ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 21 ਸਤੰਬਰ
ਦਾਣਾ ਮੰਡੀ ਅੱਜ 15 ਮਿੰਟ ਦੇ ਮੀਂਹ ਤੋਂ ਬਾਅਦ ਜਲ-ਥਲ ਹੁੰਦੀ ਦਿਖਾਈ ਦਿੱਤੀ ਜਦਕਿ ਕਿਸਾਨ ਇੱਥੇ ਆਪਣੇ ਝੋਨੇ ਦੀ ਫ਼ਸਲ ਲੈ ਕੇ ਆਉਣੇ ਸ਼ੁਰੂ ਹੋ ਗਏ ਹਨ, ਜਿਨ੍ਹਾਂ ਨੂੰ ਪ੍ਰਾਈਵੇਟ ਏਜੰਸੀਆਂ ਵੱਲੋਂ ਖਰੀਦਿਆ ਵੀ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਮੰਡੀਆਂ ’ਚ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਮੰਡੀਆਂ ’ਚ ਪੁਖਤਾ ਪ੍ਰਬੰਧ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਅੱਜ ਕੇਵਲ 15 ਮਿੰਟ ਦੇ ਮੀਂਹ ਨੇ ਹੀ ਇਨ੍ਹਾਂ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ। ਮਾਛੀਵਾੜਾ ਅਨਾਜ ਮੰਡੀ ਦਾ ਸੀਵਰੇਜ ਪੂਰੀ ਤਰ੍ਹਾਂ ਬੰਦ ਹੋ ਚੁੱਕਿਆ ਹੈ ਅਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਫੜ ਝੀਲ ਦਾ ਰੂਪ ਧਾਰਨ ਕਰ ਗਏ ਹਨ। ਮਾਛੀਵਾੜਾ ਮੰਡੀ ਦੇ ਆੜ੍ਹਤੀਆਂ ਤੇ ਕਿਸਾਨਾਂ ਨੂੰ ਚਿੰਤਾ ਸਤਾਉਣ ਲੱਗ ਪਈ ਹੈ ਕਿ 1 ਅਕਤੂਬਰ ਤੋਂ ਝੋਨੇ ਦੀ ਆਮਦ ਹੋਰ ਜ਼ੋਰ ਫੜ ਲਵੇਗੀ ਤੇ ਜੇਕਰ ਸੀਵਰੇਜ ਸਿਸਟਮ ਠੀਕ ਨਾ ਹੋਇਆ ਤਾਂ ਵਿਕਣ ਆਈ ਫ਼ਸਲ ਦਾ ਭਾਰੀ ਨੁਕਸਾਨ ਹੋ ਸਕਦਾ ਹੈ। ਮਾਰਕੀਟ ਕਮੇਟੀ ਦੇ ਸਕੱਤਰ ਸੁਰਿੰਦਰ ਸਿੰਘ ਨੇ ਮੰਨਿਆ ਕਿ ਮੰਡੀ ਵਿੱਚ ਸੀਵਰੇਜ ਦੀ ਸਮੱਸਿਆ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਸੀਵਰੇਜ ਪਾਉਣ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ ਜੋ ਲੰਬੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਸੀਜ਼ਨ ਦੇ ਮੱਦੇਨਜ਼ਰ ਫਿਲਹਾਲ ਆਰਜ਼ੀ ਤੌਰ ’ਤੇ ਇਸ ਦਾ ਹੱਲ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਜਦੋਂ ਸੀਵਰੇਜ ਦਾ ਕੰਮ ਸ਼ੁਰੂ ਹੋਵੇਗਾ ਤਾਂ ਪੂਰੀ ਮੰਡੀਆਂ ਦੀਆਂ ਪਾਈਪਾਂ ਨੂੰ ਬਦਲਿਆ ਜਾਵੇਗਾ।