ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 26 ਸਤੰਬਰ
ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਪੱਟੀ ਤੇ ਡਡੂਆਣਾ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਦਿੱਤੇ ਭਰੋਸੇ ਤੋਂ ਬਾਅਦ ਈਸਾਈ ਭਾਈਚਾਰੇ ਨੇ ਭਲਕੇ 27 ਸਤੰਬਰ ਨੂੰ ਦਿੱਤਾ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ।
ਸਥਾਨਕ ਬੱਚਤ ਭਵਨ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕ੍ਰਿਸਚੀਅਨ ਯੂਨਾਈਟਿਡ ਫੈਡਰੇਸ਼ਨ ਦੇ ਪ੍ਰਧਾਨ ਅਲਬਰਟ ਦੂਆ ਨੇ ਦੱਸਿਆ ਕਿ 23 ਸਤੰਬਰ ਨੂੰ ਚੰਡੀਗੜ੍ਹ ’ਚ ਏਡੀਜੀਪੀ (ਕਾਨੂੰਨ) ਨਾਲ ਹੋਈ ਮੀਟਿੰਗ ਦੌਰਾਨ ਸੀਨੀਅਰ ਪੁਲੀਸ ਅਧਿਕਾਰੀਆਂ ਨੇ ਮੁਲਜ਼ਮਾਂ ਨੂੰ ਛੇਤੀ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਸੀ ਜਿਸ ਤੋਂ ਬਾਅਦ ਈਸਾਈ ਭਾਈਚਾਰੇ ਨੇ ਧਰਨਾ ਸਮਾਪਤ ਕਰਨ ਦਾ ਫ਼ੈਸਲਾ ਕੀਤਾ ਹੈ।