ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 14 ਅਕਤੂਬਰ
ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਾਰਾਇਣ ਦੱਤ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਬੰਬੇ ਹਾਈ ਕੋਰਟ ਵੱਲੋਂ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਅਤੇ ਪ੍ਰਸਿੱਧ ਚਿੰਤਕ-ਵਿਦਵਾਨ ਡਾ. ਜੀਐੱਨ ਸਾਈ ਬਾਬਾ ਅਤੇ ਪੰਜ ਹੋਰ ਸਾਥੀਆਂ ਨੂੰ ਮਾਓਵਾਦੀਆਂ ਨਾਲ ਕਥਿਤ ਸਬੰਧਾਂ ਵਾਲੇ ਦੇਸ਼ਧ੍ਰੋਹ ਦੇ ਮਾਮਲੇ ਵਿੱਚ ਬਰੀ ਕਰਨ ਦੇ ਫ਼ੈਸਲਾ ਦਾ ਸਵਾਗਤ ਕੀਤਾ ਹੈ। ਉਨ੍ਹਾਂ ਉਮਰ ਕੈਦ ਸਜ਼ਾ ਰੱਦ ਕਰਨ ਦੇ ਫ਼ੈਸਲੇ ਨੂੰ ਜਮਹੂਰੀ ਸ਼ਕਤੀਆਂ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਇਨਕਲਾਬੀ ਜਮਹੂਰੀ ਹਲਕੇ ਵਰ੍ਹਿਆਂ ਤੋਂ ਮੰਗ ਕਰ ਰਹੇ ਸਨ ਕਿ ਮਨਘੜਤ ਕੇਸਾਂ ਵਿੱਚ ਉਲਝਾ ਕੇ ਪਿਛਲੇ ਪੰਜਾਂ ਸਾਲਾਂ ਤੋਂ ਜੇਲ੍ਹਾਂ ’ਚ ਬੰਦ ਕਾਰਕੁਨਾਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੰਬੇ ਹਾਈ ਕੋਰਟ ਵਿੱਚ ਕੇਂਦਰ ਦੀ ਫਾਸ਼ੀਵਾਦੀ ਹਕੂਮਤ ਦੇ ਝੂਠ ਅਤੇ ਪਾਖੰਡ ਦਾ ਪਰਦਾਫਾਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਠੋਸ ਸਬੂਤ ਦੇ ਪੰਜ ਜਮਹੂਰੀ ਕਾਰਕੁਨਾਂ ਨੂੰ ਪੰਜ ਸਾਲ ਲਈ ਜੇਲ੍ਹ ਵਿੱਚ ਡੱਕਣਾ ਇਹ ਸਾਬਤ ਕਰਦਾ ਹੈ ਕਿ ਇਸ ਮੁਲਕ ਵਿੱਚ ਜਮਹੂਰੀਅਤ ਨਾਂ ਦੀ ਕੋਈ ਚੀਜ਼ ਨਹੀਂ ਹੈ। ਆਗੂਆਂ ਨੇ ਮੰਗ ਕੀਤੀ ਕਿ ਪਿਛਲੇ ਤਿੰਨ-ਤਿੰਨ ਸਾਲਾਂ ਤੋਂ ਜੇਲ੍ਹ ਵਿੱਚ ਬੰਦ ਡੇਢ ਦਰਜਨ ਦੇ ਕਰੀਬ ਹੋਰ ਨਿਰਦੋਸ਼ ਬੁੱਧੀਜੀਵੀਆਂ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਵੇ।