ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਸਤੰਬਰ
ਥਾਣਾ ਡਿਵੀਜ਼ਨ ਨੰਬਰ-5 ਦੀ ਪੁਲੀਸ ਨੇ ਅਦਾਲਤ ਨਾਲ ਜਾਅਲਸਾਜ਼ੀ ਕਰ ਕੇ ਮੁਲਜ਼ਮਾਂ ਦੀਆਂ ਫਰਜ਼ੀ ਜ਼ਮਾਨਤਾਂ ਕਰਵਾਉਣ ਦੇ ਮਾਮਲੇ ਵਿੱਚ ਤਿੰਨ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਨ੍ਹਾਂ ਵਿਅਕਤੀਆਂ ਵੱਲੋਂ ਫਰਜ਼ੀ ਜ਼ਮਾਨਤਾਂ ਲਈ ਮੋਟੀਆਂ ਰਕਮਾਂ ਵਸੂਲੀਆਂ ਜਾਂਦੀਆਂ ਸਨ।
ਸਬ ਇੰਸਪੈਕਟਰ ਨੀਰਜ ਚੌਧਰੀ ਨੇ ਦੱਸਿਆ ਕਿ ਪੁਲੀਸ ਨੂੰ ਈਸ਼ਵਰ ਨਗਰ ਵਾਸੀ ਸੁਸ਼ੀਲ ਕੁਮਾਰ ਨੇ ਸ਼ਿਕਾਇਤ ਦਿੱਤੀ ਸੀ ਕਿ ਮਨੀਸ਼ ਤਨੇਜਾ ਵਾਸੀ ਰਮੇਸ਼ ਨਗਰ ਬਸਤੀ ਜੋਧੇਵਾਲ ਖ਼ਿਲਾਫ਼ ਥਾਣਾ ਡਿਵੀਜ਼ਨ ਨੰਬਰ-7 ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਸ ਵੱਲੋਂ ਆਪਣੀ ਜ਼ਮਾਨਤ ਕਰਵਾਉਣ ਲਈ ਸੁਖਵਿੰਦਰ ਸਿੰਘ ਨਾਮ ਦਾ ਵਿਅਕਤੀ ਖੜ੍ਹਾ ਕਰਕੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਸੁਖਵਿੰਦਰ ਸਿੰਘ ਨਾਮ ਦੇ ਵਿਅਕਤੀ ਦੀ ਜ਼ਮੀਨ ਦੇ ਕਾਗ਼ਜ਼ ਵਗੈਰਾ ਭਰ ਕੇ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਲਗਾਈ ਗਈ ਸੀ। ਉਨ੍ਹਾਂ ਦੱਸਿਆ ਕਿ ਸੁਰਜੀਤ ਸਿੰਘ ਵਾਸੀ ਮੋਤੀ ਬਾਗ਼ ਕਾਲੋਨੀ ਅਤੇ ਸੁਖਵਿੰਦਰ ਸਿੰਘ ਨਾਮ ਦੇ ਵਿਅਕਤੀ ਜੇਲ੍ਹਾਂ ਵਿੱਚ ਬੰਦ ਮੁਲਜ਼ਮਾਂ ਨੂੰ ਰਿਹਾਅ ਕਰਾਉਣ ਲਈ ਗ਼ਲ਼ਤ ਦਸਤਾਵੇਜ਼ਾਂ ਦੇ ਆਧਾਰ ’ਤੇ ਜ਼ਮਾਨਤਾਂ ਕਰਾਉਂਦੇ ਸਨ ਅਤੇ ਮੋਟੀਆਂ ਰਕਮਾਂ ਵਸੂਲਦੇ ਸਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਵੱਲੋਂ ਇਸ ਗਰੋਹ ਦਾ ਪਰਦਾਫਾਸ਼ ਕਰਕੇ ਤਿੰਨਾਂ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।