ਜਗਜੀਤ ਕੁਮਾਰ
ਖਮਾਣੋਂ, 5 ਨਵੰਬਰ
ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਐਕਟ ਦੇ ਰੋਸ ਵਜੋ ਅੱਜ ਇੱਥੇ ਜ਼ਿਲ੍ਹਾ ਫਤਿਹਗੜ ਸਾਹਿਬ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਇਤਿਹਾਸਕ ਗੁਰਦੁਆਰਾ ਗੋਬਿੰਦਗੜ ਸਾਹਿਬ ਰਾਣਵਾਂ ਵਿੱਚ ਨੈਸ਼ਨਲ ਹਾਈਵੇ ਨੂੰ ਪੂਰੀ ਤਰ੍ਹਾਂ ਜਾਮ ਕੀਤਾ ਗਿਆ। ਧਰਨੇ ਵਿੱਚ ਕਿਸਾਨ ਜੱਥੇਬੰਦੀਆਂ ਤੋਂ ਇਲਾਵਾ ਸਹਿਕਾਰੀ ਸਭਾਵਾਂ ਯੂਨੀਅਨ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਅਤੇ ਆਂਗਨਵਾੜੀ ਵਰਕਰ ਯੂਨੀਅਨ ਪੰਜਾਬ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਮੌਦੀ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ 26 ਨਵੰਬਰ ਨੂੰ ਦਿੱਲੀ ਦੇ ਧਰਨੇ ਸਬੰਧੀ ਕਿਸਾਨਾਂ ਨੂੰ ਤਿਆਰੀਆਂ ਵਿੱਢਣ ਦੀ ਅਪੀਲ ਕੀਤੀ। ਚਮਕੌਰ ਸਾਹਿਬ (ਸੰਜੀਵ ਬੱਬੀ ) : ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਪਾਸ ਕੀਤੇ ਬਿਲਾਂ ਨੂੰ ਰੱਦ ਕਰਵਾਉਣ ਲਈ ਚਮਕੌਰ ਸਾਹਿਬ-ਰੂਪਨਗਰ ਸੜਕ ‘ਤੇ ਸਥਿਤ ਕਮਾਲਪੁਰ ਟੌਲ ਪਲਾਜ਼ਾ ’ਤੇ ਕਿਸਾਨਾਂ ਵੱਲੋਂ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂ ਦਰਸ਼ਨ ਸਿੰਘ ਝੱਲੀਆਂ, ਸਹਾਰਾ ਸੇਵਾ ਸੁਸਾਇਟੀ ਚਮਕੌਰ ਸਾਹਿਬ ਦੇ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਅਤੇ ਠੇਕੇਦਾਰ ਪ੍ਰਿਤਪਾਲ ਸਿੰਘ ਗੋਗਾ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਹਰ ਹੀਲੇ ਕਿਸਾਨਾਂ ਦੇ ਸੰਘਰਸ਼ ਅੱਗੇ ਝੁਕਣਾ ਹੀ ਪੈਣਾ, ਕਿਉਂਕਿ ਕਿਸਾਨਾਂ ਦਾ ਸੰਘਰਸ਼ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਦੇ ਚੱਕਾ ਜਾਮ ਸੱਦੇ ਤੋਂ ਬਾਅਦ ਜੋ ਵੀ ਭਰਾਤਰੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ, ਉਸ ਰਣਨੀਤੀ ਅਨੁਸਾਰ ਅਗਲਾ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ।
ਮੋਰਿੰਡਾ (ਸੰਜੀਵ ਤੇਜਪਾਲ): ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਮੋਰਿੰਡਾ ਇਲਾਕੇ ਦੇ ਕਿਸਾਨਾਂ ਵੱਲੋਂ ਚੰਡੀਗੜ-ਲੁਧਿਆਣਾ ਮਾਰਗ ’ਤੇ ਸਥਿਤ ਮੋਰਿੰਡਾ-ਚੁੰਨੀ ਚੌਕ ਵਿੱਚ ਚਾਰ ਘੰਟੇ ਤੱਕ ਧਰਨਾ ਦਿੱਤਾ ਅਤੇ ਆਵਾਜਾਈ ਬੰਦ ਰੱਖੀ। ਇਸ ਮੌਕੇ ਕਿਸਾਨ ਆਗੂ ਪਰਮਿੰਦਰ ਸਿੰਘ ਚਲਾਕੀ ਨੇ ਕਿਹਾ ਕਿ ਉਹ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਲਗਾਤਾਰ ਸੰਘਰਸ਼ ਕਰਦੇ ਰਹਿਣਗੇ ਅਤੇ ਖੇਤੀ ਬਿੱਲ ਰੱਦ ਕਰਵਾ ਕੇ ਹੀ ਦਮ ਲੈਣਗੇ। ਧਰਨੇ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਵੀ ਮੌਜੂਦ ਸਨ। ਇਸ ਮੌਕੇ ਰਣਧੀਰ ਸਿੰਘ ਮਾਜਰੀ, ਅਜੈਬ ਸਿੰਘ ਮੁੰਡੀਆਂ, ਭਿੰਦਰ ਸਿੰਘ ਮੁੰਡੀਆਂ, ਦਰਸ਼ਨ ਸਿੰਘ, ਜਰਨੈਲ ਸਿੰਘ, ਕਰਮ ਸਿੰਘ ਅਮਰਾਲੀ ਮੌਜੂਦ ਸਨ।
ਮੁੱਲਾਂਪੁਰ ਗਰੀਬਦਾਸ (ਚਰਨਜੀਤ ਸਿੰਘ ਚੰਨੀ): ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਅੱਜ 4 ਘੰਟਿਆਂ ਦੇ ਦਿੱਤੇ ਗਏ ਚੱਕਾ ਜਾਮ ਦੇ ਸੱਦੇ ਉਤੇ ਪੰਜਾਬ ਕਿਸਾਨ ਯੂਨੀਅਨ ਦੇ ਬੈਨਰ ਹੇਠ ਪਿੰਡ ਮੁੱਲਾਂਪੁਰ ਗਰੀਬਦਾਸ ਅਤੇ ਚੰਡੀਗੜ੍ਹ ਦੇ ਮੁੱਖ ਚੌਕ ਵਿੱਚ ਜਾਮ ਲਗਾਕੇ ਆਵਾਜਾਈ ਨੂੰ ਠੱਪ ਕੀਤਾ ਗਿਆ। ਆਗੂਆਂ ਨੇ ਸੰਬੋਧਨ ਕਰਦਿਆਂ ਮੋਦੀ ਸਰਕਾਰ ਦੀ ਆਲੋਚਨਾ ਕੀਤੀ। ਬੁਲਾਰਿਆਂ ਨੇ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ, ਮਜ਼ਦੂਰਾਂ ਸਮੇਤ ਹਰ ਵਰਗ ਨੂੰ ਤਬਾਹੀ ਦੇ ਕੰਢੇ ਲੈ ਕੇ ਜਾਣਗੇ। ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਦਿੱਲੀ ਜਾਣ ਦੇ ਸੱਦੇ ਵਿੱਚ ਸ਼ਮੂਲੀਅਤ ਕੀਤੀ ਜਾਵੇ। ਜਾਮ ਕਾਰਨ ਰਾਹਗੀਰਾਂ ਨੂੰ ਪਿੰਡਾਂ ਵਿਚੋਂ ਲੰਘ ਕੇ ਚੰਡੀਗੜ੍ਹ ਪਹੁੰਚਣਾ ਪਿਆ।
ਰਿਲਾਇੰਸ ਦੇ ਪੈਟਰੋਲ ਪੰਪ ਤੇ ਮਾਲਾਂ ਦਾ ਬਾਈਕਾਟ ਰਹੇਗਾ ਜਾਰੀ
ਰੂਪਨਗਰ (ਬਹਾਦਰਜੀਤ ਸਿੰਘ): ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਬਣਾਉਣ ਦੇ ਵਿਰੋਧ ਵਿੱਚ ਅੱਜ ਕਿਸਾਨ ਜੱਥੇਬੰਦੀਆਂ ਵੱਲੋਂ ਰੂਪਨਗਰ ਨੇੜੇ ਰੰਗੀਲਪੁਰ ਤੇ ਸਾਲਾਪੁਰ ਚੌਕ ਅਤੇ ਪਿੰਡ ਸਿੰਘ ਟੀ-ਪੁਆਇੰਟ ’ਤੇ ਕੌਮੀ ਸ਼ਾਹਰਾਹ ’ਤੇ ਚੱਕਾ ਜਾਮ ਕੀਤਾ ਗਿਆ। ਚੱਕਾ ਜਾਮ ਦੌਰਾਨ ਕਿਸਾਨਾਂ ਵੱਲੋਂ ਮੋਦੀ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਧੋਖਾ ਕਰ ਰਹੀ ਹੈ ਅਤੇ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨਾਂ ਦਾ ਸੋਸ਼ਣ ਕਰ ਰਹੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਜੱਸੜਾ, ਕਾਮਰੇਡ ਗੁਰਮੇਲ ਸਿੰਘ ਬਾੜਾ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਨਰਿੰਦਰ ਸਿੰਘ ਮਾਵੀ, ਨਰਿੰਦਰ ਸਿੰਘ ਕੰਗ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨ ਵਿਰੋਧੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਿਲਾਇੰਸ ਕੰਪਨੀ ਦੇ ਸ਼ੋਅ ਰੂਮ, ਰਿਲਾਇੰਸ ਪੈਟਰੋਲ ਪੰਪਾਂ ਦਾ ਬਾਈਕਾਟ ਜਾਰੀ ਰੱਖਿਆ ਜਾਵੇਗਾ।