ਸੰਤੋਖ ਗਿੱਲ
ਮੁੱਲਾਂਪੁਰ ਦਾਖਾ, 19 ਅਗਸਤ
ਆਪਣੇ ਪਿੰਡ ਮੰਡਿਆਣੀ ਵਿੱਚ ਨਸ਼ਿਆਂ ਵਿਰੁੱਧ ਚਟਾਨ ਬਣ ਕੇ ਖੜ੍ਹਨ ਵਾਲੀ ਸਰਪੰਚ ਗੁਰਪ੍ਰੀਤ ਕੌਰ ਹੋਰਨਾਂ ਲਈ ਵੀ ਪ੍ਰੇਰਨਾ ਸਰੋਤ ਬਣ ਗਈ ਹੈ। ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਬਿਹਤਰੀ ਲਈ ਸੱਚੇ ਦਿਲੋਂ ਕੰਮ ਕਰਨ ਵਾਲੇ ਸਭ ਲੋਕਾਂ ਦਾ ਪਾਰਟੀ ਰਾਜਨੀਤੀ ਤੋਂ ਉੱਪਰ ਉੱਠ ਕੇ ਸਨਮਾਨ ਕਰੇਗੀ ਅਤੇ ਉਨ੍ਹਾਂ ਦਾ ਸਾਥ ਵੀ ਦੇਵੇਗੀ। ਪੰਜਾਬ ਦੇ ਪੇਂਡੂ ਵਿਕਾਸ, ਪੰਚਾਇਤਾਂ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਮੰਡਿਆਣੀ ਦੀ ਸਰਪੰਚ ਗੁਰਪ੍ਰੀਤ ਕੌਰ ਦਾ ਸਨਮਾਨ ਕਰਨ ਲਈ ਰੱਖੇ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ। ਉਨ੍ਹਾਂ ਪਿੰਡ ਮੰਡਿਆਣੀ ਤੋਂ ਕਾਂਗਰਸ ਪਾਰਟੀ ਦੀ ਸਰਪੰਚ ਗੁਰਪ੍ਰੀਤ ਕੌਰ ਨੂੰ ਆਪਣੇ ਪਿੰਡ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਵਿੱਢਣ ਲਈ ਵਧਾਈ ਦਿੱਤੀ। ਪੰਚਾਇਤ ਮੰਤਰੀ ਧਾਲੀਵਾਲ ਨੇ ਪੰਚਾਇਤਾਂ ਨੂੰ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਹਰਦੀਪ ਸਿੰਘ ਮੁੰਡੀਆਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾਕਟਰ ਕੇਐੱਨਐੱਸ ਕੰਗ ਸਮੇਤ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਸਮਾਜਿਕ ਬੁਰਾਈ ਵਿਰੁੱਧ ਜੰਗ ਜਾਰੀ ਹੈ। ਉਨ੍ਹਾਂ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਨਵੀਂ ਦਿੱਲੀ ਏਅਰਪੋਰਟ ਤੱਕ ਸਰਕਾਰੀ ਬੱਸ ਸੇਵਾ ਅਤੇ ਗੈਂਗਸਟਰ ਸਭਿਆਚਾਰ ਵਿਰੁੱਧ ਸਖ਼ਤ ਕਾਰਵਾਈ ਦੇ ਚੋਣ ਵਾਅਦੇ ਪੂਰੇ ਕਰਨ ਦਾ ਦਾਅਵਾ ਕੀਤਾ।
ਬਾਲ ਘਰ ਤਲਵੰਡੀ ਖੁਰਦ ਪੁੱਜੇ ਪੰਚਾਇਤ ਮੰਤਰੀ
ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਸਵਾਮੀ ਗੰਗਾ ਨੰਦ ਭੂਰੀ ਵਾਲੇ ਦੇ ਅਦਾਰੇ ਐੱਸਜੀਬੀ ਬਾਲ ਘਰ ਧਾਮ ਤਲਵੰਡੀ ਖੁਰਦ ਪੁੱਜੇ। ਉਨ੍ਹਾਂ ਸਕੱਤਰ ਕੁਲਦੀਪ ਸਿੰਘ ਮਾਨ ਅਤੇ ਪ੍ਰਧਾਨ ਬੀਬੀ ਜਸਬੀਰ ਕੌਰ ਪਾਸੋਂ ਬੱਚਿਆਂ ਦੀ ਸਾਂਭ-ਸੰਭਾਲ ਅਤੇ ਲੋੜੀਂਦੀਆਂ ਸਹੂ਼ਲਤਾਂ, ਬੱਚਿਆਂ ਦੀ ਸੰਭਾਲ ਅਤੇ ਪੜ੍ਹਾਈ ’ਤੇ ਹੋਣ ਵਾਲੇ ਖਰਚਿਆਂ ਦਾ ਵੇਰਵਾ ਲੈਂਦਿਆਂ ਕਿਹਾ ਕਿ ਇਸ ਬਾਲ ਘਰ ‘ਚ ਮਾਨਵਤਾ ਦੀ ਸੱਚੀ ਸੇਵਾ ਹੋ ਰਹੀ ਹੈ। ਉਨ੍ਹਾਂ ਆਪਣੇ ਨਾਲ ਮੌਜੂਦ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੂੰ ਨਿਰਦੇਸ਼ ਦਿੱਤੇ ਕਿ ਬੱਚਿਆਂ ਦੀ ਭਲਾਈ ਲਈ ਕੰਮ ਕਰਦੀਆਂ ਸੰਸਥਾਵਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। ਪ੍ਰਸ਼ਾਸਨਿਕ ਤੌਰ ’ਤੇ ਲੋੜੀਂਦੀਆਂ ਸੁਵਿਧਾਵਾਂ ਦੀ ਪੂਰਤੀ ਲਈ ਐੱਸਜੀਬੀ ਫਾਊਂਡੇਸ਼ਨ ਨੂੰ ਸਹਿਯੋਗ ਦਿੱਤਾ ਜਾਵੇ।