ਦਵਿੰਦਰ ਜੱਗੀ
ਪਾਇਲ, 27 ਸਤੰਬਰ
ਇੱਥੋਂ ਨੇੜਲੇ ਪਿੰਡ ਹੋਲ ਦੇ ਸਰਕਾਰੀ ਮਿਡਲ ਸਕੂਲ ਵਿੱਚ ਅਧਿਆਪਕ ਨਾ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ।
ਯੂਨੀਅਨ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਹੋਲ ਨੇ ਦੱਸਿਆ ਸਰਕਾਰੀ ਮਿਡਲ ਸਕੂਲ ਹੋਲ ਦੀਆਂ ਛੇਵੀਂ, ਸੱਤਵੀਂ ਅਤੇ ਅੱਠਵੀਂ ਤਿੰਨਾਂ ਕਲਾਸਾਂ ਨੂੰ ਪੜ੍ਹਾਉਣ ਲਈ ਕੋਈ ਵੀ ਪੱਕਾ ਅਧਿਆਪਕ ਨਹੀਂ ਹੈ। ਹਾਈ ਸਕੂਲ ਬੀਪੁਰ ਤੋਂ ਸਿਰਫ਼ ਦੋ ਅਧਿਆਪਕ ਡੈਪੂਟੇਸ਼ਨ ’ਤੇ ਆਉਂਦੇ ਹਨ। ਤਿੰਨ ਕਲਾਸਾਂ ਦੇ ਅਲੱਗ ਅਲੱਗ ਵਿਸ਼ਿਆਂ ਨੂੰ ਪੜ੍ਹਾਉਣ ਲਈ ਦੋ ਅਧਿਆਪਕ ਕਾਫ਼ੀ ਨਹੀਂ ਹਨ। ਆਗੂਆਂ ਨੇ ਵਿਧਾਇਕ ਨੂੰ ਮੰਗ ਪੱਤਰ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਸਰਕਾਰ ਨੂੰ ਵੀ ਅਪੀਲ ਕੀਤੀ ਸੀ ਪਰ ਕਿਸੇ ਨੇ ਧਿਆਨ ਨਹੀਂ ਦਿੱਤਾ।
ਆਗੂਆਂ ਨੇ ਦੱਸਿਆ ਕਿ ਵਿਧਾਇਕ ਤਰਨਪ੍ਰੀਤ ਸਿੰਘ ਸੌਂਦ ਵੱਲੋਂ ਸਕੂਲ ਵਿੱਚ ਖਾਲੀ ਪਈਆਂ ਆਸਾਮੀਆਂ ਬਾਰੇ ਧਿਆਨ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਇਸ ਮਾਮਲੇ ਨੂੰ ਸਿੱਖਿਆ ਮੰਤਰੀ ਪੰਜਾਬ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ।