ਨਾਜਾਇਜ਼ ਕਬਜ਼ੇ ਖ਼ਿਲਾਫ਼ ਵਫ਼ਦ ਬੀਡੀਪੀਓ ਨੂੰ ਮਿਲਿਆ
ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 7 ਜੁਲਾਈ
ਨੇੜਲੇ ਪਿੰਡ ਰਸੂਲਪੁਰ ਮੱਲ੍ਹਾ ਵਿੱਚ ਦਹਾਕਿਆਂ ਪੁਰਾਣੇ ਚਲਦੇ ਪੰਚਾਇਤੀ ਰਸਤੇ ’ਚ ਲੱਗੀਆਂ ਪੰਚਾਇਤੀ ਇੱਟਾਂ ਪੁੱਟ ਕੇ ਕਥਿਤ ਨਾਜਾਇਜ਼ ਕਬਜ਼ਾ ਕਰ ਕੇ ਰਸਤਾ ਬੰਦ ਕਰਨ ਦੇ ਮਾਮਲੇ ਖ਼ਿਲਾਫ਼ ਜਨਤਕ ਜਥੇਬੰਦੀਆਂ ਦਾ ਵਫ਼ਦ ਅੱਜ ਬੀਡੀਪੀਓ ਨੂੰ ਮਿਲਿਆ। ਵਫ਼ਦ ’ਚ ਸ਼ਾਮਲ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਸਕੱਤਰ ਜਸਦੇਵ ਸਿੰਘ ਲਲਤੋਂ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਅਵਤਾਰ ਸਿੰਘ ਤਾਰੀ ਨੇ ਦੱਸਿਆ ਕਿ ਰਸਤਾ ਬੰਦ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲ ਆ ਰਹੀ ਹੈ। ਆਗੂਆਂ ਨੇ ਬੀਡੀਪੀਓ ਨਾਲ ਮਸਲੇ ਨੂੰ ਜਲਦ ਨਾ ਸੁਲਝਾਉਣ ’ਤੇ ਨਾਰਾਜ਼ਗੀ ਜ਼ਾਹਿਰ ਕੀਤੀ ਤਾਂ ਬਲਾਕ ਵਿਕਾਸ ਪੰਚਾਇਤ ਅਫ਼ਸਰ ਨੇ ਇਕ ਦਿਨ ਅੰਦਰ ਪੰਚਾਇਤ ਸਕੱਤਰ ਨੂੰ ਰਿਪੋਰਟ ਦੇਣ ਦੀ ਹਦਾਇਤ ਕੀਤੀ ਹੈ। ਉਪਰੋਕਤ ਆਗੂਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਪ ਮੰਡਲ ਮੈਜਿਸਟਰੇਟ ਦੇ ਧਿਆਨ ’ਚ ਵੀ ਲਿਆਂਦਾ ਸੀ ਜੋ ਪਹਿਲਾਂ ਹੀ ਬੀਡੀਪੀਓ ਨੂੰ ਕਾਰਵਾਈ ਲਈ ਲਿਖ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਲਦ ਇਨਸਾਫ਼ ਨਾ ਮਿਲਣ ’ਤੇ ਉਹ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।
