ਗਗਨਦੀਪ ਅਰੋੜਾ
ਲੁਧਿਆਣਾ, 15 ਜੁਲਾਈ
ਇੱਥੇ ਅੱਜ ਨਗਰ ਨਿਗਮ ਵਿੱਚ ਸਫ਼ਾਈ ਕਾਮਿਆਂ ਦੀ ਕਈ ਦਿਨਾਂ ਤੋਂ ਚਲ ਰਹੀ ਭੁੱਖ ਹੜਤਾਲ ਖ਼ਤਮ ਹੋ ਗਈ। ਸੂਬੇ ਦੀ ਸਭ ਤੋਂ ਵੱਡੀ ਨਗਰ ਨਿਗਮ ਲੁਧਿਆਣਾ ਵਿੱਚ ਕੱਚੇ ਤੌਰ ’ਤੇ ਕੰਮ ਕਰ ਰਹੇ ਸਫ਼ਾਈ ਕਰਮਚਾਰੀ, ਸੀਵਰਮੈਨਾਂ ਤੇ ਡਰਾਈਵਰਾਂ ਨੂੰ ਪੱਕਾ ਕਰਨ ਲਈ ਸੀਵਰਮੈਨ ਸਫ਼ਾਈ ਕਰਮਚਾਰੀ ਸੰਘਰਸ਼ ਕਮੇਟੀ ਦੀ ਚੱਲ ਰਹੀ ਕਈ ਦਿਨਾਂ ਦੀ ਭੁੱਖ ਹੜਤਾਲ ਨੂੰ ਅੱਜ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਖਤਮ ਕਰਵਾ ਦਿੱਤਾ। ਨਗਰ ਨਿਗਮ ਏ ਜ਼ੋਨ ਦੇ ਬਾਹਰ ਪੁੱਜੇ ਮੰਤਰੀ ਨੇ ਭੁੱਖ ਹੜਤਾਲ ’ਤੇ ਬੈਠੇ ਮੁਲਾਜ਼ਮਾਂ ਨੂੰ ਜੂਸ ਪਿਲਾ ਕੇ ਭੁੱਖ ਹੜਤਾਲ ਖਤਮ ਕਰਵਾਈ ਤੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਸਫਾਈ ਸੇਵਕਾਂ ਤੇ ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਆਉਣ ਵਾਲੇ ਕੁੱਝ ਦਿਨਾਂ ਵਿੱਚ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਸੀਵਰਮੈਨ ਸਫ਼ਾਈ ਕਰਮਚਾਰੀ ਸੰਘਰਸ਼ ਕਮੇਟੀ ਦੇ ਮੁਲਾਜ਼ਮਾਂ ਦੀ ਭੁੱਖ ਹੜਤਾਲ ਖ਼ਤਮ ਕਰਨ ਮੌਕੇ ਨਗਰ ਨਿਗਮ ਜ਼ੋਨ-ਏ ਦਫ਼ਤਰ ਦੇ ਬਾਹਰ ਐਲਾਨ ਕਰਦਿਆਂ ਮੰਤਰੀ ਡਾ. ਨਿੱਝਰ ਨੇ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਪਹਿਲਾਂ ਪਾਸ ਕੀਤੇ ਗਏ ਮਤੇ ਵਿੱਚ ਤਕਨੀਕੀ ਖਾਮੀ ਸੀ ਜਿਹੜੀ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਵਿੱਚ ਮੁੱਖ ਰੁਕਾਵਟ ਸੀ। ਉਨ੍ਹਾਂ ਕਿਹਾ ਕਿ ਨਿਗਮ ਨੂੰ ਅਗਲੀ ਹਾਊਸ ਮੀਟਿੰਗ ਦੌਰਾਨ ਇਸ ਸਬੰਧ ਵਿੱਚ ਨਵਾਂ ਮਤਾ ਪਾਸ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਇਸ ਤੋਂ ਬਾਅਦ ਪੰਜਾਬ ਸਰਕਾਰ ਸਾਰੀਆਂ ਰਸਮਾਂ ਪੂਰੀਆਂ ਕਰੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ, ਗੁਰਪ੍ਰੀਤ ਗੋਗੀ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ ਅਤੇ ਹਰਦੀਪ ਸਿੰਘ ਮੁੰਡੀਆਂ ਮੌਜੂਦ ਸਨ। ਇਸ ਮੌਕੇ ਸਫ਼ਾਈ ਕਰਮਚਾਰੀ ਸੰਘਰਸ਼ ਕਮੇਟੀ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਨੇ ਮੰਤਰੀ ਦੇ ਐਲਾਨ ਤੋਂ ਬਾਅਦ ਉਨ੍ਹਾਂ ਦਾ ਧੰਨਵਾਦ ਕੀਤਾ।
ਨਾਜਾਇਜ਼ ਕਲੋਨੀਆਂ ’ਤੇ ਬਣੇਗੀ ਯੋਜਨਾ : ਨਿੱਝਰ
ਲੁਧਿਆਣਾ (ਗਗਨਦੀਪ ਅਰੋੜਾ): ਸ਼ਹਿਰੀ ਇਲਾਕਿਆਂ ’ਚ ਬਣ ਚੁੱਕੀਆਂ ਨਾਜਾਇਜ਼ ਕਲੋਨੀਆਂ ’ਤੇ ਸਰਕਾਰ ਨਵੀਂ ਨੀਤੀ ਲਿਆਵੇਗੀ ਤਾਂ ਕਿ ਗਰੀਬ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਪਰ ਭਵਿੱਖ ’ਚ ਕਿਸੇ ਨਾਜਾਇਜ਼ ਕਲੋਨੀ ਦੀ ਉਸਾਰੀ ਨਹੀਂ ਹੋਣ ਦਿੱਤੀ ਜਾਵੇਗੀ। ਇਹ ਕਹਿਣਾ ਹੈ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਦਾ, ਜੋ ਅੱਜ ਲੁਧਿਆਣਾ ਦੇ ਦੌਰੇ ’ਤੇ ਆਏ ਸਨ। ਬਾਅਦ ਵਿੱਚ ਸਥਾਨਕ ਸਰਕਾਰਾਂ ਮੰਤਰੀ ਨੇ ਵਿਧਾਇਕਾਂ ਦੇ ਨਾਲ ਰੇਲਵੇ ਸਟੇਸ਼ਨ ਨੇੜੇ ਸਥਾਨਕ ਫਾਇਰ ਬ੍ਰਿਗੇਡ ਸਟੇਸ਼ਨ ਤੋਂ ਆਧੁਨਿਕ ਦਸ ਫਾਇਰ ਟੈਂਡਰਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸੇ ਤਰ੍ਹਾਂ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਡਾ. ਇੰਦਰਬੀਰ ਸਿੰਘ ਨਿੱਝਰ ਦੇ ਨਾਲ ਸ਼ਹਿਰ ਦੇ ਸਾਰੇ 95 ਵਾਰਡਾਂ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਲਈ 9.36 ਕਰੋੜ ਰੁਪਏ ਦੇ ਈ-ਰੇਹੜਾ ਪ੍ਰਾਜੈਕਟ ਦੀ ਸ਼ੁਰੂਆਤ ਵੀ ਵਾਹਨਾਂ ਨੂੰ ਝੰਡੀ ਦੇ ਕੇ ਕੀਤੀ ਗਈ।