ਗੁਰਿੰਦਰ ਸਿੰਘ
ਲੁਧਿਆਣਾ, 17 ਮਾਰਚ
ਟਰੇਡ ਯੂਨੀਅਨਾਂ ਵੱਲੋਂ ਦਿੱਤੇ ਸੱਦੇ ਤਹਿਤ 28 ਅਤੇ 29 ਮਾਰਚ ਨੂੰ ਭਾਰਤ ਭਰ ਵਿੱਚ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਵਿੱਚ ਮਜ਼ਦੂਰ ਮੰਗਾਂ ਦੇ ਹੱਕ ਵਿੱਚ ਮੁਜ਼ਾਹਰੇ ਕਰਨਗੇ। ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ, ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ, ਇਨਕਲਾਬੀ ਮਜ਼ਦੂਰ ਕੇਂਦਰ, ਕਾਰਖਾਨਾ ਮਜ਼ਦੂਰ ਯੂਨੀਅਨ, ਲੋਕ ਏਕਤਾ ਸੰਗਠਨ ਅਤੇ ਆਜ਼ਾਦ ਹਿੰਦ ਨਿਰਮਾਣ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਇਸ ਹੜਤਾਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀਆਂ ਵੱਲੋਂ 29 ਮਾਰਚ ਨੂੰ ਸਮਰਾਲਾ ਚੌਕ ਵਿੱਚ 11 ਵਜੇ ਰੋਸ ਮੁਜ਼ਾਹਰਾ ਕਰਕੇ ਆਪਣੀਆਂ ਮੰਗਾਂ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਕਾਰਖਾਨਾ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਲਖਵਿੰਦਰ ਨੇ ਦੱਸਿਆ ਕਿ ਕੇਂਦਰ ਤੇ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਨੇ ਮਜ਼ਦੂਰ ਵਿਰੋਧੀ ਅਤੇ ਦੇਸੀ-ਵਿਦੇਸ਼ੀ ਕਾਰਪੋਰੇਟਾਂ ਅਤੇ ਸਰਮਾਏਦਾਰਾਂ ਪੱਖੀ ਆਰਥਿਕ ਨੀਤੀਆਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀ ਘੱਟੋ-ਘੱਟ ਤਨਖਾਹ 25 ਹਜ਼ਾਰ ਰੁਪਏ ਕਰਨ, ਚਾਰ ਨਵੇਂ ਕਿਰਤ ਕਾਨੂੰਨ (ਕੋਡ) ਰੱਦ ਕਰਨ, ਔਰਤਾਂ ਨੂੰ ਬਰਾਬਰ ਕੰਮ ਦੀ ਬਰਾਬਰ ਤਨਖਾਹ ਦੇਣ ਅਤੇ ਮਹਿੰਗਾਈ ਉੱਤੇ ਕਾਬੂ ਪਾਉਣ ਸਮੇਤ ਕਈ ਹੋਰ ਮੰਗਾਂ ਦੇ ਪੱਖ ’ਚ ਆਵਾਜ਼ ਚੁੱਕੀ ਜਾਵੇਗੀ।