ਖੇਤਰੀ ਪ੍ਰਤੀਨਿਧ
ਲੁਧਿਆਣਾ, 30 ਅਗਸਤ
ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਦੀ ਅਜ ਲੁਧਿਆਣਾ ਵਿੱਚ ਹੋਈ ਮੀਟਿੰਗ ਵਿੱਚ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਸਰਕਾਰੀ ਅਦਾਰਿਆਂ ‘ਚ ਪੜ੍ਹਾਉਣ ਵਾਲੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਹਰ ਸਾਲ ਅਧਿਆਪਕ ਦਿਵਸ ਮੌਕੇ ਤੇ ਸਨਮਾਨਿਤ ਕੀਤਾ ਜਾਂਦਾ ਹੈ ਪ੍ਰੰਤੂ ਨਿੱਜੀ ਖੇਤਰ ਦੇ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਕਦੇ ਕੋਈ ਸਨਮਾਨ ਦੇਣ ਦੀ ਕੋਸ਼ਿਸ਼ ਨਹੀਂ ਕੀਤੀ ਗਈ ਸਗੋਂ ਉਲਟਾ ਸ਼ਿਕੰਜਾ ਕੱਸ ਕੇ ਉਨ੍ਹਾਂ ਦੇ ਰੁਜ਼ਗਾਰ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਗਈ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ ਫੈਡਰੇਸ਼ਨ ਵੱਲੋਂ ਨਿੱਜੀ ਸਕੂਲਾਂ ਦੇ ਮਿਹਨਤੀ ਅਧਿਆਪਕਾਂ ਅਤੇ ਯੋਗ ਪ੍ਰਿੰਸੀਪਲਾਂ ਨੂੰ ਗਿਆਰਾਂ ਸਤੰਬਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿੱਚ ਕਰਵਾਏ ਜਾਣ ਵਾਲੇ ਸਨਮਾਨ ਸਮਾਰੋਹ ਵਿੱਚ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਸਕੂਲਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜਦੋਂ ਕਿ ਦੂਜੇ ਪੜਾਅ ਵਿੱਚ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਨਮਾਨ ਦਿੱਤਾ ਜਾਵੇਗਾ। ਮੀਟਿੰਗ ਵਿੱਚ ਕੰਵਲਜੀਤ ਸਿੰਘ ਢੀਂਡਸਾ ਸੰਗਰੂਰ, ਸੰਜੇ ਗੁਪਤਾ ਸੰਗਰੂਰ, ਅਨਿਲ ਮਿੱਤਲ ਪਟਿਆਲਾ ਹਾਜ਼ਰ ਸਨ।