਾ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨਾਲ ਕੀਤੀ ਮੀਟਿੰਗ ਵਿੱਚ ਫ਼ੈਸਲਾ ਲੈਣ ਦੇ ਬਾਵਜੂਦ ਕਰਮਚਾਰੀਆਂ ਦੀ ਤਕਰੀਬਨ 5000-6000 ਰੁਪਏ ਪ੍ਰਤੀ ਮਹੀਨਾ ਤਨਖਾਹ ਦੀ ਕਟੌਤੀ ਦੂਰ ਕਰਨ ਦਾ ਫ਼ੈਸਲਾ ਲਾਗੂ ਨਹੀਂ ਕਰ ਰਹੀ, ਜਿਸ ਕਰਕੇ ਮੁਲਾਜ਼ਮ ਵਰਗ ਵਿੱਚ ਰੋਸ ਹੈ।
ਉਨ੍ਹਾਂ ਕਿਹਾ ਕਿ ਮੁਲਾਜ਼ਮ ਤਨਖਾਹ ਕਟੌਤੀ, ਆਰਜ਼ੀ ਡਿਊਟੀਆਂ ਰੱਦ ਕਰਨ, ਰੈਗੂਲਰ ਕਰਨ ਅਤੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨ ਸਬੰਧੀ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਤੱਕ ਪਹੁੰਚ ਕਰ ਚੁੱਕੇ ਹਨ ਪਰ ਸਰਕਾਰ ਮਸਲੇ ਹੱਲ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਵੱਲੋਂ 15 ਜੂਨ 2022 ਨੂੰ ਤਨਖਾਹ ਕਟੌਤੀ ਖਤਮ ਕਰਨ ਦਾ ਫ਼ੈਸਲਾ ਲੈਣ ਦੇ ਬਾਵਜੂਦ ਵੀ ਲਾਗੂ ਨਹੀ ਕੀਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ‘ਆਪ’ ਨੇ ਸਰਕਾਰ ਬਨਣ ਤੋਂ ਪਹਿਲਾਂ ਕਈ ਵਾਅਦੇ ਕੀਤੇ ਸਨ, ਜਿਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਮੌਕੇ ਪ੍ਰਵੀਨ ਸ਼ਰਮਾ, ਸਰਬਜੀਤ ਸਿੰਘ, ਹਰਪ੍ਰੀਤ ਸਿੰਘ, ਜਗਮੋਹਨ ਸਿੰਘ, ਮੋਹਿਤ ਸ਼ਰਮਾ, ਹਰਦੇਵ ਸਿੰਘ, ਵਿਕਾਸ ਕੁਮਾਰ, ਮਲਕੀਤ ਸਿੰਘ, ਯੁਵਰਾਜ਼ ਸ਼ਰਮਾ, ਜਤਿਨ ਮਹਿਤਾ, ਰਮਨ ਭਗਤ, ਜਗਦੀਸ਼ ਰਾਏ, ਅਰੁਨ ਕੁਮਾਰ, ਸੁਖਵਿੰਦਰ ਕੋਰ ਅਤੇ ਸੰਗੀਤਾ ਰਾਣੀ ਹਾਜ਼ਰ ਸਨ।