ਡੀ.ਪੀ.ਐੱਸ ਬੱਤਰਾ
ਸਮਰਾਲਾ, 13 ਨਵੰਬਰ
ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਨੇ ਅਗਲੀਆਂ ਫ਼ਸਲਾਂ ਦੀ ਬਿਜਾਈ ਲਈ ਯੂਰੀਆ ਸਣੇ ਹੋਰਨਾਂ ਖਾਦਾਂ ਦੀ ਪੈਦਾ ਕੀਤੀ ਘਾਟ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਅੱਜ ਸਮਰਾਲਾ ਸਥਿਤ ਸਹਿਕਾਰਤਾ ਵਿਭਾਗ ਦੇ ਸਹਾਇਕ ਰਜਿਸਟਰਾਰ ਦਾ ਦਫ਼ਤਰ ਘੇਰ ਲਿਆ। ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਖੀਰਨੀਆਂ ਦੀ ਅਗਵਾਈ ਵਿੱਚ ਕਿਸਾਨਾਂ ਨੇ ਏ.ਆਰ. ਸਮਰਾਲਾ ਦੇ ਦਫ਼ਤਰ ਅੱਗੇ ਪੱਕਾ ਧਰਨਾ ਆਰੰਭ ਕਰਦਿਆਂ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਖੀਰਨੀਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਰੇਲਵੇ ਟਰੈਕ ਖਾਲੀ ਕੀਤੇ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਮਾਲ ਗੱਡੀਆਂ ਨੂੰ ਇਸ ਲਈ ਰੋਕਿਆ ਹੋਇਆ ਹੈ ਤਾਂ ਕਿ ਕੋਲਾ ਅਤੇ ਖਾਦਾਂ ਦੀ ਘਾਟ ਪੈਦਾ ਕਰਕੇ ਪੰਜਾਬ ਅਤੇ ਪੰਜਾਬੀਆਂ ਤੋਂ ਬਦਲਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਕਿਸੇ ਵੀ ਬਦਲਾਖੋਰੀ ਵਾਲੀ ਕਾਰਵਾਈ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ ਅਤੇ ਕਿਸਾਨ ਕੇਂਦਰ ਅੱਗੇ ਨਹੀਂ ਝੁਕਣਗੇ। ਇਸ ਮੌਕੇ ਉਨ੍ਹਾਂ ਪ੍ਰਾਈਵੇਟ ਖਾਦ ਡੀਲਰਾਂ ਵੱਲੋਂ ਮੁਸ਼ਕਲ ਦੀ ਇਸ ਘੜੀ ਵਿੱਚ ਕਿਸਾਨਾਂ ਦੀ ਲੁੱਟ ਦੀ ਨਿੰਦਾ ਕਰਦਿਆਂ ਡੀਲਰਾਂ ਖਿਲਾਫ਼ ਵੀ ਮੋਰਚਾ ਖੋਲ੍ਹਦਿਆਂ ਉਨ੍ਹਾਂ ਨੂੰ ਸਬਕ ਸਿਖਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਝ ਡੀਲਰ ਮਹਿੰਗੇ ਭਾਅ ਯੂਰੀਆ ਅਤੇ ਖਾਦ ਵੇਚਣ ਸਮੇਤ ਕਿਸਾਨਾਂ ਦੀ ਮਜਬੂਰੀ ਦਾ ਫਾਇਦਾ ਚੁੱਕ ਰਹੇ ਹਨ ਤੇ ਕਿਸਾਨਾਂ ਨੂੰ ਹੋਰ ਬੇਲੋੜੀਆਂ ਖਾਦਾਂ ਤੇ ਬੀਜ ਜਬਰੀ ਵੇਚੇ ਜਾ ਰਹੇ ਹਨ।
ਧਰਨਿਆਂ ’ਤੇ ਡਟੇ ਕਿਸਾਨ
ਖੰਨਾ (ਜੋਗਿੰਦਰ ਸਿੰਘ ਓਬਰਾਏ): ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਕਰੀਬ ਡੇਢ ਮਹੀਨੇ ਤੋਂ ਆਰੰਭੇ ਸੰਘਰਸ਼ ਤਹਿਤ ਕਿਸਾਨ ਧਰਨਿਆਂ ‘ਤੇ ਡਟੇ ਹੋਏ ਹਨ। ਅੱਜ ਇਸ ਧਰਨੇ ਦੇ 41ਵੇਂ ਦਿਨ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰ, ਸਾਬਕਾ ਸੈਨਿਕਾਂ ਤੇ ਪੈਨਸ਼ਨਰਜ਼ ਜਥੇਬੰਦੀਆਂ ਵੱਲੋਂ ਸੰਘਰਸ਼ ਦੀ ਹਮਾਇਤ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਰਾਜਿੰਦਰ ਸਿੰਘ ਬੈਨੀਪਾਲ, ਗੁਰਦੀਪ ਸਿੰਘ ਭੱਟੀ ਤੇ ਹਰਮਿੰਦਰ ਸਿੰਘ ਰਾਹੋਣ ਨੇ ਕਿਹਾ ਕਿ ਜੇ ਕੇਂਦਰ ਦੀ ਕੇਂਦਰ ਨੇ ਕਿਸਾਨ ਵਿਰੋਧੀ ਕਾਨੂੰਨ ਵਾਪਸ ਨਾ ਲਏ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੋਵੇਗੀ।