ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 26 ਅਕਤੂਬਰ
ਵਿਵਾਦਿਤ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ਉੱਪਰ ਕਰੀਬ ਸਵਾ ਸਾਲ ਚੱਲੇ ਕਿਸਾਨ ਅੰਦੋਲਨ ਮੌਕੇ ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਖ਼ਿਲਾਫ਼ ਕਿਸਾਨ-ਮਜ਼ਦੂਰ ਪੱਕੇ ਮੋਰਚੇ ਉੱਪਰ ਡਟੀ ਬੀਬੀ ਮਹਿੰਦਰ ਕੌਰ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਪਹਿਲੀ ਬਰਸੀ ਜਮਹੂਰੀ ਕਿਸਾਨ ਸਭਾ ਵੱਲੋਂ ਸਹਿਯੋਗੀ ਜਥੇਬੰਦੀਆਂ ਨਾਲ ਮਿਲ ਕੇ ਮਨਾਈ ਗਈ। ਸ਼ੋਕ ਸਭਾ ਦੀ ਪ੍ਰਧਾਨਗੀ ਅਮਨਦੀਪ ਕੌਰ, ਕੁਲਵੰਤ ਕੌਰ ਅਤੇ ਪਰਮਜੀਤ ਕੌਰ ਨੇ ਕੀਤੀ। ਸ਼ਹੀਦ ਬੀਬੀ ਮਹਿੰਦਰ ਕੌਰ ਡੇਹਲੋਂ ਦੀ ਤਸਵੀਰ ਉੱਪਰ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਵਤਾਰ ਸਿੰਘ, ਮਨਜੀਤ ਕੌਰ, ਲਖਵਿੰਦਰ ਸਿੰਘ, ਰਣਜੀਤ ਕੌਰ ਨੂੰ ਲੋਈ ਭੇਟ ਕਰ ਕੇ ਸਨਮਾਨਤ ਕੀਤਾ ਗਿਆ।
ਬਰਸੀ ਸਮਾਗਮ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਆਗੂ ਰਘਵੀਰ ਸਿੰਘ ਬੈਨੀਪਾਲ, ਹਰਨੇਕ ਸਿੰਘ ਗੁੱਜਰਵਾਲ, ਡਾ. ਜਸਵਿੰਦਰ ਸਿੰਘ ਕਾਲਖ, ਪਰਮਜੀਤ ਕੌਰ ਕਿਲ੍ਹਾ ਰਾਏਪੁਰ ਨੇ ਕਿਹਾ ਕਿ ਵਿਵਾਦਿਤ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਨੂੰ ਜਿੱਤ ਤੱਕ ਲੈ ਕੇ ਜਾਣ ਲਈ ਕਿਰਤੀ ਲੋਕਾਂ ਨੇ ਆਪਣੀਆਂ ਜ਼ਿੰਦਗੀਆਂ ਲੇਖੇ ਲਾ ਦਿੱਤੀਆਂ। ਖ਼ੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਦੇ ਮੋਰਚੇ ’ਤੇ ਡਟੀ ਰਹੀ ਬੀਬੀ ਮਹਿੰਦਰ ਕੌਰ ਡੇਹਲੋਂ ਪਿਛਲੇ ਸਾਲ ਕੁਰਬਾਨ ਹੋ ਗਈ। ਬੀਬੀ ਮਹਿੰਦਰ ਕੌਰ ਨੇ ਹੱਡ ਚੀਰਦੀਆਂ ਠੰਢੀਆਂ ਰਾਤਾਂ, ਤਪਦੀਆਂ ਧੁੱਪਾਂ, ਮੀਂਹ ਅਤੇ ਝੱਖੜਾਂ ਦੀ ਪ੍ਰਵਾਹ ਨਹੀਂ ਕੀਤੀ। ਕਿਸਾਨ ਆਗੂ ਸੁਰਜੀਤ ਸਿੰਘ ਸੀਲੋਂ, ਅਮਰੀਕ ਸਿੰਘ ਜੜਤੌਲੀ, ਡਾ. ਪ੍ਰਦੀਪ ਜੋਧਾਂ, ਗੁਰਉਪਦੇਸ਼ ਸਿੰਘ ਘੁੰਗਰਾਣਾ ਅਤੇ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ ਨੇ ਵੀ ਸ਼ਰਧਾਂਜਲੀ ਭੇਟ ਕੀਤੀ।