ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 28 ਅਪਰੈਲ
ਪੁਰਾਣੇ ਸ਼ਹਿਰ ਦੇ ਭੀੜਭਾੜ ਵਾਲੇ ਇਲਾਕੇ ਮੀਨਾ ਬਾਜ਼ਾਰ ’ਚ ਵੀਰਵਾਰ ਦੀ ਸਵੇਰੇ ਪੰਜ ਮੰਜ਼ਿਲਾਂ ਬਿਲਡਿੰਗ ਦੀ ਤੀਸਰੀ ਮੰਜ਼ਿਲ ’ਤੇ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਆਸ-ਪਾਸ ਦੇ ਲੋਕਾਂ ਨੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਕਾਮਯਾਬ ਨਹੀਂ ਹੋ ਸਕੇ। ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਅਮਲੇ ਦੀਆਂ ਟੀਮਾਂ ਮੌਕੇ ’ਤੇ ਪੁੱਜੀਆਂ, ਜਿਨ੍ਹਾਂ ਨੇ ਕੁਝ ਸਮੇਂ ਬਾਅਦ ਅੱਗ ’ਤੇ ਕਾਬੂ ਪਾ ਲਿਆ। ਅੱਗ ਲੱਗਣ ਦਾ ਕਾਰਨ ਸ਼ਾਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ਬੁਝਾਊ ਵਿਭਾਗ ਦੇ ਕਰਮੀ ਜਾਂਚ ਕਰ ਅੱਗ ਲੱਗਣ ਦੇ ਕਾਰਨ ਦਾ ਪਤਾ ਲਾ ਰਹੇ ਹਨ। ਉਧਰ, ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਦੁਕਾਨ ਮਾਲਕ ਸ਼ੰਕਰ ਨੇ ਦੱਸਿਆ ਕਿ ਉਨ੍ਹਾਂ ਦੀ ਸ਼ੰਕਰ ਨਾਮ ਤੋਂ ਦੁਕਾਨ ਮੀਨਾ ਬਾਜ਼ਾਰ ’ਚ ਹੈ। ਪੰਜ ਮੰਜ਼ਿਲਾਂ ਬਿਲਡਿੰਗ ’ਚ ਉਨ੍ਹਾਂ ਨੇ ਮਾਲ ਰੱਖਿਆ ਹੈ। ਵੀਰਵਾਰ ਦੀ ਸਵੇਰੇ ਬਿਲਡਿੰਗ ਦੀ ਤੀਸਰੀ ਮੰਜ਼ਿਲ ’ਤੇ ਅਚਾਨਕ ਧੂੰਆਂ ਨਿਕਲਣ ਲੱਗਿਆ। ਆਸ-ਪਾਸ ਦੇ ਲੋਕਾਂ ਨੇ ਧੂੰਆ ਨਿਕਲਦਾ ਦੇਖ ਉਨ੍ਹਾਂ ਨੂੰ ਫੋਨ ਕੀਤਾ। ਜਦੋਂ ਤੱਕ ਉਹ ਮੌਕੇ ’ਤੇ ਪੁੱਜੇ ਤਾਂ ਅੱਗ ਫੈਲ ਚੁੱਕੀ ਸੀ। ਜਿਸ ਤੋਂ ਬਾਅਦ ਅੱਗ ’ਤੇ ਕਾਬੂ ਪਾਉਣ ਦੀ ਕੋੋਸ਼ਿਸ਼ ਕੀਤੀ ਗਈ, ਪਰ ਉਹ ਕਾਮਯਾਬ ਨਹੀਂ ਹੋ ਸਕੇ। ਸ਼ੰਕਰ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਉਨ੍ਹਾਂ ਦੀ ਦੁਕਾਨ ’ਚ ਪਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਦੁਕਾਨ ਮਾਲਕ ਨੇ ਕਿਹਾ ਕਿ ਤੀਸਰੀ ਮੰਜ਼ਿਲ ’ਤੇ ਮਾਲ ਘੱਟ ਸੀ, ਜੇਕਰ ਅੱਗ ਜ਼ਿਆਦਾ ਫੈਲ ਜਾਂਦੀ ਤਾਂ ਨੁਕਸਾਨ ਵੱਡਾ ਹੋ ਸਕਦਾ ਸੀ।