ਪੱਤਰ ਪ੍ਰੇਰਕ
ਮਾਛੀਵਾੜਾ, 18 ਜੁਲਾਈ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਇੱਥੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਪਏ ਭਾਰੀ ਮੀਂਹ ਨਾਲ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਤਬਾਹ ਹੋ ਗਈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਤਾਂ ਪਹਿਲਾਂ ਹੀ ਕਰਜ਼ੇ ਚੁੱਕ ਕੇ, ਮਹਿੰਗੇ ਡੀਜ਼ਲ ਫੂਕ ਅਤੇ ਮਹਿੰਗੇ ਬੀਜ ਖਰੀਦ ਕਰਕੇ ਝੋਨੇ ਦੀ ਲਵਾਈ ਕੀਤੀ ਸੀ ਅਤੇ ਉਪਰੋਂ ਹਰ ਸਾਲ ਥੋੜ੍ਹੀ ਬਰਸਾਤ ਪੈਣ ਕਾਰਨ ਖੇਤਾਂ ਵਿਚ ਪਾਣੀ ਭਰ ਜਾਂਦਾ ਹੈ ਜਿਸ ਦੀ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ ਹੈ। ਲੱਖੋਵਾਲ ਨੇ ਕਿਹਾ ਕਿ ਸਰਕਾਰ ਨੂੰ ਰੀਚਾਰਜ਼ ਪੁਆਇੰਟ ਬਣਾ ਕੇ ਪਾਣੀ ਸੰਭਾਲਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੇ ਸਰਕਾਰ ’ਤੇ ਭਰੋਸਾ ਕਰਕੇ ਹਜ਼ਾਰਾਂ ਏਕੜ ਮੂੰਗੀ ਦੀ ਫਸਲ ਦੀ ਬਿਜਾਈ ਕੀਤੀ ਸੀ ਪਰ ਮੂੰਗੀ ਦੇ ਨਕਲੀ ਬੀਜ ਅਤੇ ਖੇਤੀ ਵਿਭਾਗ ਦੀ ਅਣਗਿਹਲੀ ਕਾਰਨ ਕਿਸਾਨਾਂ ਦਾ ਨੁਕਸਾਨ ਹੋਇਆ। ਨਰਮੇ ਉੱਪਰ ਗੁਲਾਬੀ ਸੁੰਡੀ ਤੇ ਮਾੜੇ ਬੀਜਾਂ ਨਾਲ ਕਿਸਾਨਾਂ ਨੂੰ ਵੱਡਾ ਘਾਟਾ ਪਿਆ ਹੈ। ਇਸ ਲਈ ਸਰਕਾਰ ਇਨ੍ਹਾਂ ਸਾਰੀਆਂ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ 30,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਜਾਰੀ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਪੱਧਰ ’ਤੇ ਨੁਕਸਾਨ ਦਾ ਬੀਮਾ ਵੀ ਕਰੇ ਅਤੇ ਨਾਲ ਹੀ ਨਕਲੀ ਬੀਜ ਵੇਚਣ ਵਾਲਿਆਂ ਉੱਪਰ ਸਰਕਾਰ ਨੂੰ 302 ਦਾ ਪਰਚਾ ਦਰਜ ਕਰਨਾ ਚਾਹੀਦਾ ਹੈ।