ਸੰਗਤ ਨੇ ਨਾਮ ਬਾਣੀ ਦਾ ਲਾਹਾ ਖੱਟਿਆ
ਗੁਰਿੰਦਰ ਸਿੰਘ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਅਕਤੂਬਰ
ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਮੌਕੇ ਵੱਖ ਵੱਖ ਗੁਰੂਘਰਾਂ ਵਿੱਚ ਗੁਰਮਤਿ ਸਮਾਗਮ ਹੋਏ ਜਿਨ੍ਹਾਂ ਵਿੱਚ ਸੰਗਤ ਨੇ ਹਾਜ਼ਰੀਆਂ ਭਰਕੇ ਨਾਮ ਬਾਣੀ ਦਾ ਲਾਹਾ ਖੱਟਿਆ।
ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਚ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਮੁੱਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ਹੋਏ ਸਮਾਗਮ ਦੇ ਆਰੰਭ ਵਿੱਚ ਗੁਰਸ਼ਬਦ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਕੀਰਤਨ ਕੀਤਾ। ਸੰਤ ਬਾਬਾ ਅਮੀਰ ਸਿੰਘ ਨੇ ਕਿਹਾ ਕਿ ਗੁਰੂ ਰਾਮਦਾਸ ਜੀ ਨਿਮਰਤਾ ਦੇ ਪੁੰਜ ਸਨ ਜਿਨ੍ਹਾਂ ਨੇ ਬਾਣੀ ਦਾ ਅਮੁੱਲ ਭੰਡਾਰ ਮਨੁੱਖਤਾ ਦੀ ਝੋਲੀ ਵਿੱਚ ਪਾਇਆ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ। ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਦੁਰਗਾਪੁਰੀ ਹੈਬੋਵਾਲ ਕਲਾਂ ਵਿੱਚ ਹੋਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ। ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਜੀਤ ਸਿੰਘ ਨੇ ਸੰਗਤ ਨੂੰ ਨਿਹਾਲ ਕੀਤਾ। ਜਨਰਲ ਸਕੱਤਰ ਅਵਤਾਰ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।
ਰਾਗੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ