ਗੁਰੂਸਰ ਸੁਧਾਰ (ਸੰਤੋਖ ਗਿੱਲ): ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਚੱਲ ਰਹੇ ਪੱਕੇ ਮੋਰਚੇ ਉੱਪਰ ਧਰਨਾਕਾਰੀਆਂ ਨੂੰ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਰਘਵੀਰ ਸਿੰਘ ਬੈਨੀਪਾਲ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਆਗੂ ਕੁਲਜੀਤ ਕੌਰ ਗਰੇਵਾਲ ਨੇ ਸੰਬੋਧਨ ਕੀਤਾ। ਉਨ੍ਹਾਂ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਉਨ੍ਹਾਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜਬਰ ਅਤੇ ਜ਼ੁਲਮ ਵਿਰੁੱਧ ਅਵਾਜ਼ ਬੁਲੰਦ ਕਰਦਿਆਂ ਜਾਨ ਦੀ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂਆਂ ਦੀ ਕੁਰਬਾਨੀ ਨਾਲ ਪ੍ਰਾਪਤ ਹੋਏ ਮਨੁੱਖੀ ਅਧਿਕਾਰਾਂ ਉੱਪਰ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣੇ ਡਾਕਾ ਮਾਰਨਾ ਚਾਹੁੰਦੇ ਹਨ। ਜਨਵਾਦੀ ਇਸਤਰੀ ਸਭਾ ਪੰਜਾਬ ਦੀ ਆਗੂ ਰਜਿੰਦਰ ਕੌਰ, ਅਮਨਦੀਪ ਕੌਰ, ਸੁਖਵਿੰਦਰ ਕੌਰ, ਜਮਹੂਰੀ ਕਿਸਾਨ ਸਭਾ ਦੇ ਆਗੂ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋਂ, ਅਮਰੀਕ ਸਿੰਘ ਜੜਤੌਲੀ, ਨੌਜਵਾਨ ਆਗੂ ਹਰਨੇਕ ਸਿੰਘ ਗੁੱਜਰਵਾਲ, ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕਿਹਾ ਏਕਤਾ ਸਦਕਾ ਕਿਸਾਨ-ਮਜ਼ਦੂਰ ਜਿੱਤ ਗਏ ਹਨ।