ਖੇਤਰੀ ਪ੍ਰਤੀਨਿਧ
ਲੁਧਿਆਣਾ, 1 ਅਕਤੂਬਰ
ਗਡਵਾਸੂ ਦੇ ਨਾਨ-ਟੀਚਿੰਗ ਕਰਮਚਾਰੀ ਯੂਨੀਅਨ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਅਗਵਾਈ ਹੇਠ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਹੋਈ। ਮੀਟਿੰਗ ਵਿੱਚ ਛੇਵੇਂ ਪੇਅ ਕਮਿਸ਼ਨ ਨੂੰ ਲਾਗੂ ਕਰਨ ਲਈ ਗੱਲਬਾਤ ਹੋਈ। ਮੀਟਿੰਗ ਵਿੱਚ ਸ਼ਾਮਿਲ ਹੋਏ ਯੂਨੀਅਨ ਦੇ ਪ੍ਰਧਾਨ ਦੀਦਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਅਤੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਵਿੱਤ ਮੰਤਰੀ ਨੇ ਕਿਹਾ ਕਿ ਅਗਲੇ ਹਫ਼ਤੇ ਛੇਵੇਂ ਪੇਅ ਕਮਿਸ਼ਨ ਸਬੰਧੀ ਮੀਟਿੰਗ ਹੋ ਰਹੀ ਹੈ। ਇਸ ਵਿੱਚ ਗਡਵਾਸੂ ਦੇ ਨਾਨ-ਟੀਚਿੰਗ ਮੁਲਾਜ਼ਮਾਂ ਦੇ ਮੁੱਦੇ ਨੂੰ ਵੀ ਵਿਚਾਰਿਆ ਜਾਵੇਗਾ। ਉਨ੍ਹਾਂ ਨੇ ਮਾਮਲੇ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਮੁਲਾਜ਼ਮਾਂ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਛੇਵੇਂ ਪੇਅ ਕਮਿਸ਼ਨ ਅਨੁਸਾਰ ਤਨਖਾਹਾਂ ਅਤੇ ਹੋਰ ਭੱਤੇ ਦੇਣ ਦੀ ਮੰਗ ਨੂੰ ਲੈ ਕਿ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੀਏਯੂ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਲੱਗੇ ਮੁਲਾਜ਼ਮਾਂ ਨੂੰ ਛੇਵੇਂ ਪੇਅ ਕਮਿਸ਼ਨ ਤਹਿਤ ਤਨਖਾਹਾਂ ਤੇ ਭੱਤੇ ਮਿਲ ਰਹੇ ਹਨ, ਪਰ ਗਡਵਾਸੂ ਦੇ ਨਾਨ-ਟੀਚਿੰਗ ਸਟਾਫ਼ ਨਾਲ ਧੱਕਾ ਕੀਤਾ ਜਾ ਰਿਹਾ ਹੈ। ਇਸ ਮੰਗ ਨੂੰ ਪੂਰਾ ਕਰਵਾਉਣ ਲਈ ਇੰਨਾਂ ਮੁਲਾਜ਼ਮਾਂ ਵੱਲੋਂ ਕਈ ਵਾਰ ਰੋਸ ਪ੍ਰਦਰਸ਼ਨ ਅਤੇ ਭੁੱਖ ਹੜਤਾਲ ਤੱਕ ਵੀ ਕੀਤੀ ਜਾ ਚੁੱਕੀ ਹੈ।