ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 15 ਜੂਨ
ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ ਵੱਖ ਗੁਰੂ ਘਰਾਂ ਵਿੱਚ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ ਜਿਸ ਵਿੱਚ ਸੰਗਤ ਨੇ ਵਧ ਚੜ੍ਹ ਕੇ ਸ਼ਮੂਲੀਅਤ ਕਰਦਿਆਂ ਨਾਮ ਬਾਣੀ ਦਾ ਲਾਹਾ ਖੱਟਿਆ। ਇਸ ਮੌਕੇ ਗੁਰੂ ਘਰਾਂ ਵਿੱਚ ਮਿੱਸੇ ਪ੍ਰਸ਼ਾਦੇ ਅਤੇ ਦਹੀਂ-ਲੱਸੀ ਦੇ ਲੰਗਰ ਅਤੁੱਟ ਵਰਤਾਏ ਗਏ।
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅੰਮ੍ਰਿਤਪਾਲ ਸਿੰਘ, ਭਾਈ ਸੁਖਵੰਤ ਸਿੰਘ, ਭਾਈ ਪਵਨਦੀਪ ਸਿੰਘ ਕਾਨਪੁਰੀ, ਡਾ. ਅਲੰਕਾਰ ਸਿੰਘ, ਬੀਬੀ ਗੁਰਪ੍ਰੀਤ ਕੌਰ ਦੁੱਗਰੀ ਅਤੇ ਭਾਈ ਕੁਲਵਿੰਦਰ ਸਿੰਘ ਵੱਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ। ਗਿਆਨੀ ਕੁਲਵਿੰਦਰ ਸਿੰਘ ਨੇ ਗੁਰੂ ਸਾਹਿਬ ਦੇ ਜੀਵਨ ਬਾਰੇ ਰੋਸ਼ਨੀ ਪਾਈ ਅਤੇ ਨੌਜਵਾਨਾਂ ਨੂੰ ਸ਼ਬਦ ਗੁਰੂ ਨਾਲ ਜੁੜਨ ਦੀ ਅਪੀਲ ਕੀਤੀ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਪ੍ਰਿਤਪਾਲ ਸਿੰਘ ਨੇ ਰਾਗੀ ਜਥਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਰਜਿੰਦਰ ਕੌਰ ਖਾਲਸਾ, ਜਨਰਲ ਸਕੱਤਰ ਅਵਤਾਰ ਸਿੰਘ ਸਮੇਤ ਕਈ ਪ੍ਰਬੰਧਕ ਹਾਜ਼ਰ ਸਨ।
ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਹੋਏ ਸਮਾਗਮ ਦੌਰਾਨ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬੀਬੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਸਕਾਲ ਵੱਲੋਂ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ ਗਿਆ। ਢਾਡੀ ਜਥਿਆਂ ਨੇ ਵੀ ਹਾਜ਼ਰੀਆਂ ਭਰੀਆਂ। ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਸਿਟੀ ਐਨਕਲੇਵ, ਦੁੱਗਰੀ ਧਾਂਦਰਾ ਰੋਡ ਵਿਖੇ ਮੁੱਖ ਸੇਵਾਦਾਰ ਭਗਵਿੰਦਰ ਪਾਲ ਸਿੰਘ ਗੋਲਡੀ ਦੀ ਦੇਖ ਰੇਖ ਹੇਠ ਸਮਾਗਮ ਹੋਇਆ ਜਿਸ ਵਿੱਚ ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਇਸਤਰੀ ਸਤਿਸੰਗ ਜਥੇ ਨੇ ਰਸਭਿੰਨਾਂ ਕੀਰਤਨ ਕੀਤਾ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਹੋਏ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ, ਭਾਈ ਗਗਨਪ੍ਰੀਤ ਸਿੰਘ ਮੁਕਤਸਰ ਸਾਹਿਬ ਵਾਲੇ, ਭਾਈ ਸੁਰਿੰਦਰ ਸਿੰਘ ਸਹਿਜ, ਭਾਈ ਗੁਰਸਿਮਰਨ ਸਿੰਘ ਅਤੇ ਇਸਤਰੀ ਸਤਿਸੰਗ ਸੁਸਾਇਟੀਆਂ ਦੀਆਂ ਬੀਬੀਆਂ ਨੇ ਕੀਤਾ। ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਕ ਵਿਖੇ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਲਵਪ੍ਰੀਤ ਸਿੰਘ ਭੰਗੂ ਅਤੇ ਭਾਈ ਹਰਪ੍ਰੀਤ ਸਿੰਘ ਜੈਪੁਰ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਗਈ। ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਵੱਲੋਂ ਗੁਰਇਤਿਹਾਸ ਤੋਂ ਜਾਣੂ ਕਰਵਾਇਆ ਗਿਆ।