ਪੱਤਰ ਪ੍ਰੇਰਕ
ਜਗਰਾਉਂ, 8 ਜੁਲਾਈ
ਪਿੰਡ ਮਾਣੂੰਕੇ ਕੋਲ ਦੀ ਵੱਗਦੇ ਰਜਬਾਹੇ ’ਚੋਂ ਨੌਜਵਾਨ ਲੜਕੀ ਦੀ ਲਾਸ਼ ਮਿਲੀ ਹੈ। ਜਾਂਚ ਅਧਿਕਾਰੀ ਏਐੱਸਆਈ ਕੁਲਦੀਪ ਕੁਮਾਰ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਮਾਣੂੰਕੇ ਰਜਬਾਹੇ ’ਚ ਇੱਕ ਲੜਕੀ ਦੀ ਲਾਸ਼ ਤੈਰ ਰਹੀ ਹੈ। ਪੁਲੀਸ ਮੁਲਾਜ਼ਮਾਂ ਨੇ ਲਾਸ਼ ਬਾਹਰ ਕਢਵਾ ਕੇ ਸਥਾਨਕ ਸਿਵਲ ਹਸਪਤਾਲ ’ਚ ਸ਼ਨਾਖਤ ਲਈ ਰੱਖੀ। ਥਾਣਾ ਮੁਖੀ ਸਬ-ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੇ ਪੁਸ਼ਟੀ ਕੀਤੀ ਕਿ ਲੜਕੀ ਦੀ ਸ਼ਨਾਖਤ ਨਵਦੀਪ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਪਿੰਡ ਗੁੱਜਰਵਾਲ (ਲੁਧਿਆਣਾ) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਲੜਕੀ ਦੇ ਪਰਿਵਾਰ ਨਾਲ ਰਾਬਤਾ ਹੋ ਗਿਆ ਹੈ। ਲੜਕੀ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਲੜਕੀ ਬੀ.ਐੱਸ.ਸੀ ਦੀ ਪੜ੍ਹਾਈ ਕਰ ਰਹੀ ਸੀ ਤੇ ਪਿਛਲੇ ਇਮਤਿਹਾਨ ’ਚੋਂ ਸਪਲੀ ਆਉਣ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਪੁਲੀਸ ਅਧਿਕਾਰੀ ਅਨੁਸਾਰ ਪੋਸਟਮਾਰਟਮ ਕਰਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।